Mon. Apr 22nd, 2019

ਡੀ.ਜੀ.ਪੀ ਪੰਜਾਬ ਵੱਲੋਂ ਜ਼ਿਲ੍ਹਾ ਸੰਗਰੂਰ ਤੋਂ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ

ਡੀ.ਜੀ.ਪੀ ਪੰਜਾਬ ਵੱਲੋਂ ਜ਼ਿਲ੍ਹਾ ਸੰਗਰੂਰ ਤੋਂ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ

1 copy

ਸੰਗਰੂਰ –ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਸ਼੍ਰੀ ਸੁਰੇਸ਼ ਅਰੋੜਾ ਨੇ ਅੱਜ ਪੰਜਾਬ ਪੁਲਿਸ ਦੀ ਤਰਫੋਂ ਜ਼ਿਲ੍ਹਾ ਸੰਗਰੂਰ ਤੋਂ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਅਕਾਦਮਿਕ ਤੇ ਖੇਡਾਂ ਦੇ ਖੇਤਰ ‘ਚ ਵੱਡੀਆਂ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ, ਵਿੱਤੀ ਮੰਦਹਾਲੀ ਕਾਰਨ ਆਤਮ ਹੱਤਿਆ ਕਰਨ ਵਾਲੇ ਮਜ਼ਦੂਰਾਂ ਤੇ ਕਿਸਾਨਾਂ ਦੀਆਂ ਲੋੜਵੰਦ ਬੇਟੀਆਂ ਨੂੰ ਵਿੱਤੀ ਮਦਦ ਪ੍ਰਦਾਨ ਕਰਨ ਦੇ ਨਾਲ-ਨਾਲ ਅੱਤਵਾਦ ਦੇ ਮਾੜੇ ਦੌਰ ਦੌਰਾਨ ਸ਼ਹੀਦ ਹੋਏ ਪਿੰਡ ਘਾਬਦਾਂ ਦੇ 3 ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ। ਡੀ.ਜੀ.ਪੀ ਸ਼੍ਰੀ ਅਰੋੜਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਜੀਵਨ ਵਿੱਚ ਆਪਣਾ ਟੀਚਾ ਮਿੱਥ ਕੇ ਸਖ਼ਤ ਮਿਹਨਤ ਨਾਲ ਵੱਡੀਆਂ ਪ੍ਰਾਪਤੀਆਂ ਨੂੰ ਹਾਸਲ ਕਰਕੇ ਮਾਪਿਆਂ, ਜ਼ਿਲ੍ਹੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਜਾਵੇ। ਅੱਜ ਪਿੰਡ ਘਾਬਦਾਂ ਵਿਖੇ ਇੱਕ ਪ੍ਰਭਾਵਸ਼ਾਲੀ ਪੁਲਿਸ-ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ.ਜੀ.ਪੀ ਸ਼੍ਰੀ ਅਰੋੜਾ ਨੇ ਕਿਹਾ ਕਿ ਉਹ ਹਰ ਹਫ਼ਤੇ ਵਿੱਚ ਦੋ ਦਿਨ ਰਾਜ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧੇ ਤੌਰ ‘ਤੇ ਰਾਬਤਾ ਕਰਨਗੇ ਅਤੇ ਲੋਕਾਂ ਨੂੰ ਪੁਲਿਸ ਨਾਲ ਜੁੜੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਆਮ ਲੋਕਾਂ ਨੂੰ ਵੀ ਸਹਿਯੋਗ ਦੇਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਪੀੜਤਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਰਾਜ ਭਰ ‘ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ ਤਾਂ ਜੋ ਸਮਾਜਿਕ ਜਾਂ ਮਾਨਸਿਕ ਕਾਰਨਾਂ ਕਰਕੇ ਨਸ਼ਿਆਂ ਦਾ ਸ਼ਿਕਾਰ ਹੋਏ ਵਿਅਕਤੀ ਮਾਹਿਰਾਂ ਦੇ ਵਿਚਾਰ ਵਟਾਂਦਰੇ ਨਾਲ ਆਪਣੇ ਭਰਮ ਦੂਰ ਕਰ ਸਕਣ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਸਕਣ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸ. ਮਨਦੀਪ ਸਿੰਘ ਸਿੱਧੂ ਵੱਲੋਂ ਸਮਾਜਿਕ ਚੇਤਨਾ ਪੈਦਾ ਕਰਨ ਲਈ ਸਮੇਂ-ਸਮੇਂ ‘ਤੇ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਪੁਲਿਸ-ਪਬਲਿਕ ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਦੇ ਲੋਕਾਂ ਵੱਲੋਂ ਚੁੱਕੇ ਗਏ ਮੁੱਦਿਆਂ ਦਾ ਮੌਕੇ ‘ਤੇ ਹੀ ਜਵਾਬ ਦਿੰਦਿਆਂ ਡੀ.ਜੀ.ਪੀ ਸ਼ੀ੍ਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਰੁਜ਼ਗਾਰ ਦਰ ‘ਚ ਵਾਧਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਦੀ ਤਰਫੋਂ ਜਲਦੀ ਹੀ ਮੁਹਾਲੀ ਵਿਖੇ ਵੱਡਾ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਘਰਾਂ ਵਿੱਚ ਮਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਤਵੱਜੋਂ ਦੇ ਕੇ ਬੱਚਿਆਂ ਦੇ ਭਵਿੱਖ ਨੂੰ ਰੌਸ਼ਨ ਕੀਤਾ ਜਾ ਸਕਦਾ ਹੈ। ਮੀਟਿੰਗ ਦੌਰਾਨ ਕੁਝ ਪਿੰਡ ਵਾਸੀਆਂ ਵੱਲੋਂ ਲੋੜਵੰਦਾਂ ਨੂੰ ਨੌਕਰੀਆਂ ਦੇਣ ਦੀ ਉਠਾਈ ਮੰਗ ਦਾ ਜਵਾਬ ਦਿੰਦਿਆਂ ਉਨ੍ਹਾਂ ਦੱਸਿਆ ਕਿ ਹੁਨਰਮੰਦ ਲੋਕਾਂ ਨੂੰ ਪ੍ਰਾਈਵੇਟ ਖੇਤਰਾਂ ‘ਚ ਨੌਕਰੀਆਂ ਦਿਵਾਉਣ ਲਈ ਯਤਨ ਕੀਤੇ ਜਾਣਗੇ ਅਤੇ ਸਰਕਾਰੀ ਨੌਕਰੀਆਂ ਲਈ ਯੋਗ ਬਿਨੈਕਾਰਾਂ ਦੀ ਸਿਫਾਰਿਸ਼ ਉਹ ਸਰਕਾਰ ਨੂੰ ਕਰਨਗੇ।

Share Button

Leave a Reply

Your email address will not be published. Required fields are marked *

%d bloggers like this: