ਕੈਪਟਨ ਨੇ ਹੀ ਲਾਈ ਸੀ ਕਿਸਾਨਾਂ ਲਈ ਮੁਫਤ ਬਿਜਲੀ, ਨਹਿਰੀ ਪਾਣੀ ‘ਤੇ ਅਬਿਆਨਾ ਅਤੇ ਸਰਕਾਰੀ ਨੌਕਰੀਆਂ ‘ਤੇ ਪਾਬੰਦੀ : ਮੁੱਖ ਮੰਤਰੀ ਬਾਦਲ

ਪੰਜਾਬ ਵਿਧਾਨ ਸਭਾ ਚੋਣਾਂ ਦਾ ਅਸਰ – ਬੱਸੀ ਪਠਾਣਾਂ ਵਿਧਾਨ ਸਭਾ ਹਲਕੇ ‘ਚ ਸੰਗਤ ਦਰਸ਼ਨ

ਕੈਪਟਨ ਨੇ ਹੀ ਲਾਈ ਸੀ ਕਿਸਾਨਾਂ ਲਈ ਮੁਫਤ ਬਿਜਲੀ, ਨਹਿਰੀ ਪਾਣੀ ‘ਤੇ ਅਬਿਆਨਾ ਅਤੇ ਸਰਕਾਰੀ ਨੌਕਰੀਆਂ ‘ਤੇ ਪਾਬੰਦੀ : ਮੁੱਖ ਮੰਤਰੀ ਬਾਦਲ

ਸੰਘੋਲ (ਫਤਹਿਗੜ੍ਹ ਸਾਹਿਬ), 14 ਦਸੰਬਰ (ਪ.ਪ.):  ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁੱਖੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਜਗੀਰੂ ਮਾਨਸਿਕਤਾ ‘ਚ ਤਬਦੀਲੀ ਲਿਆਉਣ ਅਤੇ ਅਖੌਤੀ ਬਾਦਸ਼ਾਹ ਵਾਲਾ ਪ੍ਰਗਟਾਵਾ ਕਰਨਾ ਛੱਡ ਕੇ ਆਪਣੇ ਆਪ ਨੂੰ ਜਮਹੂਰੀ ਢਾਂਚੇ ਵਿਚ ਆਮ ਲੋਕਾਂ ਦਾ ਹਿੱਸਾ ਸਮਝਣ ਲਈ ਆਖਿਆ ਹੈ।
ਅੱਜ ਬੱਸੀ ਪਠਾਣਾਂ ਵਿਧਾਨ ਸਭਾ ਹਲਕੇ ਵਿਚ ਸੰਗਤ ਦਰਸ਼ਨ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਉਹ ਲੋਕਾਂ ਦੇ ਸੇਵਕ ਹਨ ਜਦਕਿ ਕੈਪਟਨ ਇਕ ਬਾਦਸ਼ਾਹ ਹੈ ਜਿਸ ਦੀਆਂ ਜੜ੍ਹਾਂ ਆਮ ਲੋਕਾਂ ਨਾਲ ਹੇਠਲੇ ਪੱਧਰ ਉੱਤੇ ਜੁੜੀਆਂ ਹੋਈਆਂ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲੋਕਾਂ ਵਿਚ ਵਿਚਰਣ ਨੂੰ ਆਪਣੀ ਹਾਨੀ ਸਮਝਦਾ ਹੈ ਜਦਕਿ ਦੂਜੇ ਪਾਸੇ ਉਹ ਲੋਕਾਂ ਦੀ ਸੰਗਤ ਵਿਚ ਮਾਣ ਮਹਿਸੂਸ ਕਰਦੇ ਹਨ। ਸ. ਬਾਦਲ ਨੇ ਕਿਹਾ ਕਿ ਜਮਹੂਰੀਅਤ ਬਾਰੇ ਉਨ੍ਹਾਂ ਦੀ ਸੋਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁੱਖੀ ਤੋਂ ਬਿਲਕੁਲ ਵੱਖਰੀ ਹੈ ਜਿਸ ਦੀ ਕਿ ਰਾਜੇ ਅਤੇ ਬਾਦਸ਼ਾਹ ਵਾਲੀ ਪਹੁੰਚ ਹੈ। ਸ. ਬਾਦਲ ਨੇ ਕਿਹਾ, ”ਰਾਜੇ ਮਹਿਲ ਵਿਚ ਰਹਿੰਦੇ ਹਨ ਅਤੇ ਮੈਂ ਲੋਕਾਂ ਵਿਚ ਰਹਿੰਦਾ ਹਾਂ”।
ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਕਾਰਜਕਾਲ ਦੌਰਾਨ ਲਏ ਗਏ ਲੋਕ ਵਿਰੋਧੀ ਫੈਸਲਿਆਂ ਬਾਰੇ ਲੋਕਾਂ ਨੂੰ ਯਾਦ ਦਿਵਾਉਂਦੇ ਹੋਏ ਸ. ਬਾਦਲ ਨੇ ਕਿਹਾ ਕਿ ਕੈਪਟਨ ਨੇ ਮੁੱਖ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਣ ਦੇ ਨਾਲ ਹੀ ਕਿਸਾਨਾਂ ਨੂੰ ਦਿੱਤੀ ਜਾਂਦੀ ਮੁਫਤ ਬਿਜਲੀ ਬੰਦ ਕਰ ਦਿੱਤੀ ਸੀ, ਨਹਿਰੀ ਪਾਣੀ ਉੱਤੇ ਅਬਿਆਨਾ ਲਾ ਦਿੱਤਾ ਸੀ ਅਤੇ ਸਰਕਾਰੀ ਨੌਕਰੀਆਂ ਉੱਤੇ ਪਾਬੰਦੀ ਲਾ ਦਿੱਤੀ ਸੀ ਜਦਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਨਾ ਕੇਵਲ ਆਪਣੀਆਂ ਉਪਰੋਕਤ ਪਹਿਲਕਦਮੀਆਂ ਨੂੰ ਬਹਾਲ ਕੀਤਾ ਸਗੋਂ ਆਟਾ-ਦਾਲ ਅਤੇ ਸਾਰਿਆਂ ਲਈ ਸਿਹਤ ਬੀਮਾ ਯੋਜਨਾ ਵਰਗੀਆਂ ਗਰੀਬਾਂ ਪੱਖੀ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ। ਸ. ਬਾਦਲ ਨੇ ਕਿਹਾ ਕਿ ਕੈਪਟਨ ਤਾਂ ਆਪਣੇ ਵਿਧਾਇਕਾਂ ਨੂੰ ਵੀ ਨਹੀਂ ਲੱਭਦਾ, ਆਮ ਲੋਕਾਂ ਨਾਲ ਮਿਲਣਾ ਤਾਂ ਦੂਰ ਦੀ ਗੱਲ ਹੈ। ਉਨ੍ਹਾਂ ਨੇ ਕੈਪਟਨ ਦੀ ਸ਼ੱਕੀ ਭੂਮਿਕਾ ਤੋਂ ਲੋਕਾਂ ਨੂੰ ਸਾਵਧਾਨ ਰਹਿਣ ਲਈ ਆਖਿਆ। ਉਨ੍ਹਾਂ ਕਿਹਾ ਕਿ ਕੈਪਟਨ ਨੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕੀਤਾ ਹੈ। ਕਾਂਗਰਸੀ ਲੀਡਰਸ਼ਿਪ ਨੇ ਨਾ ਕੇਵਲ ਸੂਬੇ ਦੀ ਰਾਜਧਾਨੀ, ਪੰਜਾਬੀ ਬੋਲਦੇ ਇਲਾਕਿਆਂ ਅਤੇ ਦਰਿਆਈ ਪਾਣੀਆਂ ਦੇ ਮਾਮਲੇ ‘ਤੇ ਧ੍ਰੋਹ ਕਮਾਇਆ ਹੈ ਸਗੋਂ ਸਿਆਸੀ, ਆਰਥਿਕ ਅਤੇ ਧਾਰਮਿਕ ਮੋਰਚਿਆਂ ‘ਤੇ ਵੀ ਸੂਬੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ।
ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਨੋਟਬੰਦੀ ਦੇ ਸਬੰਧ ਵਿਚ ਸ. ਬਾਦਲ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਲੰਮੇ ਸਮੇਂ ਦੌਰਾਨ ਇਹ ਸਮਾਜ ਲਈ ਲਾਭਦਾਇਕ ਸਿੱਧ ਹੋਵੇਗੀ ਭਾਵੇਂ ਕਿ ਇਸ ਨੇ ਸ਼ੁਰੂ ਵਿਚ ਕੁਝ ਸਮੱਸਿਆਵਾਂ ਪੈਦਾ ਹੋਈਆਂ ਹਨ ਜੋ ਕਿ ਸਮੇਂ ਦੇ ਨਾਲ ਦੂਰ ਹੋ ਜਾਣਗੀਆਂ।
ਸਵਿਸ ਬੈਂਕ ਵਿਚ ਗੈਰ-ਕਾਨੂੰਨੀ ਧੰਨ ਰੱਖਣ ਦੇ ਮਾਮਲੇ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨੂੰ ਇੰਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਿੱਤੇ ਨੋਟਿਸ ਦੇ ਸਬੰਧ ਵਿਚ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਉੱਤੇ ਤਾਂ ਕੈਪਟਨ ਹੀ ਵਧੀਆ ਜਵਾਬ ਦੇ ਸਕਦਾ ਹੈ ਜਿਸ ਕਰਕੇ ਇਹ ਸਵਾਲ ਉਸ ਤੋਂ ਪੁੱਛਿਆ ਜਾਣਾ ਚਾਹੀਦਾ ਹੈ।
ਇਕੋ ਸਮੇਂ ਦੋ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਨੂੰ ਚੋਣਾਂ ਲੜਣ ਦੀ ਆਗਿਆ ਨਾ ਦੇਣ ਦੇ ਸਬੰਧ ਵਿਚ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਣੇ ਸਾਰੀਆਂ ਸਿਆਸੀ ਪਾਰਟੀਆਂ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਣ ਲਈ ਪਾਬੰਦ ਹਨ ਅਤੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤੋਂ ਲਾਂਭੇ ਜਾਣ ਦਾ ਸਵਾਲ ਹੀ ਨਹੀਂ ਉਠਦਾ।
ਸੰਗਤ ਦਰਸ਼ਨ ਦੌਰਾਨ ਸਥਾਨਕ ਭਾਜਪਾ ਆਗੂਆਂ ਨੂੰ ਨਾ ਬੁਲਾਏ ਜਾਣ ਸਬੰਧੀ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਦਰਸ਼ਨ ਪ੍ਰੋਗਰਾਮ ਲੋਕਾਂ ਅਤੇ ਸਥਾਨਕ ਪ੍ਰਸ਼ਾਸਨ ਵਿਚ ਵਿਚਾਰ-ਵਟਾਂਦਰੇ ਰਾਹੀਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਇਕ ਮੰਚ ਹੈ ਜਿਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਮੌਕੇ ‘ਤੇ ਹੀ ਹੱਲ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਿਸੇ ਨੂੰ ਵੀ ਰਸਮੀ ਸੱਦਾ ਪੱਤਰ ਨਹੀਂ ਭੇਜਿਆ ਜਾਂਦਾ ਅਤੇ ਸਾਰਿਆਂ ਦਾ ਹੀ ਸੰਗਤ ਦਰਸ਼ਨ ਵਿਚ ਪਹੁੰਚਣ ‘ਤੇ ਸਵਾਗਤ ਕੀਤਾ ਜਾਂਦਾ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਸੰਗਤ ਦਰਸ਼ਨ ਪ੍ਰੋਗਰਾਮਾਂ ਵਿਚ ਹਾਜ਼ਰ ਹੋਣ ਲਈ ਅਪੀਲ ਕੀਤੀ ਕਿਉਂਕਿ ਇਹ ਕਿਸੇ ਵੀ ਸਿਆਸੀ ਮਕਸਦ ਲਈ ਆਯੋਜਿਤ ਨਹੀਂ ਕਰਵਾਏ ਜਾਂਦੇ। ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨਾਂ ਦਾ ਇਕੋ ਇਕ ਉਦੇਸ਼ ਸੂਬੇ ਦੇ ਸਮੁੱਚੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ।
ਅਕਾਲੀ ਆਗੂਆਂ ਵੱਲੋਂ ਕਾਂਗਰਸ ਵਿਚ ਸ਼ਾਮਲ ਹੋਣ ਦੇ ਸਬੰਧ ਵਿਚ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਸਵਾਲ ਦਾ ਜਵਾਬ ਕਿਸ ਤਰ੍ਹਾਂ ਦੇ ਸਕਦੇ ਹਨ। ਇਹ ਸਵਾਲ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਹੀ ਪੁੱਛਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਅਜਿਹੇ ਆਗੂਆਂ ਨੂੰ ਮੌਕਾਪ੍ਰਸਤ ਦੱਸਦੇ ਹੋਏ ਕਿਹਾ ਕਿ ਪਾਰਟੀ ਪ੍ਰਤੀ ਵਫਾਦਾਰੀ ਅਤੇ ਵਚਨਬੱਧਤਾ ਲੰਮੇ ਸਮੇਂ ਦੌਰਾਨ ਹੀ ਕੰਮ ਆਉਂਦੀ ਹੈ। ਉਨ੍ਹਾਂ ਕਿਹਾ ਕਿ ਟਿਕਟਾਂ ਨਾ ਮਿਲਣ ਕਾਰਨ ਬਹੁਤ ਸਾਰੇ ਲੋਕ ਪਾਸਾ ਬਦਲ ਲੈਂਦੇ ਹਨ ਜਦਕਿ ਇਹ ਅਸਲੀਅਤ ਹੈ ਕਿ ਜਦੋਂ ਇਕ ਵਿਅਕਤੀ ਨੂੰ ਟਿਕਟ ਦੇ ਦਿੱਤੀ ਜਾਂਦੀ ਹੈ ਤਾਂ ਉਹ ਪਾਰਟੀ ਹਾਈਮਾਂਡ ਦੀ ਰੱਬ ਵਾਂਗ ਪੂਜਾ ਕਰਨ ਲਗ ਪੈਂਦਾ ਹੈ ਪਰ ਜਦੋਂ ਉਸ ਨੂੰ ਟਿਕਟ ਤੋਂ ਨਾ ਕਰ ਦਿੱਤੀ ਜਾਂਦੀ ਹੈ ਤਾਂ ਉਹ ਪਾਰਟੀ ਮੁਖੀ ਨੂੰ ਹੀ ਧੋਖੇਬਾਜ਼ ਦੱਸਣ ਲੱਗ ਪੈਂਦਾ ਹੈ।
ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਬੱਸੀ ਪਠਾਣਾਂ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਉਮੀਦਵਾਰ ਸ੍ਰੀ ਦਰਬਾਰਾ ਸਿੰਘ ਗੁਰੂ ਨੇ ਮੁੱਖ ਮੰਤਰੀ ਨੂੰ ਜੀ ਆਇਆਂ ਆਖਿਆ ਅਤੇ ਭਰੋਸਾ ਦਿਵਾਇਆ ਕਿ ਉਹ ਵਿਧਾਨ ਸਭਾ ਹਲਕੇ ਦੇ ਲੋਕਾਂ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਵਿਕਾਸ ਨੂੰ ਯਕੀਨੀ ਬਣਾਉਣਗੇ।
ਬੱਸੀ ਪਠਾਣਾਂ ਦੇ ਵਿਧਾਨ ਸਭਾ ਹਲਕੇ ਦੇ ਦੋ ਦਿਨਾਂ ਸੰਗਤ ਦਰਸ਼ਨ ਦੌਰਾਨ ਮੁੱਖ ਮੰਤਰੀ ਨੇ ਵਿਕਾਸ ਕਾਰਜਾਂ ਲਈ ਤਕਰੀਬਨ 21 ਕਰੋੜ ਰੁਪਏ ਦੇ ਚੈਕ ਵੰਡੇ।
ਇਸ ਮੌਕੇ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ. ਕਰੁਣਾਰਾਜੂ ਵੀ ਸਨ।
ਇਸ ਮੌਕੇ ਹਾਜ਼ਰ ਹੋਰਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਣਜੀਤ ਸਿੰਘ ਲਿਬੜਾ, ਯੂਥ ਅਕਾਲੀ ਆਗੂ ਸ੍ਰੀ ਗੁਰਮੀਤ ਸਿੰਘ ਚੀਮਾ, ਡੀ.ਆਈ.ਜੀ. ਰੋਪੜ ਰੇਂਜ ਸ੍ਰੀ ਹਰਸ਼ਰਨ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਕਮਲਦੀਪ ਸਿੰਘ ਸੰਘਾ ਅਤੇ ਐਸ.ਐਸ.ਪੀ ਸ੍ਰੀ ਹਰਚਰਨ ਸਿੰਘ ਭੁੱਲਰ ਸ਼ਾਮਲ ਸਨ।

Share Button

Leave a Reply

Your email address will not be published. Required fields are marked *

%d bloggers like this: