ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. May 29th, 2020

ਪੰਜਾਬ ਨੂੰ ਹੜ੍ਹ-ਪੀੜਤ ਸੂਬਿਆਂ ਦੀ ਲਿਸਟ ‘ਚ ਸ਼ਾਮਲ ਕਰੋ, ਕੇਂਦਰੀ ਟੀਮ ਭੇਜੋ, ਕੈਪਟਰ ਅਮਰਿੰਦਰ ਸਿੰਘ ਨੇ ਕੀਤੀ ਮੰਗ

ਪੰਜਾਬ ਨੂੰ ਹੜ੍ਹ-ਪੀੜਤ ਸੂਬਿਆਂ ਦੀ ਲਿਸਟ ‘ਚ ਸ਼ਾਮਲ ਕਰੋ, ਕੇਂਦਰੀ ਟੀਮ ਭੇਜੋ, ਕੈਪਟਰ ਅਮਰਿੰਦਰ ਸਿੰਘ ਨੇ ਕੀਤੀ ਮੰਗ
ਕੇਂਦਰੀ ਟੀਮ ਦੇ ਦੌਰੇ ਲਈ ਸ਼ਨਾਖ਼ਤ ਕੀਤੇ 11 ਹੜ੍ਹ ਪ੍ਰਭਾਵਿਤ ਸੂਬਿਆਂ ਦੀ ਸੂਚੀ ‘ਚੋਂ ਪੰਜਾਬ ਨੂੰ ਬਾਹਰ ਰੱਖਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਤਰ ਮੰਤਰਾਲਾ ਕੇਂਦਰੀ ਟੀਮ (ਆਈ.ਐਮ.ਸੀ.ਟੀ.) ਵੱਲੋਂ ਹੜ੍ਹਾਂ ਦੀ ਸਥਿਤੀ ਦਾ ਮੌਕੇ ‘ਤੇ ਹੀ ਮੁਲਾਂਕਣ ਕਰਨ ਲਈ ਸ਼ਨਾਖਤ ਕੀਤੇ ਸੂਬਿਆਂ ਵਿੱਚ ਪੰਜਾਬ ਨੂੰ ਵੀ ਤੁਰੰਤ ਸ਼ਾਮਲ ਕਰਨ ਦੀ ਮੰਗ ਕੀਤੀ ਹੈ।
ਕੇਂਦਰ ਸਰਕਾਰ ਨੇ 11 ਸੂਬਿਆਂ ਦੀ ਸੂਚੀ ਤਿਆਰ ਕੀਤੀ ਹੈ ਜਿੱਥੇ ਕੇਂਦਰੀ ਟੀਮ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਣਾ ਹੈ ਪਰ ਇਸ ਸੂਚੀ ਵਿੱਚ ਪੰਜਾਬ ਦਾ ਕਿਧਰੇ ਵੀ ਜ਼ਿਕਰ ਨਹੀਂ ਕੀਤਾ ਗਿਆ ਜਦਕਿ ਸੂਬੇ ਵਿੱਚ ਮੋਹਲੇਧਾਰ ਮੀਂਹ ਪੈਣ ਨਾਲ ਕਈ ਇਲਾਕਿਆਂ ਵਿੱਚ ਭਾਰੀ ਹੜ੍ਹ ਆਏ ਹੋਏ ਹਨ।
ਮੁੱਖ ਮੰਤਰੀ ਨੇ ਪੰਜਾਬ ਨੂੰ ਸ਼ਾਮਲ ਨਾ ਕਰਨ ‘ਤੇ ਹੈਰਾਨੀ ਜ਼ਾਹਰ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੂੰ ਤੁਰੰਤ ਇਸ ਸੂਚੀ ਨੂੰ ਦਰੁਸਤ ਕਰਨ ਦੀ ਅਪੀਲ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ,”ਵੱਖ-ਵੱਖ ਸੂਬਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਨੁਕਸਾਨ ਦਾ ਮੁਲਾਂਕਣ ਕਰਨ ਲਈ ਗਠਿਤ ਕੀਤੀ ਕਮੇਟੀ ਵੱਲੋਂ ਸੂਬਿਆਂ ਦੇ ਕੀਤੇ ਜਾਣ ਵਾਲੇ ਦੌਰਿਆਂ ਦੀ ਸੂਚੀ ਵਿੱਚੋਂ ਪੰਜਾਬ ਨੂੰ ਬਾਹਰ ਰੱਖਣ ‘ਤੇ ਹੈਰਾਨੀ ਹੋਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਜੀ, ਤੁਹਾਨੂੰ ਅਪੀਲ ਕਰਦਾ ਹਾਂ ਕਿ ਤੁਸੀਂ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਕੇਂਦਰੀ ਟੀਮ ਨੂੰ ਸੂਬੇ ਦਾ ਦੌਰਾ ਕਰਨ ਲਈ ਹਦਾਇਤ ਜਾਰੀ ਕਰੋ।”
ਲੰਘੀ 19 ਅਗਸਤ ਨੂੰ ਇਕ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਲਏ ਫੈਸਲੇ ਦੇ ਸੰਦਰਭ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅੰਤਰ ਮੰਤਰਾਲਾ ਕੇਂਦਰੀ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਜਾਇਜ਼ਾ ਲੈਣ ਲਈ ਪ੍ਰਭਾਵਿਤ ਸੂਬੇ ਮੈਮੋਰੰਡਮ ਸੌਂਪਦੇ ਸਨ ਜਦਕਿ ਇਸ ਕਮੇਟੀ ਨਾਲ ਚਿਰੋਕਣੀ ਉਡੀਕ ਕਰਨ ਵਾਲੀ ਇਹ ਪ੍ਰਥਾ ਖਤਮ ਕਰ ਦਿੱਤੀ ਗਈ ਹੈ।
ਇਸ ਕੇਂਦਰੀ ਟੀਮ ਨੂੰ ਹੜ੍ਹ ਪ੍ਰਭਾਵਿਤ ਸੂਬਿਆਂ ਮੇਘਾਲਿਆ, ਅਸਾਮ, ਤ੍ਰਿਪੁਰਾ, ਬਿਹਾਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਕਰਨਾਟਕਾ ਅਤੇ ਕੇਰਲਾ ਦਾ ਦੌਰਾ ਕਰਨ ਲਈ ਆਖਿਆ ਗਿਆ ਹੈ। ਇਹ ਕਮੇਟੀ ਇਨ੍ਹਾਂ ਹੜ੍ਹ ਗ੍ਰਸਤ ਸੂਬਿਆਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਅੰਤਮ ਸਿਫਾਰਸ਼ਾਂ ਕਰੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਇਹ ਨੁਕਤਾ ਵੀ ਉਠਾਇਆ ਕਿ ਉਨ੍ਹਾਂ ਨੇ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦੇ ਵਿਸ਼ੇਸ਼ ਹੜ੍ਹ ਰਾਹਤ ਪੈਕੇਜ ਦੀ ਮੰਗ ਪਹਿਲਾਂ ਹੀ ਕੀਤੀ ਹੋਈ ਹੈ। ਮੁੱਢਲੇ ਅਨੁਮਾਨਾਂ ਮੁਤਾਬਕ ਸੂਬੇ ਨੂੰ ਹੜ੍ਹਾਂ ਨਾਲ ਲਗਭਗ 1700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਹੈ।
ਮੁੱਖ ਮੰਤਰੀ ਨੇ ਖੁਦ ਵੀ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਖੜ੍ਹੀਆਂ ਫਸਲਾਂ, ਘਰਾਂ, ਸਰਕਾਰੀ ਜਾਇਦਾਦਾਂ ਅਤੇ ਪਸ਼ੂਧਨ ਨੂੰ ਪਹੁੰਚੇ ਨੁਕਸਾਨ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਮੌਜੂਦਾ ਫਸਲ ਸੀਜ਼ਨ ਦੌਰਾਨ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਵੱਲੋਂ ਬੈਂਕਾਂ/ਵਿੱਤੀ ਸੰਸਥਾਵਾਂ ਪਾਸੋਂ ਲਏ ਫਸਲੀ ਕਰਜ਼ਿਆਂ ਨੂੰ ਮੁਆਫ਼ ਕਰਨ ਲਈ ਉਹ ਸਬੰਧਤ ਅਥਾਰਟੀਆਂ ਨੂੰ ਹਦਾਇਤਾਂ ਜਾਰੀ ਕਰਨ।
ਸਨਿਚਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਦਾ ਮੋਢਾ ਨਾਲ ਮੋਢਾ ਜੋੜ ਕੇ ਸਾਥ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਮਦਾਦ ਕਰਨ ਵਾਲੇ ਲੋਕ ਪੰਜਾਬ ਸਟੇਟ ਕੋਆਪ੍ਰੇਟਿਵ ਬੈਂਕ ਦੇ ਖਾਤਾ ਨੰ: 001934001000589 ਅਤੇ ਆਈ.ਐਫ.ਐਸ.ਸੀ.-”“920PS3201 ਰਾਹੀਂ ਆਪਣਾ ਯੋਗਦਾਨ ਪਾ ਸਕਦੇ ਹਨ।
ਇਹ ਜ਼ਿਕਰਯੋਗ ਹੈ ਕਿ 1988 ਤੋਂ ਬਾਅਦ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿੱਚ ਪਾਣੀ ਛੱਡਣ ਨਾਲ ਸਭ ਤੋਂ ਭਾਰੀ ਹੜ੍ਹ ਆਏ ਹਨ ਜਿਸ ਨਾਲ ਪਿੰਡਾਂ ਦੇ ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਵੜਨ ਤੋਂ ਇਲਾਵਾ ਖੜ੍ਹੀਆਂ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ।

Leave a Reply

Your email address will not be published. Required fields are marked *

%d bloggers like this: