ਦਿੱਲੀ ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਤੇ ਉਸਦੇ ਸਨਮਾਨ ਦੀ ਗਲ

ss1

ਦਿੱਲੀ ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਤੇ ਉਸਦੇ ਸਨਮਾਨ ਦੀ ਗਲ

ਦਿੱਲੀ ਪ੍ਰਦੇਸ਼ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਦੇਸ਼ ਦੀ ਦੂਜੀ ਰਾਜ ਭਾਸ਼ਾ ਹੋਣ ਦਾ ਸੰਵਿਧਾਨਕ ਅਧਿਕਾਰ ਤੇ ਸਨਮਾਨ ਮਿਲਿਆਂ ਕਈ ਦਹਾਕੇ ਬੀਤ ਗਏ ਹੋਏ ਹਨ। ਪ੍ਰੰਤੂ ਅਜੇ ਤਕ ਉਹ ਪਹਿਲਾਂ ਵਾਂਗ ਹੀ ਅਣਗੌਲੀ ਕੀਤੀ ਜਾਂਦੀ ਭਟਕਦੀ ਵਿਖਾਈ ਦੇ ਰਹੀ ਹੈ। ਇਸ ਦਾ ਕਾਰਨ ਸ਼ਾਇਦ ਇਹੀ ਹੈ ਕਿ ਸੰਵਿਧਾਨਕ ਸਨਮਾਨ ਅਤੇ ਅਧਿਕਾਰ ਮਿਲਿਆਂ ਦਹਾਕੇ ਬੀਤ ਜਾਣ ਦੇ ਬਾਅਦ ਵੀ ਉਸਨੂੰ ਮਿਲੇ ਹੋਏ ਅਧਿਕਾਰ ਤੇ ਸਨਮਾਨ ਤੋਂ ਵਾਝਿਆਂ ਰੱਖਿਆ ਗਿਆ ਹੋਇਆ ਹੈ। ਮਤਲਬ ਇਹ ਕਿ ਅਜੇ ਤਕ ਨਾ ਤਾਂ ਦਿੱਲੀ ਸਰਕਾਰ ਦੇ ਸਕਤਰੇਤ ਵਿੱਚ ਪੰਜਾਬੀ ਨੂੰ ਉਸਦਾ ਬਣਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਨਾ ਹੀ ਦਿੱਲੀ ਦੇ ਸਰਕਾਰੀ ਦਫ਼ਤਰਾਂ ਵਿੱਚ ਪੰਜਾਬੀ ਵਿੱਚ ਲਿਖੇ ਪੱਤਰ ਸਵੀਕਾਰ ਕਰਨ ਅਤੇ ਉਨ੍ਹਾਂ ਦਾ ਪੰਜਾਬੀ ਵਿੱਚ ਜਵਾਬ ਦੇਣ ਦੇ ਲਈ ਲੋੜੀਂਦੇ ਸਟਾਫ਼ ਦਾ ਕੋਈ ਪ੍ਰਬੰਧ ਕੀਤਾ ਗਿਆ ਹੇ, ਜਦਕਿ ਅਜਿਹਾ ਕਰਨਾ ਦੂਜੀ ਰਾਜ ਭਾਸ਼ਾ ਹੋਣ ਦੇ ਮਿਲੇ ਅਧਿਕਾਰ ਨੂੰ ਅਮਲ ਵਿੱਚ ਲਿਆਉਣ ਲਈ ਬਹੁਤ ਹੀ ਜ਼ਰੂਰੀ ਹੈ।
ਇੱਥੋਂ ਤਕ ਕਿ ਦਿੱਲੀ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਦਾ ਪ੍ਰਚਾਰ ਤੇ ਪਸਾਰ ਕਰਨ ਦੇ ਨਾਂ ‘ਤੇ ਗਠਿਤ ਕੀਤੀ ਗਈ ਹੋਈ ਪੰਜਾਬੀ ਅਕਾਦਮੀ ਵੱਲੋਂ ਵੀ ਆਪਣੀ ਸਰਕਾਰ ਨੂੰ ਇਸ ਪਾਸੇ ਸਾਰਥਿਕ ਕਦਮ ਚੁੱਕਣ ਲਈ ਪ੍ਰੇਰਤ ਕਰਨ ਦੇ ਉਦੇਸ਼ ਨਾਲ ਕੋਈ ਪਹਿਲ ਨਹੀਂ ਕੀਤੀ ਗਈ। ਉਸ ਨੇ ਆਪਣੇ ਆਪ ਨੂੰ ਵੀ ਕੇਵਲ ਸੈਮੀਨਾਰਾਂ, ਆਜ਼ਾਦੀ ਦਿਵਸ ਤੇ ਗਣਤੰਤਰਤਾ ਦਿਵਸ ‘ਤੇ ਕਵੀ ਦਰਬਾਰ ਆਯੋਜਿਤ ਕਰਨ, ਛੁੱਟੀਆਂ ਵਿੱਚ ਪੰਜਾਬੀ ਪੜ੍ਹਾਉਣ ਦੀਆਂ ਕੁੱਝ ਕਲਾਸਾਂ ਲਗਾਨ, (ਜਦਕਿ ਛੁੱਟੀਆਂ ਵਿੱਚ ਇਸ ਅਕਾਦਮੀ ਨਾਲੋਂ ਕਿਤੇ ਬਹੁਤ ਹੀ ਵੱਧ ਪੰਜਾਬੀ ਪੜ੍ਹਾਉਣ ਦੀਆਂ ਕਲਾਸਾਂ ਲਾਉਣ ਦੀ ਜ਼ਿਮੀਂਦਾਰੀ ਪੰਜਾਬੀ ਪ੍ਰਮੋਸ਼ਨ ਫੋਰਮ ਵੱਲੋਂ ਨਿਭਾਈ ਜਾ ਰਹੀ ਹੈ) ਤੇ ਮਾਸਿਕ ਬੈਠਕਾਂ ਕਰਨ ਆਦਿ ਤਕ ਦੇ ਰੁਟੀਨ ਕੰਮ ਕਰਨ ਤਕ ਹੀ ਸੀਮਤ ਕਰ ਰੱਖਿਆ ਹੈ।
ਹਾਂ, ਕੁੱਝ ਹੀ ਦਿਨ ਪਹਿਲਾਂ ਹੀ ਇੱਕ ਖ਼ਬਰ ਨਜ਼ਰਾਂ ਵਿਚੋਂ ਗੁਜ਼ਰੀ ਹੈ, ਜਿਸ ਅਨੁਸਾਰ ਇਸ ਅਕਾਦਮੀ ਵੱਲੋਂ ਦਿੱਲੀ ਦੇ ਸਮੂਹ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਵਿੱਚ ਇੰਟਰ-ਸਕੂਲ ਲੇਖ ਮੁਕਾਬਲੇ ਆਯੋਜਿਤ ਕਰਵਾਉਣ ਦਾ ਐਲਾਨ ਕੀਤਾ ਦੱਸਿਆ ਗਿਆ ਹੇ। ਇਹ ਵੀ ਦੱਸਿਆ ਗਿਆ ਹੈ ਕਿ ਇਸ ਸਬੰਧ ਵਿੱਚ ਐਜੂਕੇਸ਼ਨਲ ਡਾਇਰੈਕਟੋਰੇਟ (ਡੀਓਈ) ਦੀ ਸਕੂਲ ਬਰਾਂਚ ਵੱਲੋਂ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਹੋਰ ਮਾਨਤਾ ਪ੍ਰਾਪਤ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਪੰਜਾਬੀ ਲੇਖ ਮੁਕਾਬਲੇ ਦਾ ਆਯੋਜਨ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ 16, 17, 20, 21 ਅਤੇ 23 ਅਗਸਤ ਨੂੰ ਆਯੋਜਿਤ ਹੋਣ ਜਾ ਰਹੇ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਬਚਿਆਂ ਨੂੰ ਪ੍ਰੇਰਿਤ ਕਰਨ ਲਈ ਵੀ ਪ੍ਰਿੰਸੀਪਲਾਂ ਨੂੰ ਕਿਹਾ ਗਿਆ ਹੈ। ਸੁਆਲ ਉੱਠਦਾ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਪੜ੍ਹਾਏ ਜਾਣ ਦਾ ਕੋਈ ਪ੍ਰਬੰਧ ਹੀ ਨਹੀਂ, ਉਨ੍ਹਾਂ ਸਕੂਲਾਂ ਦੇ ਕਿਹੜੇ ਬੱਚੇ ਇਸ ਪੰਜਾਬੀ ਭਾਸ਼ਾ ਦੇ ਲੇਖ ਮੁਕਾਬਲੇ ਵਿੱਚ ਹਿੱਸਾ ਲੈਣਗੇ ਜਾਂ ਹਿੱਸਾ ਲੈਣ ਲਈ ਤਿਆਰ ਹੋਣਗੇ?
ਇੱਥੇ ਇਹ ਗਲ ਵੀ ਵਰਨਣਯੋਗ ਹੈ ਕਿ ਇਸ ਪੰਜਾਬੀ ਅਕਾਦਮੀ ਦੇ ਮੁਖੀ ਸ. ਜਰਨੈਲ ਸਿੰਘ ਅਤੇ ਉਨ੍ਹਾਂ ਦੇ ਕਈ ਸਾਥੀ ਮੈਂਬਰ ਬਹੁਤ ਹੀ ਉਤਸ਼ਾਹੀ ਹਨ, ਪ੍ਰੰਤੂ ਜਾਪਦਾ ਹੈ ਕਿ ਉਹ ਵੀ ਲੂਣ ਦੀ ਖਾਣ ਵਿੱਚ ਦਾਖਲ ਹੋ, ਲੂਣ ਹੀ ਬਣ ਕੇ ਰਹਿ ਗਏ ਹਨ। ਇਸ ਤੋਂ ਇਲਾਵਾ ਦਿੱਲੀ ਦੀਆਂ ਹੋਰ ਪੰਜਾਬੀ ਭਾਸ਼ਾਈ ਸਭਾਵਾਂ ਵੀ, ਆਪਣੇ ਮਾਸਿਕ ਸਮਾਗਮਾਂ ਦੇ ਆਯੋਜਨ ਕਰਨ ਵਿੱਚ ਰੁੱਝਿਆਂ ਹੋਣ ਦੇ ਨਾਲ ਪੰਜਾਬੀ ਦੇ ਅਧਿਆਪਕਾਂ ਦੀ ਲੋੜੀਂਦੀ ਭਰਤੀ ਨਾ ਹੋਣ ਅਤੇ ਕੰਮ ਕਰ ਰਹੇ ਅਧਿਆਪਕਾਂ ਦੇ ਸੇਵਾ-ਮੁਕਤ ਜਾਂ ਬਦਲੀਆਂ ਹੋਣ ਕਾਰਨ ਖ਼ਾਲੀ ਹੋਣ ਵਾਲੀਆਂ ਪੋਸਟਾਂ ਨਾ ਭਰੇ ਜਾਣ ਵਿਰੁੱਧ ਆਵਾਜ਼ ਤਾਂ ਉਠਾ ਦੀਆਂ ਹਨ, ਪ੍ਰੰਤੂ ਪੰਜਾਬੀ ਭਾਸ਼ਾ ਨੂੰ ਦੂਸਰੀ ਰਾਜ ਭਾਸ਼ਾ ਹੋਣ ਦੇ ਮਿਲੇ ਹੋਏ ਅਧਿਕਾਰ ਪੁਰ ਅਮਲ ਕਰਵਾਏ ਜਾਣ ਪ੍ਰਤੀ ਆਪਣੀ ਜ਼ਿਮੀਂਦਾਰੀ ਨਿਭਾਉਣ ਦੇ ਮਾਮਲੇ ਵਿੱਚ ਬਿਲਕੁਲ ਹੀ ਉਦਾਸੀਨ ਨਜ਼ਰ ਆਉਂਦੀਆਂ ਹਨ। ਉਹ ਇਹ ਗਲ ਸੋਚਣ ਤੇ ਸਮਝਣ ਲਈ ਤਿਆਰ ਨਹੀਂ ਕਿ ਜੇ ਪੰਜਾਬੀ ਭਾਸ਼ਾ ਨੂੰ ਰਾਜ ਦੀ ਦੂਸਰੀ ਰਾਜ ਭਾਸ਼ਾ ਹੋਣ ਦੇ ਮਿਲੇ ਸੰਵਿਧਾਨਕ ਅਧਿਕਾਰ ਪੁਰ ਅਮਲ ਸ਼ੁਰੂ ਹੁੰਦਾ ਹੈ ਤਾਂ ਸਰਕਾਰੀ ਅਦਾਰਿਆਂ ਵਿੱਚ ਪੰਜਾਬੀ ਭਾਸ਼ਾ ਜਾਨਣ ਵਾਲਿਆਂ ਦੀ ਮੰਗ ਲਗਾਤਾਰ ਵਧਣੀ ਸ਼ੁਰੂ ਹੋ ਜਾਏਗੀ ਅਤੇ ਫਲਸਰੂਪ ਇਸ ਮੰਗ ਨੂੰ ਪੂਰਿਆਂ ਕਰਨ ਲਈ, ਪੰਜਾਬੀ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਮੰਗ ਵੀ ਵਧੇਗੀ। ਫਲਸਰੂਪ ਇਸ ਵਧਣ ਵਾਲੀ ਮੰਗ ਨੂੰ ਪੂਰਿਆਂ ਕਰਨ ਲਈ ਦਿੱਲੀ ਸਰਕਾਰ ਨੂੰ ਲੋੜੀਂਦੇ ਪੰਜਾਬੀ ਅਧਿਆਪਕਾਂ ਦੀ ਭਰਤੀ ਕਰਨ ‘ਤੇ ਮਜਬੂਰ ਹੋਣਾ ਪਵੇਗਾ। ਜਿਸ ਨਾਲ ਪੰਜਾਬੀ ਅਧਿਆਪਕਾਂ ਦੀ ਘਾਟ ਦੀ ਸ਼ਿਕਾਇਤ ਕਰਨ ਵਾਲਿਆਂ ਦੀ ਸ਼ਿਕਾਇਤ ਦੂਰ ਹੋਣੀ ਸ਼ੁਰੂ ਹੋ ਜਾਏਗੀ।

ਜਸਵੰਤ ਸਿੰਘ ‘ਅਜੀਤ’
+ 91 95 82 71 98 90
jaswantsinghajit@gmail.com

Share Button

Leave a Reply

Your email address will not be published. Required fields are marked *