ਡੇਂਗੂ ਦਾ ਕਹਿਰ – ਹੰਗਾਮੀ ਕਦਮ ਚੁੱਕੇ ਸਰਕਾਰ: ਅਕਾਲੀ ਦਲ

ss1

ਡੇਂਗੂ ਦਾ ਕਹਿਰ – ਹੰਗਾਮੀ ਕਦਮ ਚੁੱਕੇ ਸਰਕਾਰ: ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਅੰਦਰ ਫੈਲੇ ਡੇਂਗੂ ਦੇ ਕਹਿਰ ਉੱਤੇ ਕਾਬੂ ਪਾਉਣ ਅਤੇ ਪਲੇਟਲੈਟ ਪਾਉਣ ਦੀਆਂ ਸਹੂਲਤਾਂ ਵਧਾਉਣ ਲਈ ਅੱਜ ਕਾਂਗਰਸ ਸਰਕਾਰ ਨੂੰ ਹੰਗਾਮੀ ਕਦਮ ਚੁੱਕਣ ਲਈ ਆਖਿਆ ਹੈ। ਪਾਰਟੀ ਨੇ ਕਿਹਾ ਕਿ ਸਿਹਤ ਵਿਭਾਗ ਦੀ ਨਾਕਾਮੀ ਕਾਰਨ ਪੰਜਾਬ ਅੰਦਰ ਡੇਂਗੂ ਇੱਕ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕਿਆ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਡੇਂਗੂ ਦਾ ਸਭ ਤੋਂ ਵੱਧ ਕਹਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੇ ਆਪਣੇ ਜ਼ਿਲ੍ਹੇ ਪਟਿਆਲਾ ਅੰਦਰ ਵੇਖਣ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਕੀਮਤੀ ਜਾਨਾਂ ਅਜਾਂਈ ਜਾ ਰਹੀਆਂ ਹਨ। ਇੱਕਲੇ ਪਟਿਆਲਾ 4 ਮੌਤਾਂ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਪਰ ਕਾਂਗਰਸ ਸਰਕਾਰ ਅਜੇ ਵੀ ਨੀਂਦ ਵਿਚੋਂ ਨਹੀਂ ਜਾਗੀ ਹੈ ਅਤੇ ਸਥਿਤੀ ਨੂੰ ਕਾਬੂ ਕਰਨ ਲਈ ਕੁੱਝ ਵੀ ਨਹੀਂ ਕੀਤਾ ਜਾ ਰਿਹਾ ਹੈ। ਡਾਕਟਰ ਚੀਮਾ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਸਰਕਾਰਾਂ ਹਸਪਤਾਲਾਂ ਵਿਚੋਂ ਮਰੀਜ਼ਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ ਅਤੇ ਉਹਨਾਂ ਨੂੰ ਪ੍ਰਾਈਵੇਟ ਹਸਪਤਾਲਾਂ ਅਤੇ ਕਲੀਨਕਾਂ ਵਿਚ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਹਨਾਂ ਨੇ ਸਿਹਤ ਮੰਤਰੀ  ਬ੍ਰਹਮ ਮਹਿੰਦਰਾ ਨੂੰ ਸਥਿਤੀ ਦਾ ਜਾਇਜ਼ਾ ਲੈਣ ਅਤੇ ਪੂਰੇ ਸੂਬੇ ਦੇ ਹਸਪਤਾਲਾਂ ਅੰਦਰ ਡੇਂਗੂ ਦੇ ਮਰੀਜ਼ਾਂ ਲਈ ਰਾਂਖਵੇ ਬਿਸਤਰਿਆਂ ਦੀ ਗਿਣਤੀ ਵਧਾਉਣ ਲਈ ਆਖਿਆ। ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਵੱਡੀ ਗਿਣਤੀ ਵਿਚ ਆ ਰਹੇ ਡੇਂਗੂ ਦੇ ਮਰੀਜ਼ਾਂ ਨੂੰ ਰਾਹਤ ਦੇਣ ਲਈ ਪਲੇਟਲੈਟ ਪਾਏ ਜਾਣ ਦੀਆਂ ਸਹੂਲਤਾਂ ਵਿਚ ਵੀ ਵਾਧਾ ਕੀਤੇ ਜਾਣ ਦੀ ਲੋੜ ਹੈ। ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਸਾਫ ਨਜ਼ਰ ਆ ਰਿਹਾ ਹੈ ਕਿ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਢੁੱਕਵੇਂ ਪ੍ਰਬੰਧ ਨਹੀਂ ਕੀਤੇ ਗਏ।  ਹਾਈ ਕੋਰਟ ਨੇ ਵੀ ਸਰਕਾਰ ਦੀ ਡੇਂਗੂ ਕੰਟਰੋਲ ਪ੍ਰੋਗਰਾਮ ਨੂੰ ਲਾਗੂ ਕਰਨ ਵਿਚ ਨਾਕਾਮੀ  ਨੂੰ ਇੱਕ ਵੱਡੀ ਲਾਪਰਵਾਹੀ ਅਤੇ ਆਪਣੇ ਫਰਜ਼ਾਂ ਤੋਂ ਕੋਤਾਹੀ ਕਰਾਰ ਦਿੰਦਿਆਂ ਖਿਚਾਈ ਕੀਤੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਸ ਕੋਤਾਹੀ ਦੀ ਜਾਂਚ ਦਾ ਹੁਕਮ ਦੇ ਕੇ ਜ਼ਿੰਮੇਵਾਰੀ ਤੈਅ ਕਰਨੀ ਚਾਹੀਦੀ ਹੈ ਅਤੇ ਇਸ ਜਾਂਚ ਦੌਰਾਨ ਇਸ ਗੱਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਕੀ ਇਸ ਦੁਖਾਂਤ ਨੂੰ ਰੋਕਣ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਜਰੂਰੀ ਕਦਮ ਚੁੱਕੇ ਗਏ ਸਨ?  ਡਾਕਟਰ ਚੀਮਾ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਸਿਹਤ ਵਿਭਾਗ ਨੇ ਡੇਂਗੂ ਕੇਸਾਂ ਉੱਤੇ ਨਿਗਰਾਨੀ ਰੱਖਣ ਲਈ ਇੱਕ ਸਟੇਟ ਕੰਟਰੋਲ ਰੂਮ ਤਕ ਨਹੀਂ ਬਣਾਇਆ ਅਤੇ ਨਾ ਹੀ ਇਸ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਡਾਕਟਰਾਂ ਅਤੇ ਮਸ਼ੀਨਰੀ ਨੂੰ ਸਭ ਤੋਂ ਜਰੂਰੀ ਥਾਵਾਂ ਉੱਤੇ ਭੇਜਣ ਵਾਲੀ ਬਹੁਮਖੀ ਪਹੁੰਚ ਅਪਣਾਈ ਜਾ ਰਹੀ ਹੈ। ਸਿਹਤ ਵਿਭਾਗ ਨੁੰ ਤੁਰੰਤ ਅਜਿਹਾ ਕਰਨ ਲਈ ਆਖਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਚੰਗਾ ਹੋਣਾ ਸੀ ਜੇਕਰ ਸਿਹਤ ਮੰਤਰੀ ਨੇ ਖੁਦ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਨ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਹੁੰਦਾ। ਉਹਨਾਂ ਕਿਹਾ ਕਿ ਅਜੇ ਵੀ ਬਹੁਤੀ ਦੇਰੀ ਨਹੀਂ ਹੋਈ। ਸਿਹਤ ਵਿਭਾਗ ਨੂੰ ਤੁਰੰਤ ਹਰਕਤ ਵਿਚ ਲਿਆਂਦਾ ਜਾਣਾ ਚਾਹੀਦਾ ਹੈ ਤਾਂ ਕਿ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।

Share Button

Leave a Reply

Your email address will not be published. Required fields are marked *