ਬਰਗਾੜੀ ਮੋਰਚਾ: ਕੈਪਟਨ ਦੇ ਰੁਖ਼ ਮਗਰੋਂ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ

ਬਰਗਾੜੀ ਮੋਰਚਾ: ਕੈਪਟਨ ਦੇ ਰੁਖ਼ ਮਗਰੋਂ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ

ਬਰਗਾੜੀ ਇਨਸਾਫ਼ ਮੋਰਚਾ ਨੇ ਕੈਪਟਨ ਸਰਕਾਰ ਦੇ ਰੌਂਅ ਨੂੰ ਦੇਖਦੇ ਹੋਏ ਬਰਗਾੜੀ ਮੋਰਚਾ ਨਵੇਂ ਪੜਾਅ ਵਿੱਚ ਭਖਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਦੀ ਰਣਨੀਤੀ ਲਈ ਇੱਕ ਦੋ ਦਿਨਾਂ ‘ਚ ਮੀਟਿੰਗ ਹੋਣੀ ਹੈ। ਕੈਪਟਨ ਸਰਕਾਰ ਵੱਲੋਂ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਸੀਬੀਆਈ ਨੂੰ ਦੇਣ ਦੇ ਫ਼ੈਸਲੇ ਤੋਂ ਪੰਥਕ ਆਗੂ ਕਾਫ਼ੀ ਔਖੇ ਹਨ ਅਤੇ ਇਸ ਨੂੰ ਅਕਾਲੀ ਦਲ ਨੂੰ ਮੌਕਾ ਦੇਣ ਵਾਲੀ ਕਾਰਵਾਈ ਦੱਸਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਬਰਗਾੜੀ ਇਨਸਾਫ਼ ਮੋਰਚਾ ਪਹਿਲੀ ਜੂਨ ਤੋਂ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਅਤੇ ਬਲਜੀਤ ਸਿੰਘ ਦਾਦੂਵਾਲ ਸਮੇਤ ਪੰਥਕ ਆਗੂਆਂ ਦੀ ਅਗਵਾਈ ਵਿੱਚ ਸ਼ੁਰੂ ਕੀਤਾ ਗਿਆ, ਜੋ ਹੁਣ 61ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਬਰਗਾੜੀ ਇਨਸਾਫ਼ ਮੋਰਚਾ ਦੇ ਪ੍ਰਬੰਧਕੀ ਮੈਂਬਰ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਅੱਜ ਗੋਲੀ ਕਾਂਡ ਦੀ ਜਾਂਚ ਸੀਬੀਆਈ ਨੂੰ ਦਿੱਤੇ ਜਾਣ ਦੀ ਸਿਫ਼ਾਰਸ਼ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਅਤੇ ਮੰਗ ਕੀਤੀ ਹੈ ਕਿ ਕੈਪਟਨ ਸਰਕਾਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਕਸੂਰਵਾਰ ਐਲਾਨੇ ਵਿਅਕਤੀਆਂ ਖ਼ਿਲਾਫ਼ ਫ਼ੌਰੀ ਮੁਕੱਦਮੇ ਦਰਜ ਕਰੇ ਅਤੇ ਸਪੈਸ਼ਲ ਕੋਰਟ ਬਣਾ ਕੇ ਇਨ੍ਹਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਇਨ੍ਹਾਂ ਮਾਮਲਿਆਂ ਦੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਪਾਸਾ ਵੱਟ ਰਹੀ ਹੈ। ਉਨ੍ਹਾਂ ਆਖਿਆ ਕਿ ਪਤਾ ਨਹੀਂ ਕਿਹੜੀ ਮਜਬੂਰੀ ਵਿੱਚ ਕੈਪਟਨ ਵੱਲੋਂ ਡੇਰਾ ਸਿਰਸਾ ਦੇ ਮੁਖੀ ਦਾ ਨਾਮ ਇਨ੍ਹਾਂ ਮਾਮਲਿਆਂ ਵਿੱਚ ਜਨਤਕ ਕਰਨ ਤੋਂ ਪਾਸਾ ਵੱਟਿਆ ਜਾ ਰਿਹਾ ਹੈ।

Share Button

Leave a Reply

Your email address will not be published. Required fields are marked *

%d bloggers like this: