ਬਰਗਾੜੀ ਇਨਸਾਫ ਮੋਰਚਾ ਦੁਬਾਰਾ ਲੱਗੇਗਾ

ਬਰਗਾੜੀ ਇਨਸਾਫ ਮੋਰਚਾ ਦੁਬਾਰਾ ਲੱਗੇਗਾ
ਬਰਗਾੜੀ ਇਨਸਾਫ ਮੋਰਚਾ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਵਾਰ ਸੰਘਰਸ਼ ਦੀ ਕਮਾਨ ਸਰਬੱਤ ਖਾਲਸਾ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਥਾਪੇ ਗਏ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਹੱਥ ਹੋਏਗੀ। ਇਸ ਬਾਰੇ ਹਵਾਰਾ ਵੱਲ਼ੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਬਰਗਾੜੀ ਇਨਸਾਫ ਮੋਰਚਾ ਦੀਆਂ ਮੰਗਾਂ ਨੂੰ ਪੂਰਾ ਕਰਾਉਣ ਲਈ 20 ਫਰਵਰੀ ਤੋਂ ਪੰਜਾਬ ਦੀਆਂ ਜੇਲ੍ਹਾਂ ਬਾਹਰ ਧਰਨੇ ਦੇਣ ਦਾ ਐਲਾਨ ਕੀਤਾ ਹੈ।
ਪੰਜ ਮੈਂਬਰੀ ਕਮੇਟੀ ਨੇ ਐਲਾਨ ਕੀਤਾ ਕਿ ਜੇਕਰ 15 ਫਰਵਰੀ ਤਕ ਪੰਜਾਬ ਸਰਕਾਰ ਵੱਲੋਂ ਬਰਗਾੜੀ ਮੋਰਚੇ ਦੀਆਂ ਮੰਗਾਂ ਨਾ ਪੂਰੀਆਂ ਕੀਤੀਆਂ ਗਈਆਂ ਤਾਂ 20 ਫਰਵਰੀ ਤੋਂ ਜੇਲ੍ਹਾਂ ਬਾਹਰ ਧਰਨੇ ਦਿੱਤੇ ਜਾਣਗੇ ਤਾਂ ਜੋ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕਰਵਾਈ ਜਾ ਸਕੇ।
ਪੰਜ ਮੈਂਬਰੀ ਕਮੇਟੀ ਦੇ ਮੈਂਬਰ ਪ੍ਰੋ. ਬਲਜਿੰਦਰ ਸਿੰਘ, ਭਾਈ ਨਰੈਣ ਸਿੰਘ ਚੌੜਾ, ਐਡਵੋਕੇਟ ਅਮਰ ਸਿੰਘ ਚਾਹਲ ਤੇ ਮਾਸਟਰ ਸੰਤੋਖ ਸਿੰਘ ਲੁਧਿਆਣਾ ਨੇ ਇਲਜ਼ਾਮ ਲਾਇਆ ਕਿ ਬਰਗਾੜੀ ਮੋਰਚਾ ਅਧੂਰਾ ਛੱਡ ਦਿੱਤਾ ਗਿਆ ਸੀ। ਇਸ ਲਈ ਮੋਰਚੇ ਦੀਆਂ ਤਿੰਨ ਮੰਗਾਂ ਮਨਵਾਉਣ ਵਾਸਤੇ ਮੁੜ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੂੰ 15 ਫਰਵਰੀ ਤਕ ਅਲਟੀਮੇਟਮ ਦਿੱਤਾ ਗਿਆ ਹੈ। ਜੇਕਰ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਪਹਿਲੇ ਪੜਾਅ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ 20 ਫਰਵਰੀ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਬਾਹਰ ਧਰਨਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਬੁੜੈਲ, ਨਾਭਾ ਤੇ ਪਟਿਆਲਾ ਜੇਲ੍ਹ ਬਾਹਰ ਧਰਨੇ ਦਿੱਤੇ ਜਾਣਗੇ।