Sun. Oct 20th, 2019

ਕੇਂਦਰ ਸਰਕਾਰ ਵੱਲੋਂ ਸਿੱਖਾਂ ਦੀ ਵਿਵਾਦਤ ‘ਸਿੱਖ ਕਾਲੀ ਸੂਚੀ’ ਰੱਦ ਕਰਨ ਦਾ ਫੈਸਲਾ ਦਾ ਕੈਪਟਨ ਅਮਰਿੰਦਰ ਨੇ ਕੀਤਾ ਸਵਾਗਤ

ਕੇਂਦਰ ਸਰਕਾਰ ਵੱਲੋਂ ਸਿੱਖਾਂ ਦੀ ਵਿਵਾਦਤ ‘ਸਿੱਖ ਕਾਲੀ ਸੂਚੀ’ ਰੱਦ ਕਰਨ ਦਾ ਫੈਸਲਾ ਦਾ ਕੈਪਟਨ ਅਮਰਿੰਦਰ ਨੇ ਕੀਤਾ ਸਵਾਗਤ

ਚੰਡੀਗੜ੍ਹ,13 ਸਿਤੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਸਿੱਖਾਂ ਦੀ ਵਿਵਾਦਤ ‘ਕਾਲੀ ਸੂਚੀ’ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਜਿਹੜੀ ਕਿ ਸਿੱਖ ਭਾਈਚਾਰੇ ਪ੍ਰਤੀ ਬਿਲਕੁਲ ਪੱਖਪਾਤੀ ਵਾਲੀ ਗੱਲ ਸੀ ਅਤੇ ਜਿਸ ਨੂੰ ਰੱਦ ਕਰਨ ਦਾ ਫੈਸਲਾ ਭਾਰਤ ਸਰਕਾਰ ਨੇ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਨਿਰੰਤਰ ਕੋਸ਼ਿਸ਼ਾਂ ਤੇ ਮੰਗ ਦੇ ਸਿੱਟੇ ਵਜੋਂ ਲਿਆ ਹੈ।
ਸੂਬਾ ਸਰਕਾਰ ਦੀ ਮੰਗ ਅਤੇ ਦਲੀਲ ਨੂੰ ਮੰਨਦਿਆਂ ਕੇਂਦਰ ਸਰਕਾਰ ਨੇ ਲੱਗਭੱਗ ਸਾਰੀ ਸੂਚੀ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ ਜਿਸ ਵਿੱਚ ਵਿਦੇਸ਼ਾਂ ਵਿੱਚ ਵਸਦੇ 314 ਸਿੱਖ ਸ਼ਾਮਲ ਸਨ। ਹੁਣ ਸਿਰਫ ਦੋ ਵਿਅਕਤੀਆਂ ਦੇ ਨਾਮ ਰਹਿ ਗਏ ਹਨ ਜਿਹੜੇ ਪੰਜਾਬ ਨਾਲ ਸਬੰਧਤ ਨਹੀਂ ਹਨ। ਕੇਂਦਰ ਸਰਕਾਰ ਨੇ ਵੱਖ-ਵੱਖ ਦੇਸ਼ਾਂ ਵਿੱਚ ਸਬੰਧਤ ਭਾਰਤੀ ਮਿਸ਼ਨਾਂ ਵੱਲੋਂ ਸਥਾਨਕ ਪ੍ਰਤੀਕੂਲ ਸੂਚੀਆਂ ਦੇ ਰੱਖ-ਰਖਾਵ ਦੇ ਅਮਲ ਨੂੰ ਵੀ ਬੰਦ ਕਰ ਦਿੱਤਾ ਹੈ।
ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ ਕਿ ਸੂਬਾ ਸਰਕਾਰ ਵੱਲੋਂ ਸੂਚੀ ਰੱਦ ਕਰਨ ਦੀ ਕੀਤੀ ਜਾ ਰਹੀ ਮੰਗ ਨੂੰ ਕੁੱਲ ਮਿਲਾ ਕੇ ਮੰਨ ਲਿਆ ਹੈ ਜਿਸ ਨਾਲ ਵਿਦੇਸ਼ਾਂ ਵਿੱਚ ਵਸਦੇ ਸਿੱਖ ਭਾਰਤ ਵਿੱਚ ਆਪਣੇ ਪਰਿਵਾਰਾਂ ਨੂੰ ਮਿਲਣ ਲਈ ਯੋਗ ਵੀਜ਼ਾ ਸੇਵਾਵਾਂ ਹਾਸਲ ਕਰਨ ਲਈ ਯੋਗ ਹੋਣਗੇ ਅਤੇ ਆਪਣੀਆਂ ਜੜ੍ਹਾਂ ਨਾਲ ਜੁੜ ਸਕਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਸੂਚੀ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਸਰਗਰਮੀ ਨਾਲ ਨਿਰੰਤਰ ਰਾਬਤਾ ਰੱਖਿਆ ਹੋਇਆ ਸੀ ਜਿਸ ਨੂੰ 2016 ਵਿੱਚ ਕੇਂਦਰ ਸਰਕਾਰ ਅਤੇ ਉਨ੍ਹਾਂ ਦੀਆਂ ਏਜੰਸੀਆਂ ਨੇ ਤਿਆਰ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਸਿੱਖ ਨੂੰ ਪੰਜਾਬ ਆਉਣ ਅਤੇ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦਾ ਪੂਰਾ ਅਧਿਕਾਰ ਹੈ ਜਿਹੜੇ ’80 ਤੇ ’90 ਦੇ ਦਹਾਕੇ ਵਿੱਚ ਸਾਕਾ ਨੀਲਾ ਤਾਰਾ ਤੇ ਸਿੱਖ ਵਿਰੋਧੀ ਦੰਗਿਆਂ ਕਾਰਨ ਆਪਣਾ ਦੇਸ਼ ਛੱਡ ਕੇ ਵਿਦੇਸ਼ ਚਲੇ ਗਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਫੈਸਲਾ ਸਿੱਖ ਭਾਈਚਾਰੇ ਦੇ ਉਨ੍ਹਾਂ ਮੈਂਬਰਾਂ ਨੂੰ ਦੇਸ਼ ਵਾਪਸ ਲਿਆਉਣ ਵਿੱਚ ਸਹਾਈ ਸਿੱਧ ਹੋਵੇਗਾ ਜਿਹੜੇ ’80 ਤੇ ’90 ਦੇ ਦਹਾਕੇ ਵਿੱਚ ਮਾੜੇ ਦੌਰ ਕਾਰਨ ਦੇਸ਼ ਛੱਡ ਕੇ ਚਲੇ ਗਏ ਸਨ ਅਤੇ ਹੁਣ ਉਹ ਆਪਣੇ ਘਰਾਂ ਵਿੱਚ ਵਾਪਸ ਆ ਕੇ ਆਪਣੇ ਪਰਿਵਾਰਾਂ ਨੂੰ ਮਿਲ ਸਕਣਗੇ।

Leave a Reply

Your email address will not be published. Required fields are marked *

%d bloggers like this: