Sun. Aug 18th, 2019

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖੋਲ੍ਹੇ ਜਾਣਗੇ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖੋਲ੍ਹੇ ਜਾਣਗੇ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ, ਕਟਾਣਾ ਸਾਹਿਬ (ਲੁਧਿਆਣਾ) ਵਿਖੇ ਹੋਈ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਵਿਦਿਅਕ ਅਦਾਰਿਆਂ ਅੰਦਰ ਧਰਮ ਪ੍ਰਚਾਰ ਦੇ ਪ੍ਰੋਗਰਾਮ, ਕਥਾ-ਕੀਰਤਨ, ਸਿੱਖ ਇਤਿਹਾਸ ਨਾਲ ਸਬੰਧਤ ਪ੍ਰਸ਼ਨੋਤਰੀ ਅਤੇ ਗੁਰਬਾਣੀ ਕੰਠ ਆਦਿ ਮੁਕਾਬਲੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀਆਂ ਸਰਗਰਮੀਆਂ ਅਤੇ ਧਰਮ ਪ੍ਰਚਾਰ ਦੇ ਨਾਲ-ਨਾਲ ਵਿਦਿਅਕ ਅਤੇ ਸਿੱਖ ਸੱਭਿਆਚਾਰ ਨੂੰ ਦਰਸਾਉਂਦੇ ਕਾਰਜਾਂ ਨੂੰ ਸੋਸ਼ਲ ਮੀਡੀਆ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਇਕ ਵੱਖਰਾ ਵਿੰਗ ਸਥਾਪਤ ਕਰਨ ਅਤੇ ਇਸ ਕਾਰਜ ਲਈ ਤਕਨੀਕੀ ਮਾਹਿਰਾਂ ਦੀਆਂ ਸੇਵਾਵਾਂ ਲੈਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਅੰਤ੍ਰਿੰਗ ਕਮੇਟੀ ਨੇ ਸਿੱਖ ਨੌਜੁਆਵਾਂ ਆਈ.ਏ.ਐਸ. ਅਤੇ ਆਈ.ਪੀ.ਐਸ. ਦੀ ਉੱਚ ਪੱਧਰੀ ਕੋਚਿੰਗ ਦੇਣ ਲਈ ਅਕੈਡਮੀ ਖੋਲ੍ਹਣ ਦਾ ਫ਼ੈਸਲਾ ਵੀ ਕੀਤਾ। 29 ਨਵੰਬਰ 2017 ਨੂੰ ਨਵੀਂ ਚੁਣੀ ਗਈ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਪਲੇਠੀ ਇਕੱਤਰਤਾ ਤੋਂ ਬਾਅਦ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਕ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਚਲਾਈ ਜਾਵੇਗੀ ਅਤੇ ਇਸ ਦਾ ਖੇਤਰ ਆਮ ਸੰਗਤਾਂ ਦੇ ਨਾਲ-ਨਾਲ ਵਿਦਿਅਕ ਅਦਾਰਿਆਂ ਤੱਕ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨਵੰਬਰ 2018 ਤੱਕ ਸ਼੍ਰੋਮਣੀ ਕਮੇਟੀ 1 ਲੱਖ ਪ੍ਰਾਣੀਆਂ ਨੂੰ ਅੰਮ੍ਰਿਤਧਾਰੀ ਬਣਾਉਣ ਲਈ ਪ੍ਰੇਰਿਤ ਕਰੇਗੀ ਅਤੇ ਇਸ ਲਹਿਰ ਤਹਿਤ ਹਰ ਹਫ਼ਤੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਖ਼ਾਲਸਾਈ ਪ੍ਰੰਪਰਾਵਾਂ ਅਤੇ ਰਵਾਇਤਾਂ ਅਨੁਸਾਰ ਕੌਮਾਂਤਰੀ ਪੱਧਰ ‘ਤੇ ਮਨਾਉਣ ਲਈ ਵਿਚਾਰ-ਵਿਟਾਦਰੇ ਉਪਰੰਤ ਕੇਂਦਰੀ ਅਤੇ ਰਾਜ ਪੱਧਰੀ ਕਮੇਟੀਆਂ ਗਠਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਹ ਕਮੇਟੀਆਂ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ (ਕਪੂਰਥਲਾ) ਅਤੇ ਗੁ: ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ (ਗੁਰਦਾਸਪੁਰ)  ਵਿਖੇ ਅਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਤਿਆਰ ਕਰਨਗੀਆਂ। ਉਨ੍ਹਾਂ ਦੱਸਿਆ ਕਿ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 22 ਦਸੰਬਰ ਨੂੰ ਗੁਰਬਾਣੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ ਅਤੇ ਇਹ ਹਰ ਸਾਲ ਮਨਾਇਆ ਜਾਵੇਗਾ।  ਇਕ ਹੋਰ ਅਹਿਮ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਮਹਾਨ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਧਰਮ ਪ੍ਰਚਾਰ ਕੇਂਦਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਬ-ਆਫ਼ਿਸ ਖੋਲ੍ਹੇ ਜਾਣਗੇ। ਉਨ੍ਹਾਂ ਦੱਸਿਆ ਕਿ ਖੋਲ੍ਹੇ ਜਾਣ ਵਾਲੇ ਇਨ੍ਹਾਂ ਉਪ-ਦਫ਼ਤਰਾਂ ਰਾਹੀਂ ਸਥਾਨਕ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦੀ ਅਗਵਾਈ ਵਿਚ ਕੀਤਾ ਜਾਵੇਗਾ ਅਤੇ ਇਸੇ ਤਰ੍ਹਾਂ ਧਰਮ ਪ੍ਰਚਾਰ ਕੇਂਦਰ ਇਲਾਕੇ ਅੰਦਰ ਗੁਰਮਤਿ ਫ਼ਲਸਫ਼ੇ ਦਾ ਪ੍ਰਚਾਰ ਕਰਨ ਲਈ ਕਾਰਜਸ਼ੀਲ ਰਹਿਣਗੇ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਅੰਦਰ ਸਥਿਤ ਤਿੰਨ ਤਖ਼ਤ ਸਹਿਬਾਨ ‘ਤੇ ਹਰ ਐਤਵਾਰ ਗੁਰਮਤਿ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਵਿਚ ਕਥਾ-ਕੀਰਤਨ, ਢਾਡੀ ਕਵੀਸ਼ਰੀ ਵਾਰਾਂ ਦੁਆਰਾ ਸੰਗਤ ਨੂੰ ਗੁਰਮਤਿ ਨਾਲ ਜੋੜਿਆ ਜਾਵੇਗਾ।

ਇਨ੍ਹਾਂ ਗੁਰਮਤਿ ਸਮਾਗਮਾਂ ਦੀ ਦੇਖ-ਰੇਖ ਤਖ਼ਤਾਂ ਦੇ ਜਥੇਦਾਰ ਸਹਿਬਾਨ ਦੀ ਅਗਵਾਈ ਵਿਚ ਸਬੰਧਤ ਮੈਨੇਜਰਾਂ ਵੱਲੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਾਵਨ ਤਖ਼ਤ ਸਹਿਬਾਨ ‘ਤੇ ਹਰ ਰੋਜ਼ ਇਕ ਹਲਕੇ ਦੀ ਸੰਗਤ ਵਲੋਂ ਸਵੇਰ ਤੋਂ ਸ਼ਾਮ ਤੀਕ ਦੀ ਸੇਵਾ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਲਈ ਫ਼੍ਰੀ ਬੱਸ ਸੇਵਾ ਦੀ ਸਹੂਲਤ ਆਰੰਭ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ, ਟਰੱਸਟਾਂ ਅਤੇ ਵਿਦਿਅਕ ਅਦਾਰਿਆਂ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਰਹਿਤ ਮਰਿਯਾਦਾ ਦੀ ਉਲੰਘਣਾ ਕਰਨ, ਨਸ਼ਿਆਂ ਦੀ ਵਰਤੋਂ ਅਤੇ ਆਚਰਣਹੀਣਤਾ ਵਰਗੇ ਇਲਜ਼ਾਮ ਸਾਹਮਣੇ ਆਉਣ ‘ਤੇ ਸੇਵਾ ਤੋਂ ਮੁਅੱਤਲ ਕਰਨ ਦੀ ਬਜਾਏ ਸਿੱਧਾ ਫਾਰਗ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਅਜਿਹੇ ਕਿਸੇ ਵੀ ਦੋਸ਼ੀ ਮੁਲਾਜ਼ਮ ਨੂੰ ਦੁਬਾਰਾ ਸਰਵਿਸ ਵਿਚ ਨਹੀਂ ਲਿਆ ਜਾਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਅੰਦਰ ਅਨੁਸ਼ਾਸ਼ਨ ਬਣਾਈ ਰੱਖਣ ਲਈ ਬਾਇਓਮੈਟ੍ਰਿਕ ਹਾਜ਼ਰੀ ਤਕਨੀਕ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ।

Leave a Reply

Your email address will not be published. Required fields are marked *

%d bloggers like this: