Mon. Aug 19th, 2019

ਚਾਰ ਸੂਬਿਆਂ ’ਚ ਮੀਂਹ ਅਤੇ ਅਸਮਾਨੀ ਬਿਜਲੀ ਡਿੱਗਣ ਨਾਲ 50 ਮੌਤਾਂ

ਚਾਰ ਸੂਬਿਆਂ ’ਚ ਮੀਂਹ ਅਤੇ ਅਸਮਾਨੀ ਬਿਜਲੀ ਡਿੱਗਣ ਨਾਲ 50 ਮੌਤਾਂ

ਨਵੀਂ ਦਿੱਲੀ, 18 ਅਪ੍ਰੈਲ: ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ ਅਤੇ ਮਹਾਰਾਸ਼ਟਰ ਦੇ ਵੱਖ ਵੱਖ ਹਿੱਸਿਆਂ ’ਚ ਮੰਗਲਵਾਰ ਨੂੰ ਬੇਮੌਸਮੀ ਮੀਂਹ, ਹਨੇਰੀ ਚੱਲਣ ਅਤੇ ਬਿਜਲੀ ਡਿੱਗਣ ਨਾਲ 50 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਮੀਂਹ ਅਤੇ ਹਨੇਰੀ ਕਾਰਨ ਗੁਜਰਾਤ ਅਤੇ ਰਾਜਸਥਾਨ ’ਚ ਜਾਨੀ ਨੁਕਸਾਨ ਦੇ ਨਾਲ-ਨਾਲ ਫ਼ਸਲਾਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਰਾਜਸਥਾਨ ’ਚ ਸਭ ਤੋਂ ਵੱਧ 21 ਮੌਤਾਂ ਹੋਈਆਂ ਹਨ। ਮੀਂਹ ਕਰਕੇ ਮੱਧ ਪ੍ਰਦੇਸ਼ ’ਚ 15, ਗੁਜਰਾਤ ’ਚ 10 ਅਤੇ ਮਹਾਰਾਸ਼ਟਰ ’ਚ ਤਿੰਨ ਲੋਕਾਂ ਦੀ ਜਾਨ ਗਈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ’ਚ ਮੀਂਹ ਕਾਰਨ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟਾਇਆ। ਜਿਸ ਤੋਂ ਬਾਅਦ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਪ੍ਰਧਾਨ ਮੰਤਰੀ ਦੇ ਬਿਆਨ ਤੇ ਤੰਜ ਕਸਦਿਆਂ ਇਲਜ਼ਾਮ ਲਾਇਆ ਕਿ ਉਹ ਸਿਰਫ਼ ਆਪਣੇ ਗ੍ਰਹਿ ਸੂਬੇ ਗੁਜਰਾਤ ਲਈ ਹੀ ਫਿਕਰਮੰਦ ਹਨ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਬਾਅਦ ’ਚ ਕੀਤੇ ਗਏ ਟਵੀਟ ’ਚ ਕਿਹਾ ਗਿਆ ਕਿ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼, ਰਾਜਸਥਾਨ, ਮਨੀਪੁਰ ਅਤੇ ਮੁਲਕ ਦੇ ਹੋਰ ਹਿੱਸਿਆਂ ’ਚ ਬੇਮੌਸਮੀ ਮੀਂਹ ਅਤੇ ਹਨੇਰੀ ਨਾਲ ਹੋਈਆਂ ਲੋਕਾਂ ਦੀ ਮੌਤ ’ਤੇ ਦੁੱਖ ਜਤਾਇਆ ਹੈ। ਇਕ ਹੋਰ ਟਵੀਟ ’ਚ ਪੀਐਮਓ ਨੇ ਕਿਹਾ ਕਿ ਮੱਧ ਪ੍ਰਦੇਸ਼, ਰਾਜਸਥਾਨ, ਮਨੀਪੁਰ ਅਤੇ ਮੁਲਕ ਦੇ ਹੋਰ ਹਿੱਸਿਆਂ ’ਚ ਮੀਂਹ ਅਤੇ ਹਨੇਰੀ ਨਾਲ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਲਈ ਪ੍ਰਧਾਨ ਮੰਤਰੀ ਦੇ ਕੌਮੀ ਰਾਹਤ ਫੰਡ ’ਚੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਨੂੰ ਮਨਜ਼ੂਰੀ ਦਿੱਤੀ ਹੈ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਰਕਾਰ ਮੀਂਹ ਤੋਂ ਪ੍ਰਭਾਵਿਤ ਇਲਾਕਿਆਂ ’ਚ ਹਾਲਾਤ ’ਤੇ ਨੇੜਿਉਂ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਸੂਬਿਆਂ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ।

Leave a Reply

Your email address will not be published. Required fields are marked *

%d bloggers like this: