ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ 44ਵੀਂ ਲੜੀ ਦੀ ਸੰਪੂਰਨਤਾਈ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ
ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ 44ਵੀਂ ਲੜੀ ਦੀ ਸੰਪੂਰਨਤਾਈ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ
ਐਸ ਏ ਐਸ ਨਗਰ 27 ਮਾਰਚ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 44ਵੀਂ ਲੜੀ ਦੇ4444ਵੇਂ ਸ੍ਰੀ ਅਖੰਡ ਪਾਠ ਸਾਹਿਬ ਸੰਪੂਰਨ ਹੋਣ ਤੇ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਮੌਕੇ ਸਵੇਰੇ 4444ਵੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਬੀਬੀ ਪਰਮਿੰਦਰ ਕੌਰ ਖਾਲਸਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੁਆਰਾ ਇਸ ਅਸਥਾਨ ਤੇ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ| ਭਾਈ ਰਾਇ ਸਿੰਘ (ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ) ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ ਅਤੇ ਆਪਣੇ ਪ੍ਰਵਚਨਾਂ ਰਾਹੀਂ ਖੰਡੇ ਬਾਟੇ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਗੁਰੂ ਵਾਲੇ ਬਣਨ ਲਈ ਪ੍ਰੇਰਿਆ| ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਾਹਿਤ ਜਾਣੂ ਕਰਵਾਇਆ ਇਸ ਤੋਂ ਇਲਾਵਾ ਮਾਈ ਭਾਗੋ ਕਵੀਸ਼ਰੀ ਜੱਥਾ, ਤਰਨਾ ਦਲ ਅੰਮ੍ਰਿਤਸਰ ਵਾਲੀਆਂ ਦਾ ਬੀਬੀਆਂ ਦਾ ਪੰਥਕ ਢਾਡੀ ਜੱਥਾ, ਭਾਈ ਓਂਕਾਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਨਿਰਵੈਰ ਸਿੰਘ ਖਾਲਸਾ, ਭਾਈ ਹਰਦੀਪ ਸਿੰਘ, ਭਗਡਾਨੇ ਵਾਲਿਆਂ ਦਾ ਢਾਡੀ ਜਥਾ, ਭਾਈ ਅਮਰਜੀਤ ਸਿੰਘ ਖਾਲਸਾ ਦੇ ਜੱਥਿਆਂ ਤੋੱ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀੱ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ | ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋੱ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ | ਦਰਬਾਰ ਸਾਹਿਬ ਜੀ ਨੂੰ ਬਾਹਰੋਂਂ ਅਤੇ ਗੇਟ ਤੱਕ ਦੇ ਰਸਤੇ ਨੂੰ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ| ਇਸ ਮੌਕੇ ਤੇ ਹਜਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ| ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ: ਪ੍ਰਬੰਧਕ ਕਮੇਟੀ ਵੱਲੋੱ ਦਿੱਤੀ ਗਈ| ਇਸ ਮੌਕੇ ਲੱਡੂ ਜਲੇਬੀਆਂ ਦਾ ਅਤੁੱਟ ਜੱਗ, ਗੰਨੇ ਦੇ ਰਸ ਦੀ ਛਬੀਲ , ਕਈ ਤਰ੍ਹਾਂ ਦੇ ਮਿਸਠਾਨਾਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ|
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਪ੍ਰਧਾਨ ਸ. ਸੰਤ ਸਿੰਘ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਗੁਰਪੁਰਬ ਦੇ ਮੌਕੇ 29 ਨਵੰਬਰ 1993 ਤੋੱ ਅਰੰਭ ਹੋਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਇਹ ਸਦੀਵੀ ਲੜੀ ਲਗਾਤਾਰ ਚੱਲ ਰਹੀ ਹੈ| ਬਾਬਾ ਜੀ ਦੇ ਬਚਨਾਂ ਅਨੁਸਾਰ ਹਰੇਕ ਲੜੀ ਦੇ 101 ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨ ਹੋਣ ਤੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ|