Thu. Apr 2nd, 2020

ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਲਈ 2.28 ਕਰੋੜ ਦੀ ਰਾਸ਼ੀ ਮੰਜ਼ੂਰ: ਧਰਮਸੋਤ

ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਲਈ 2.28 ਕਰੋੜ ਦੀ ਰਾਸ਼ੀ ਮੰਜ਼ੂਰ: ਧਰਮਸੋਤ
ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ: ਰਜ਼ੀਆ ਸੁਲਤਾਨਾ
ਕਾਂਗਰਸ ਸਰਕਾਰ ਨੇ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦਿੰਦੇ ਹੋਏ ਨਸ਼ਿਆਂ ਦੇ ਖਾਤਮੇ ਦੀ ਮੁਹਿੰਮ ਚਲਾਈ: ਵਿਜੇਇੰਦਰ ਸਿੰਗਲਾ
ਕੈਬਨਿਟ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਵਾਰਸਾਂ ਦਾ ਸਨਮਾਨ

ਸੰਗਰੂਰ /ਸੁਨਾਮ ਊਧਮ ਸਿੰਘ ਵਾਲਾ,31 ਜੁਲਾਈ (ਰਾਮਗੜ੍ਹੀਆ )- ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ 79ਵੇਂ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਆਯੋਜਿਤ ਰਾਜ ਪੱਧਰੀ ਸ਼ਹੀਦੀ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕੈਬਨਿਟ ਮੰਤਰੀ ਪੰਜਾਬ ਸ. ਸਾਧੂ ਸਿੰਘ ਧਰਮਸੋਤ ਨੇ ਐਲਾਨ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਨਸਾ-ਭੀਖੀ ਰੋਡ ‘ਤੇ ਬਣਨ ਵਾਲੀ ਸ਼ਹੀਦ ਊਧਮ ਸਿੰਘ ਜੀ ਦੀ ਯਾਦਗਾਰ ਲਈ 2 ਕਰੋੜ 28 ਲੱਖ ਰੁਪਏ ਦੀ ਰਾਸ਼ੀ ਮੰਜ਼ੂਰ ਕੀਤੀ ਹੈ ਅਤੇ ਨਿਰਮਾਣ ਕਾਰਜ ਤੇਜ਼ੀ ਨਾਲ ਸ਼ੁਰੂ ਕਰ ਦਿੱਤੇ ਜਾਣਗੇ।
ਇਸ ਮੌਕੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਦੇਸ਼ ਅਤੇ ਕੌਮ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਯੋਧਿਆਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਮਾਰੋਹ ‘ਚ ਸ਼ਮੂਲੀਅਤ ਕੀਤੀ ਜਾਣੀ ਸੀ ਪਰ ਕੁਝ ਨਾ ਟਾਲੇ ਜਾ ਸਕਣ ਵਾਲੇ ਰੁਝੇਵਿਆਂ ਕਾਰਨ ਉਹ ਸ਼ਾਮਲ ਨਹੀਂ ਹੋ ਸਕੇ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਸੰਘਰਸ਼ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਸ਼੍ਰੀ ਵਿਜੇਇੰਦਰ ਸਿੰਗਲਾ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਵਾਰਨ ਵਾਲੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਸੁਮਨ ਅਰਪਿਤ ਕਰਨ ਮਗਰੋਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀਆਂ ਅਸਥੀਆਂ 1975 ਤੱਕ ਲਗਾਤਾਰ ਕਾਂਗਰਸ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਇਥੇ ਲਿਆਉਣ ਵਿੱਚ ਸਫ਼ਲਤਾ ਹਾਸਲ ਹੋਈ ਸੀ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਨੇ ਦੇਸ਼ ਦੇ ਮਹਾਨ ਨਾਇਕ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਰਜਿੰਦਰ ਸਿੰਘ ਰਾਜਾ ,ਸ਼੍ਰੀਮਤੀ ਦਾਮਨ ਥਿੰਦ ਬਾਜਵਾ ਨੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸੁਨਾਮ ਦੇ ਲੋਕਾਂ ਨਾਲ ਕੀਤੇ ਗਏ ਹਰੇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।
ਸ਼੍ਰੀਮਤੀ ਬਾਜਵਾ ਨੇ ਕਿਹਾ ਕਿ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦਿੰਦੇ ਹੋਏ ਸੇਧ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੁਨਾਮ ਦੀ ਧਰਤੀ ‘ਤੇ ਜਨਮ ਲੈਣ ਵਾਲੇ ਇਸ ਮਹਾਨ ਯੋਧੇ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਸਰਕਾਰ ਦਾ ਉਦਮ ਸ਼ਲਾਘਾਯੋਗ ਹੈ।
ਸਮਾਗਮ ਦੌਰਾਨ ਸ. ਸਾਧੂ ਸਿੰਘ ਧਰਮਸੋਤ ਸਮੇਤ ਸਮੂਹ ਸ਼ਖ਼ਸੀਅਤਾਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਕਾਂਗਰਸ ਸਮੇਤ ਹੋਰ ਵੱਖ ਵੱਖ ਸਮਾਜ ਸੇਵੀ ਸੰਗਠਨਾਂ ਵੱਲੋਂ ਵੀ ਮੁੱਖ ਮਹਿਮਾਨ ਨੂੰ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ ਗਈ।ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਰਜਿੰੰਦਰ ਸਿੰਘ ਬੱਤਰਾ, ਕਾਂਗਰਸੀ ਆਗੂ ਹਰਮਨ ਬਾਜਵਾ ਨੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਸਮਾਰਕ ‘ਤੇ ਰੀਥਾਂ ਰੱਖ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: