ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਚੇਤਨਾ ਫੇਰੀ ਆਯੋਜਿਤ ਕੀਤੀ

ss1

ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਚੇਤਨਾ ਫੇਰੀ ਆਯੋਜਿਤ ਕੀਤੀ

ਦਿੜ੍ਹਬਾ ਮੰਡੀ 21 ਅਪ੍ਰੈਲ (ਰਣ ਸਿੰਘ ਚੱਠਾ) – ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਵਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸੰਬਧੀ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿੱਧੂ ਮੈਮੋਰੀਅਲ ਪਬਲਿਕ ਸਕੂਲ, ਪਿੰਡ ਸ਼ੇਰੋਂ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਸਕੂਲ ਦੇ ਬੱਚਿਆਂ ਨੂੰ ਨਾੜ ਸਾੜਣ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਉਨਾਂ ਦੱਸਿਆ ਕਿ ਨਾੜ ਨੂੰ ਅੱਗ ਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜ਼ਮੀਨ ਵਿਚਲੇ ਖੁਰਾਕੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਬਹੁਤ ਕਿਸਮ ਦੇ ਮਿੱਤਰ ਕੀੜੇ ਮਰ ਜਾਂਦੇ ਹਨ। ਉਨ੍ਹਾਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਖੇਤ ਵਿੱਚ ਹੀ ਵਾਹ ਕੇ ਭੂਮੀ ਅਤੇ ਵਾਤਾਵਰਣ ਬਚਾਉਣ ਦਾ ਹੋਕਾ ਦਿੱਤਾ। ਉਨਾਂ ਸਕੂਲ ਦੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਸਭ ਇਸ ਮੁਹਿੰਮ ਦੇ ਸੰਦੇਸ਼ ਵਾਹਕ ਬਣ ਕੇ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ, ਸਾਥੀਆਂ ਅਤੇ ਪਿੰਡਾਂ ਵਿੱਚ ਹੋਰਨਾਂ ਲੋਕਾਂ ਤੱਕ ਪਹੁੰਚਾ ਕੇ ਇਸ ਮੁਹਿੰੰਮ ਨੂੰ ਸਫਲ ਬਣਾਉਣ। ਸਿੱਧੂ ਮੈਮੋਰੀਅਲ ਪਬਲਿਕ ਸਕੂਲ ਦੇ ਪ੍ਰਿਸੀਪਲ ਅਤੇ ਅਗਾਂਹਵਧੂ ਕਿਸਾਨ ਮਹਿੰਦਰ ਸਿੰਘ ਸਿੱਧੂ ਨੇ ਵੀ ਕਣਕ ਦੇ ਨਾੜ ਨੂੰ ਪਿਛਲੇ ਦਸ ਸਾਲਾਂ ਤੋਂ ਖੇਤ ਵਿੱਚ ਵਾਹੁਣ ਦੇ ਫਾਇਦੇ ਸਾਂਝੇ ਕੀਤੇ ਅਤੇ ਸਮੂਹ ਕਿਸਾਨੀ ਭਾਈਚਾਰੇ ਨੂੰ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ।

ਇਸ ਮੌਕੇ ਡਾ ਮੋਨਿਕਾ ਚੌਧਰੀ, ਡਾ ਸਤਬੀਰ ਸਿੰਘ ਅਤੇ ਡਾ ਰਵਿੰਦਰ ਕੌਰ ਨੇ ਵੀ ਬੱਚਿਆਂ ਨੂੰ ਸੰਬੋਧਨ ਕੀਤਾ। ਬੁਲਾਰਿਆਂ ਨੇ ਦੱਸਿਆ ਕਿ ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਬਹੁਤ ਸਾਰੀਆਂ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ ਜੋ ਕਿ ਅੱਖਾਂ ਅਤੇ ਫੇਫੜਿਆਂ ਦੀਆਂ ਗੰਭੀਰ ਬੀਮਾਰੀਆਂ ਦਾ ਕਾਰਣ ਬਣਦੀਆਂ ਹਨ। ਇਸ ਮੌਕੇ ਕੇ.ਵੀ.ਕੇ. ਦੇ ਸਮੂਹ ਸਟਾਫ਼ ਵਲੋਂ ਕਣਕ ਦੇ ਬਚੇ ਹੋਏ ਨਾੜ ਨੂੰ ਅੱਗ ਨਾ ਲਗਾਉਣ ਦੇ ਸੁਨੇਹੇ ਨੂੰ ਸਕੂਲ ਦੇ ਸਟਾਫ਼ ਅਤੇ ਬੱਚਿਆਂ ਦੇ ਸਹਿਯੋਗ ਨਾਲ ਪਿੰਡ ਸ਼ੇਰੋਂ ਵਿੱਚ ਜਾਗਰੂਕਤਾ ਰੈਲੀ ਕੱਢ ਕੇ ਘਰ-ਘਰ ਤੱਕ ਪਹੁੰਚਾਉਣ ਦਾ ਅਤੇ ਲੋਕਾਂ ਨੂੰ ਜਾਗਰੂਕ ਕਰਨ ਦਾ ਜੋਸ਼ ਭਰਿਆ ਯਤਨ ਕੀਤਾ ਗਿਆ। ਇਸ ਰੈਲੀ ਵਿੱਚ ਪਿੰਡ ਦੀ ਸਹਿਕਾਰੀ ਸਭਾ ਦੇ ਪ੍ਰਧਾਨ ਸ. ਜਸਬੀਰ ਸਿੰਘ, ਮੀਤ ਪ੍ਰਧਾਨ ਗੁਰਜੀਤ ਸਿੰਘ, ਸੈਕਟਰੀ ਸੁਖਵੰਤ ਸਿੰਘ, ਕਰਮਜੀਤ ਸਿੰਘ, ਹਾਕਮ ਸਿੰਘ ਆਦਿ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ।

Share Button

Leave a Reply

Your email address will not be published. Required fields are marked *