Fri. May 24th, 2019

‘ਆਪ’ ਵੱਲੋਂ ਕੈਪਟਨ ਨੂੰ ਅਲਟੀਮੇਟਮ

‘ਆਪ’ ਵੱਲੋਂ ਕੈਪਟਨ ਨੂੰ ਅਲਟੀਮੇਟਮ

ਚੰਡੀਗੜ੍ਹ :  ਆਮ ਆਦਮੀ ਪਾਰਟੀ ਨੇ ਕੈਬਿਨਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਆਪਣੇ ਨੌਕਰਾਂ ਰਾਹੀਂ ਰੇਤ ਬਜਰੀ ਦੀਆਂ ਖੱਡਾਂ ਦੇ ਬੇਨਾਮੀ ਠੇਕੇ ਲੈਣ ਦੇ ਮਾਮਲੇ ਉੱਤੇ ਕੈਪਟਨ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਹੈ ਕਿ ਜੇਕਰ  29 ਮਈ ਤੱਕ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਦੇ ਅਹੁਦੇ ਤੋਂ ਨਹੀਂ ਹਟਾਇਆ ਜਾਂਦਾ ਤਾਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਐਚ.ਐਸ ਫੂਲਕਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਧਾਨ ਸਭਾ ਤੋਂ ਮੁੱਖ ਮੰਤਰੀ ਦੀ ਸਰਕਾਰ ਰਿਹਾਇਸ਼ ਤੱਕ ਰੋਸ ਮਾਰਚ ਕਰਨਗੇ।
 ਸ਼ੁੱਕਰਵਾਰ ਨੂੰ ਫੂਲਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਬਰਖ਼ਾਸਤ ਕਰਨ ਅਤੇ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਮੰਤਰੀਆਂ ਅਤੇ ਆਗੂਆਂ ਵੱਲੋਂ ਕੀਤੇ ਗਏ ਅਜਿਹੇ ਬੇਨਾਮੀ ਅਤੇ ਨਜਾਇਜ਼ ਕਾਰੋਬਾਰ ਦੀ ਸਮਾਂਬੱਧ ਜਾਂਚ ਲਈ ਵਿਸ਼ੇਸ਼ ਜਾਂਚ ਕਮੇਟੀ ਗਠਿਤ ਕਰਨ ਦੀ ਮੰਗ ਕੀਤੀ ਗਈ ਹੈ।
ਫੂਲਕਾ ਨੇ ਕਿਹਾ ਕਿ ਸੱਤਾਧਾਰੀ ਪਾਰਟੀਆਂ ਦੇ ਆਗੂਆਂ ਅਤੇ ਮੰਤਰੀਆਂ ਵੱਲੋਂ ਸਰਕਾਰੀ ਕਾਰੋਬਾਰ ਅਤੇ ਰੇਤਾ-ਬਜਰੀ ਸਮੇਤ ਹੋਰ ਠੇਕੇ ਬੇਨਾਮੀ ਲੈਣ ਦੀ ਗੈਰ ਕਾਨੂੰਨੀ ਰਿਵਾਇਤ ਲੋਕਤੰਤਰ ਲਈ ਖ਼ਤਰਾ ਹੈ। ਫੂਲਕਾ ਨੇ ਯਾਦ ਕਰਵਾਇਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵਿੱਚ ਇਹ ਵਰਤਾਰਾ ਆਮ ਰਿਹਾ ਹੈ।
ਫੂਲਕਾ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਦੀ ਪਰਿਵਾਰਕ ਕੰਪਨੀ ਵੱਲੋਂ ਪੀ.ਐਸ.ਪੀ.ਸੀ.ਐਲ. ਨੂੰ ਬਿਜਲੀ ਵੇਚ ਕੇ ‘ਕਨਫਲਿਕਟ ਆਫ ਇਨਟਰਸਟ’ ਦੀ ਉਲੰਘਣਾ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਸ਼ਿਕਾਇਤ ਦੇ ਬਾਵਜੂਦ ਇਸ ਮੁੱਦੇ ਉੱਤੇ ਕੋਈ ਕਾਰਵਾਈ ਨਹੀਂ ਕੀਤੀ ਗਈ।

Leave a Reply

Your email address will not be published. Required fields are marked *

%d bloggers like this: