‘ਆਪ’ ਆਗੂ ਗੁੰਮਰਾਹ ਅਤੇ ਏਜੰਡਾ ਰਹਿਤ: ਸੁਖਬੀਰ ਬਾਦਲ

ss1

‘ਆਪ’ ਆਗੂ ਗੁੰਮਰਾਹ ਅਤੇ ਏਜੰਡਾ ਰਹਿਤ: ਸੁਖਬੀਰ ਬਾਦਲ

ਪੰਜਾਬ ਵਿਚ ਉਦੋਂ ਹੀ ਤਰੱਕੀ ਹੋਈ ਜਦੋਂ ਸ. ਪ੍ਰਕਾਸ਼ ਸਿੰਘ ਬਾਦਲ ਨੇ ਸੇਵਾ ਸੰਭਾਲੀ

ਸੰਗਤ ਦਰਸ਼ਨ ਦੌਰਾਨ ਉੜਮੁੜ ਖੇਤਰ ਦੀਆਂ 70 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ

1-33

 

ਹੁਸ਼ਿਆਰਪੁਰ, 30 ਜੂਨ 2016 : ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਨੇ ਹਮੇਸ਼ਾਂ ਹੀ ਸਾਰੇ ਵਰਗਾਂ ਦੀ ਭਲਾਈ ਨੂੰ ਤਵੱਜੋਂ ਦਿੱਤੀ ਹੈ ਅਤੇ ਪੰਜਾਬ ਵਾਸੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਨਾਲ-ਨਾਲ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣਾ ਸਰਕਾਰ ਦੀ ਪ੍ਰਮੁੱਖ ਪਹਿਲ ਰਹੀ ਹੈ।
ਇੱਥੇ ਦੋ ਦਿਨਾਂ ਸੰਗਤ ਦਰਸ਼ਨ ਪ੍ਰੋਗਰਾਮ ਦੇ ਪਹਿਲੇ ਦਿਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਗੁੰਮਰਾਹ ਅਤੇ ਏਜੰਡਾ ਰਹਿਤ ਦੱਸਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਐਸਵਾਈਐਲ ਦੇ ਮੁੱਦੇ ‘ਤੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਆ ਕੇ ਪੰਜਾਬ ਦੇ ਕਿਸਾਨਾਂ ਦਾ ਸਾਥ ਦੇਣ ਦੀ ਗੱਲ ਕਹੀ ਅਤੇ ਦਿੱਲੀ ਜਾਂਦਿਆਂ ਹੀ ਉਹ ਆਪਣੇ ਬਿਆਨ ਤੋਂ ਮੁੱਕਰ ਗਿਆ। ਉਨ੍ਹਾਂ ਕਿਹਾ ਕਿ ਹੁਣ ਦਿੱਲੀ ਦੇ ਲੋਕ ਵੀ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਕਿਉਂ ਕਿ ਕੇਜਰੀਵਾਲ ਨੇ ਉਨ੍ਹਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਨਿਭਾਇਆ ਇਕ ਵੀ ਨਹੀਂ। ਉਨ੍ਹਾਂ ਕਿਹਾ ਕਿ ‘ਆਪ’ ਦਿੱਲੀ ਵਿਚ ਲਗਾਤਾਰ ਆਪਣਾ ਆਧਾਰ ਖੋ ਰਹੀ ਹੈ ਅਤੇ ਹਾਲ ਹੀ ਵਿਚ ਦਿੱਲੀ ਨਿਗਮ ਚੋਣਾਂ ਦੇ ਨਤੀਜਿਆਂ ਨੇ ਇਹ ਗੱਲ ਸਪੱਸ਼ਟ ਕਰ ਦਿੱਤੀ ਹੈ ਜਿੱਥੇ ਆਪ ਦੇ ਵੋਟ ਪ੍ਰਤੀਸ਼ਤ ਵਿਚ ਭਾਰੀ ਕਮੀ ਆਈ ਹੈ।

 

ਕਾਂਗਰਸ ਨੂੰ ਵੀ ਆੜੇ ਹੱਥੀਂ ਲੈਂਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਇਕ ਨਿਰਾਸ਼ ਆਗੂ ਹੈ ਕਿਉਂ ਕਿ ਸੱਤਾ ਪ੍ਰਾਪਤੀ ਦਾ ਉਸਦਾ ਸੁਪਨਾ ਦੋ ਵਾਰ 2007 ਤੇ 2012 ਵਿਚ ਬੁਰੀ ਤਰ੍ਹਾਂ ਟੁੱਟ ਚੁੱਕਾ ਹੈ ਅਤੇ 2017 ਵਿਚ ਵੀ ਉਸ ਨੂੰ ਕਰਾਰੀ ਹਾਰ ਝੱਲਣੀ ਪਵੇਗੀ। ਉਨ੍ਹਾਂ ਕੈਪਟਨ ਨੂੰ ਚੁਣੌਤੀ ਦਿੱਤੀ ਕਿ ਮੁੱਖ ਮੰਤਰੀ ਹੁੰਦਿਆਂ ਉਹ ਆਪਣੇ ਕਾਰਜਕਾਲ ਦਾ ਇਕ ਵੀ ਵਿਕਾਸ ਪ੍ਰੋਜੈਕਟ ਗਿਣਾ ਕੇ ਵਿਖਾ ਦੇਵੇ ਜਦਕਿ ਇਸ ਦੇ ਉਲਟ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਿਚ ਵਿਕਾਸ ਦੀ ਹਨ੍ਹੇਰੀ ਲਿਆ ਦਿੱਤੀ ਹੈ।

ਉਨ੍ਹਾਂ ਕਾਂਗਰਸ-ਆਪ ਨੂੰ ਪੰਜਾਬ ਵਿਰੋਧੀ ਪਾਰਟੀਆਂ ਦੱਸਦਿਆਂ ਕਿਹਾ ਕਿ ਇਨ੍ਹਾਂ ਦੋਵੇਂ ਪਾਰਟੀਆਂ ਨੇ ਪੰਜਾਬੀਆਂ ਨੂੰ ਨਸ਼ੇੜੀ ਕਹਿ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਦੱਸਿਆ ਕਿ 5 ਜੁਲਾਈ ਤੋਂ ਪੁਲਿਸ ਭਰਤੀ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ ਅਤੇ ਡਰੱਗ ਟੈਸਟਾਂ ਦੇ ਨਤੀਜਿਆਂ ਤੋਂ ਬਾਅਦ ਪੂਰੀ ਦੁਨੀਆਂ ਨੂੰ ਪਤਾ ਲੱਗ ਜਾਏਗਾ ਕਿ ਪੰਜਾਬ ਵਿਚ ਕੋਈ ਨਸ਼ਾ ਨਹੀਂ ਕਿਉਂ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਸਾਰੇ ਉਮੀਦਵਾਰ ਇਸ ਟੈਸਟ ‘ਚੋਂ ਸਾਫ-ਸੁਥਰੇ ਬਾਹਰ ਆਉਣਗੇ। ਉਨ੍ਹਾਂ ਕਿਹਾ ਕਿ ਡੇਢ ਸਾਲ ਪਹਿਲਾਂ ਪਟਿਆਲਾ ਵਿਖੇ ਫੌਜ ਦੀ ਭਰਤੀ ਦੌਰਾਨ ਇਕ ਵੀ ਪੰਜਾਬੀ ਨੌਜਵਾਨ ਨਸ਼ੱਈ ਨਹੀਂ ਪਾਇਆ ਗਿਆ ਸੀ ਜੋ ਕਿ ਸੱਤਾ ਦੇ ਭੁੱਖੇ ਉਨ੍ਹਾਂ ਲੋਕਾਂ ਨੂੰ ਮੂੰਹ ਤੋੜਵਾਂ ਜਵਾਬ ਹੈ ਜੋ ਕਿ ਸੱਤਾ ਲਈ ਪੰਜਾਬ ਨੂੰ ਬਦਨਾਮ ਕਰ ਰਹੇ ਹਨ।

       ਇਸ ਦੌਰਾਨ ਆਪਣੇ ਸੰਬੋਧਨ ਵਿਚ ਪੰਜਾਬ ਦੇ ਵਿਕਾਸ ਦੀ ਗੱਲ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਸਾਰੇ ਸ਼ਹਿਰਾਂ ਵਿਚ ਸੀਵਰੇਜ ਅਤੇ ਸਾਫ ਪੀਣ ਵਾਲੇ ਪਾਣੀ ਦੇ ਨਾਲ-ਨਾਲ ਸਮਾਜ ਦੇ ਸਾਰੇ ਵਰਗਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਉਦੋਂ ਹੀ ਹੋਇਆ ਹੈ ਜਦੋਂ-ਜਦੋਂ ਪੰਜਾਬ ਦੀ ਸੇਵਾ ਸ. ਪ੍ਰਕਾਸ਼ ਸਿੰਘ ਬਾਦਲ ਨੇ ਸੰਭਾਲੀ ਹੈ।

       ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਕਾਲੀ-ਭਾਜਪਾ ਸਰਕਾਰ ਨੇ ਬਹੁਤ ਅਹਿਮ ਨੀਤੀਆਂ ਲਾਗੂ ਕੀਤੀਆਂ ਅਤੇ ਵੱਖ-ਵੱਖ ਵਰਗਾਂ ਦੀਆਂ ਭਲਾਈ ਸਕੀਮਾਂ ਜਿਵੇਂ ਕਿ ਕਿਸਾਨਾਂ ਤੇ ਵਪਾਰੀਆਂ ਲਈ ਮੁਫਤ ਸਿਹਤ ਬੀਮਾ ਯੋਜਨਾ, ਐਸ.ਸੀ. ਪਰਿਵਾਰਾਂ ਨੂੰ ਬਿਜਲੀ ਦੇ ਮੁਫਤ 200 ਯੂਨਿਟ, ਆਟਾ-ਦਾਲ ਸਕੀਮ ਆਦਿ ਅਹਿਮ ਯੋਜਨਾਵਾਂ ਸਫਲਤਾਪੂਰਵਕ ਚੱਲ ਰਹੀਆਂ ਹਨ। ਭਾਰੀ ਇਕੱਠ ਨੂੰ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਕਾਸ ਦੇ ਚੱਲ ਰਹੇ ਇਹ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਤੀਜੀ ਵਾਰ 2017 ਦੀਆਂ ਚੋਣਾਂ ਜਿੱਤਣ ਤੋਂ ਬਾਅਦ ਵਿਕਾਸ ਦੀ ਗੱਡੀ ਹੋਰ ਗਤੀ ਫੜ੍ਹੇਗੀ।

       ਇਸ ਤੋਂ ਪਹਿਲਾਂ ਉੜਮੁੜ ਇਲਾਕੇ ਦੇ ਬੁੰਗਾ ਬਲਾਕ ਦੀਆਂ 70 ਪੰਚਾਇਤਾਂ ਨੂੰ ਉੱਪ ਮੁੱਖ ਮੰਤਰੀ ਨੇ 10 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਵਿਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਦੋ ਦਿਨਾਂ ਦੇ ਸੰਗਤ ਦਰਸ਼ਨ ਦੌਰਾਨ ਕੁੱਲ 30 ਕਰੋੜ ਰੁਪਏ ਦੀ ਰਾਸ਼ੀ ਵੱਖ-ਵੱਖ ਵਿਕਾਸ ਕਾਰਜਾਂ ਲਈ ਉੜਮੁੜ ਖੇਤਰ ਨੂੰ ਦਿੱਤੀ ਜਾਵੇਗੀ। ਸ. ਬਾਦਲ ਨੇ ਅਹਿਮ ਐਲਾਨ ਕਰਦਿਆਂ ਕਿਹਾ ਕਿ ਇਲਾਕੇ ਦੇ ਜਿਨ੍ਹਾਂ ਪਿੰਡਾਂ ਵਿਚ ਪਾਣੀ ਦੀ ਕਮੀ ਪਾਈ ਜਾਵੇਗੀ ਉੱਥੇ ਟੈਂਕਰਾਂ ਰਾਹੀਂ ਪਾਣੀ ਪਹੁੰਚਾਇਆ ਜਾਵੇਗਾ।

       ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਪਾਰਲੀਮਾਨੀ ਸਕੱਤਰ ਬੀਬੀ ਮੋਹਿੰਦਰ ਕੌਰ ਜੋਸ਼ ਅਤੇ ਸੁਖਜੀਤ ਕੌਰ ਸ਼ਾਹੀ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੀਕਸ਼ਣ ਸੂਦ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਉੱਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਪੀ.ਐਸ. ਔਜਲਾ, ਡਿਪਟੀ ਕਮਿਸ਼ਨਰ ਅਨੰਦਿਤਾ ਮਿਤਰਾ, ਐਸਐਸਪੀ ਕੁਲਦੀਪ ਸਿੰਘ ਚਾਹਲ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਵਾਹਰਲਾਲ ਖੁਰਾਣਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ-ਭਾਜਪਾ ਆਗੂ ਹਾਜ਼ਰ ਸਨ।

Share Button

Leave a Reply

Your email address will not be published. Required fields are marked *