Wed. Oct 23rd, 2019

ਪੰਜਾਬ ਸਰਕਾਰ ਵਲੋਂ ਇਕ ਸਾਲ ਦੇ ਅੰਦਰ ਮੁਕੰਮਲ ਕਰਵਾਈ ਜਾਵੇਗੀ ਸ਼੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ‘ਮੀਨਾਰ-ਏ-ਬੇਗਮਪੁਰਾ’: ਕੈਬਨਿਟ ਮੰਤਰੀ ਅਰੋੜਾ

ਪੰਜਾਬ ਸਰਕਾਰ ਵਲੋਂ ਇਕ ਸਾਲ ਦੇ ਅੰਦਰ ਮੁਕੰਮਲ ਕਰਵਾਈ ਜਾਵੇਗੀ ਸ਼੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ‘ਮੀਨਾਰ-ਏ-ਬੇਗਮਪੁਰਾ’: ਕੈਬਨਿਟ ਮੰਤਰੀ ਅਰੋੜਾ
ਕਿਹਾ, ਗੜਸ਼ੰਕਰ ਹਲਕੇ ਵਿੱਚ ਪਾਣੀ ਦੀ ਕਮੀ ਦੂਰ ਕਰਨ ਲਈ ਜਲਦ ਲੱਗਣਗੇ 25 ਟਿਊਬਵੈਲ
ਜੰਗਲੀ ਜਾਨਵਰਾਂ ਤੋਂ ਫਸਲਾਂ ਦੀ ਰਾਖੀ ਲਈ 70 ਲੱਖ ਰੁਪਏ ਦੀ ਸਬਸਿਡੀ ਦੀ ਸਹੂਲਤ ਨਾਲ ਲੱਗ ਚੁੱਕੇ ਨੇ ਜਾਲ, ਸਰਕਾਰ ਵਲੋਂ ਮੁਹੱਈਆ ਕਰਵਾਏ ਜਾ ਰਹੇ ਨੇ ਹੋਰ 20 ਲੱਖ ਰੁਪਏ
ਸ਼੍ਰੀ ਖੁਰਾਲਗੜ ਸਾਹਿਬ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਮਨਾਇਆ ਰਾਜ ਪੱਧਰੀ ਸਮਾਗਮ
ਪਿੰਡ ਦੇ ਵਿਕਾਸ ਅਤੇ ਸਮਾਰਟ ਵਿਲੇਜ ਸਕੀਮ ਤਹਿਤ ਸੌਂਪੇ 13 ਲੱਖ ਰੁਪਏ ਦੇ ਚੈਕ

ਸ਼੍ਰੀ ਖੁਰਾਲਗੜ ਸਾਹਿਬ (ਗੜਸ਼ੰਕਰ) 19 ਫਰਵਰੀ (ਅਸ਼ਵਨੀ ਸ਼ਰਮਾ) : ਕੈਬਨਿਟ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਸ਼੍ਰੀ ਖੁਰਾਲਗੜ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ‘ਮੀਨਾਰ-ਏ-ਬੇਗਮਪੁਰਾ’ ਨੂੰ ਇਕ ਸਾਲ ਦੇ ਅੰਦਰ ਮੁਕੰਮਲ ਕਰਵਾਇਆ ਜਾਵੇਗਾ। ਉਨਾਂ ਸਮਾਗਮ ਵਿਚ ਇਕੱਤਰ ਭਾਰੀ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਦਰਸ਼ਾਂ ਨੂੰ ਅਪਣਾਉਣ ਦੀ ਲੋੜ ਹੈ, ਕਿਉਂਕਿ ਉਨਾਂ ਬਿਨਾਂ ਭੇਦ ਭਾਵ ਦੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ‘ਤੇ ਉਹਨਾ ਦੀ ਵਿਸ਼ੇਸ਼ ਯਾਦਗਾਰ ਮੀਨਾਰ-ਏ-ਬੇਗਮਪੁਰਾ ਉਸਾਰੀ ਜਾ ਰਹੀ ਹੈ, ਤਾਂ ਜੋ ਗੁਰੂ ਜੀ ਵਲੋਂ ਆਪਣੇ ਮਹਾਨ ਜੀਵਨ, ਫਿਲਾਸਫੀ ਅਤੇ ਕਾਰਜਾਂ ਰਾਹੀਂ ਦਿੱਤੀ ਸਿੱਖਿਆ ਅਨੁਸਾਰ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ, ਦਇਆ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਦਾ ਪਸਾਰ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਸ ਯਾਦਗਾਰ ਨੂੰ ਸਮਾਂਬੱਧ ਤਰੀਕੇ ਨਾਲ ਮੁਕੰੰਮਲ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ।
ਉਦਯੋਗ ਤੇ ਵਣਜ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਸ ਕੰਢੀ ਖੇਤਰ ਵਿਚ ਸਿੰਚਾਈ ਲਈ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵਲੋਂ 25 ਟਿਊਬਵੈਲ ਲਗਾਏ ਜਾ ਰਹੇ ਹਨ। ਉਨਾਂ ਕਿਹਾ ਕਿ ਸਰਕਾਰ ਵਲੋਂ ਇਸ ਖੇਤਰ ਵਿਚ ਜੰਗਲੀ ਜਾਨਵਰਾਂ ਤੋਂ ਫਸਲਾਂ ਦੀ ਰਾਖੀ ਲਈ 70 ਲੱਖ ਰੁਪਏ ਦੀ ਸਬਸਿਡੀ ਦੀ ਸਹੂਲਤ ਮੁਹੱਈਆ ਕਰਵਾ ਦਿੱਤੀ ਗਈ ਹੈ, ਜਦਕਿ ਸਰਕਾਰ ਵਲੋਂ ਹੁਣ 20 ਲੱਖ ਰੁਪਏ ਦੀ ਹੋਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਕਿਹਾ ਕਿ ਸਰਕਾਰ ਵਲੋਂ ਸੂਬੇ ਦੇ ਨਾਲ-ਨਾਲ ਗੜਸ਼ੰਕਰ ਹਲਕੇ ਦੀਆਂ ਸੜਕਾਂ ਦੀ ਨੁਹਾਰ ਬਦਲਣ ਲਈ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਇਲਾਕੇ ਦੇ ਕਿਸਾਨਾਂ ਦੇ 46 ਕਰੋੜ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾ ਚੁੱਕੇ ਹਨ, ਜਦਕਿ ਪੰਜਾਬ ਸਰਕਾਰ ਵਲੋਂ ਹੁਣ ਸੂਬੇ ਵਿਚ ਬੇਜ਼ਮੀਨੇ ਮਜ਼ਦੂਰਾਂ ਦੇ ਕਰਜ਼ੇ ਵੀ ਜਲਦੀ ਮੁਆਫ ਕੀਤੇ ਜਾ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਅਗਲੇ 10 ਦਿਨਾਂ ਦੇ ਅੰਦਰ ਸਮਾਰਟ ਫੋਨ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਸਭ ਤੋਂ ਪਹਿਲਾਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ। ਉਨਾਂ ਕਿਹਾ ਕਿ ਕੰਢੀ ਅਤੇ ਬਾਰਡਰ ਏਰੀਏ ਵਿਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਵਲੋਂ ਵਿਸ਼ੇਸ ਯਤਨ ਕੀਤੇ ਜਾ ਰਹੇ ਹਨ ਅਤੇ ਕੰਢੀ ਏਰੀਏ ਵਿਚ ਉਦਯੋਗ ਸਥਾਪਿਤ ਕਰਨ ਲਈ ਉਦਯੋਗਾਂ ਵਲੋਂ ਲਏ ਗਏ ਕਰਜ਼ੇ ਉਤੇ 5 ਫੀਸਦੀ ਵਿਆਜ਼ ਸਰਕਾਰ ਵਲੋਂ ਦਿੱਤਾ ਜਾਵੇਗਾ, ਤਾਂ ਜੋ ਕੰਢੀ ਏਰੀਏ ਵਿਚ ਹੋਰ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ। ਉਨਾਂ ਕਿਹਾ ਕਿ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਸੂਬੇ ਵਿਚ ਵੁੱਡ ਪਾਰਕ ਬਣਾਉਣ ਦੀ ਤਜਵੀਜ਼ ਰੱਖੀ ਗਈ ਹੈ ਅਤੇ ਉਨਾਂ ਦੀ ਕੋਸ਼ਿਸ਼ ਇਹੀ ਹੈ ਕਿ ਇਹ ਵੁੱਡ ਪਾਰਕ ਹੁਸ਼ਿਆਰਪੁਰ ਦੇ ਕੰਢੀ ਇਲਾਕੇ ਵਿਚ ਬਣਾਈ ਜਾ ਸਕੇ, ਕਿਉਂਕਿ ਇਥੇ ਲੱਕੜ ਦੀ ਜ਼ਿਆਦਾ ਪੈਦਾਵਾਰ ਹੋ ਰਹੀ ਹੈ। ਉਨਾਂ ਕਿਹਾ ਕਿ ਸੂਬੇ ਦੇ ਉਦਯੋਗ ਨੂੰ ਮੁੜ ਪੈਰਾਂ ‘ਤੇ ਖੜਾ ਕਰਨ ਲਈ ਉਦਯੋਗਾਂ ਵਾਸਤੇ ਮਹਿਜ਼ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਰਾਜ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਸ੍ਰੀ ਖੁਰਾਲਗੜ ਸਾਹਿਬ ਦੀ ਗਰਾਮ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈਕ ਭੇਟ ਕਰਨ ਤੋਂ ਇਲਾਵਾ ਪਿੰਡ ਦੀ ਪੰਚਾਇਤ ਨੂੰ ਸਮਾਰਟ ਵਿਲੇਜ਼ ਸਕੀਮ ਤਹਿਤ ਵੀ ਡੇਢ ਲੱਖ ਰੁਪਏ ਦਾ ਚੈਕ ਸੌਂਪਿਆ। ਇਸ ਤੋਂ ਇਲਾਵਾ ਪਿੰਡ ਬਸੀ ਬਸਤੀ ਨੂੰ ਵੀ ਸਮਾਰਟ ਵਿਲੇਜ਼ ਸਕੀਮ ਤਹਿਤ ਡੇਢ ਲੱਖ ਰੁਪਏ ਦਾ ਚੈਕ ਸਬੰਧਤ ਪੰਚਾਇਤ ਨੂੰ ਸੌਂਪਿਆ ਗਿਆ।
ਸਮਾਗਮ ਦੌਰਾਨ ਹਲਕਾ ਵਿਧਾਇਕ ਚੱਬੇਵਾਲ ਅਤੇ ਚੇਅਰਮੈਨ ਐਸ.ਸੀ.ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਡਾ. ਰਾਜ ਕੁਮਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਜੀ ਵਲੋਂ ਦਰਸਾਏ ਗਏ ਮਾਰਗ ‘ਤੇ ਚੱਲਣ ਦੀ ਅਪੀਲ ਕਰਦਿਆਂ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਸਮਾਗਮ ਦੌਰਾਨ ਸਾਬਕਾ ਵਿਧਾਇਕ ਸ੍ਰੀ ਲਵ ਕੁਮਾਰ ਗੋਲਡੀ ਨੇ ਸੰਬੋਧਨ ਕਰਦਿਆਂ ਗੜਸ਼ੰਕਰ ਦੀਆਂ ਖਾਸ ਕਰਕੇ ਬੀਤ ਇਲਾਕੇ ਦੀਆਂ ਸਮੱਸਿਆਵਾਂ ਤੋਂ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ। ਸ਼੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਦੇ ਪ੍ਰਧਾਨ ਡਾ. ਕੇਵਲ ਸਿੰਘ ਨੇ ਇਸ ਇਤਿਹਾਸਕ ਸਥਾਨ ਦੀ ਮਹੱਤਤਾ ਤੋਂ ਸੰਗਤ ਨੂੰ ਜਾਣੂ ਕਰਵਾਇਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ, ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ, ਐਸ.ਡੀ.ਐਮ ਗੜਸ਼ੰਕਰ ਸ਼੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲਾ ਪ੍ਰਧਾਨ ਕਾਂਗਰਸ ਕਮੇਟੀ ਡਾ. ਕੁਲਦੀਪ ਨੰਦਾ, ਐਡਵੋਕੇਟ ਰਾਕੇਸ਼ ਮਰਵਾਹਾ, ਸੀਨੀਅਰ ਵਾਈਸ ਪ੍ਰਧਾਨ ਗੁਰਦੁਆਰਾ ਕਮੇਟੀ ਸ਼੍ਰੀ ਕੁਲਵਰਨ ਸਿੰਘ ਅਤੇ ਸੈਕਟਰੀ ਸ਼੍ਰੀ ਗੁਰਮੇਲ ਸਿੰਘ, ਪਿੰਡ ਦੀ ਸਰਪੰਚ ਸ਼੍ਰੀਮਤੀ ਕੁਲਜੀਤ ਕੌਰ, ਜ਼ਿਲਾ ਪ੍ਰਧਾਨ ਫਰੀਡਮ ਫਾਈਟਰ ਜਥੇਬੰਦੀ ਸ਼੍ਰੀ ਗੁਰਦੇਵ ਸਿੰਘ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: