ਭਗਵਾਨ ਵਾਲਮੀਕਿ ਤੀਰਥ ਸਥਲ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ

ss1

ਭਗਵਾਨ ਵਾਲਮੀਕਿ ਤੀਰਥ ਸਥਲ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ
ਕੈਬਨਿਟ ਮੰਤਰੀ ਰਣੀਕੇ ਅਤੇ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰਾਂ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
ਵਿਸ਼ਵ ਪੱਧਰੀ ਯਾਦਗਾਰ 1 ਦਸੰਬਰ ਨੂੰ ਕੀਤੀ ਜਾਵੇਗੀ ਸ਼ਰਧਾਲੂਆਂ ਨੂੰ ਸਮਰਪਿਤ

kh-4ਰਾਮ ਤੀਰਥ (ਅੰਮ੍ਰਿਤਸਰ), 23 ਨਵੰਬਰ (ਜੇ. ਐਸ. ਖਾਲਸਾ): ਇਤਿਹਾਸਕ ਨਗਰੀ ਰਾਮ ਤੀਰਥ ਵਿਖੇ ਭਗਵਾਨ ਵਾਲਮੀਕਿ ਤੀਰਥ ਸਥਲ ਇਕ ਵਿਸ਼ਾਲ ਰਾਜ ਪੱਧਰੀ ਸਮਾਗਮ ਦੌਰਾਨ 1 ਦਸੰਬਰ ਨੂੰ ਸ਼ਰਧਾਲੂਆਂ ਨੂੰ ਸਮਰਪਿਤ ਕੀਤਾ ਜਾਵੇਗਾ, ਜਿਸ ਸਬੰਧੀ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਹਨ। ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰਾਂ ਸ੍ਰੀ ਐਸ. ਕੇ ਸੰਧੂ, ਸ੍ਰੀ ਕੇ. ਜੇ ਐਸ ਚੀਮਾ, ਸ੍ਰੀ ਏ. ਕੇ ਤਿਵਾੜੀ ਅਤੇ ਸ੍ਰੀ ਹੁਸਨ ਲਾਲ ਸਮੇਤ ਇਸ ਵਿਸ਼ਾਲ ਸਮਾਗਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਉਨਾਂ ਨੂੰ ਸਮਾਗਮ ਦੀ ਸਫਲਤਾ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਸ. ਗੁਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 200 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਸ ਅਲੌਕਿਕ ਅਤੇ ਵਿਲੱਖਣ ਯਾਦਗਾਰ ਦੇ ਰਾਜ ਪੱਧਰੀ ਸਮਾਗਮ ਦੌਰਾਨ ਦੇਸ਼-ਵਿਦੇਸ਼ ਵਿਚੋਂ ਇਕ ਲੱਖ ਦੇ ਕਰੀਬ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ, ਜਿਸ ਲਈ ਵੱਡੀ ਪੱਧਰ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਅਦੁੱਤੀ ਯਾਦਗਾਰ ਦਾ ਕੰਮ ਤੈਅ ਸਮੇਂ ਵਿਚ ਕੀਤਾ ਗਿਆ ਹੈ ਅਤੇ ਇਹ ਇਕ ਵਿਲੱਖਣ ਤੇ ਆਪਣੀ ਕਿਸਮ ਦਾ ਪਹਿਲਾ ਮੰਦਿਰ ਹੋਵੇਗਾ, ਜਿਥੇ ਦੇਸ਼ ਵਿਚੋਂ ਹੀ ਨਹੀਂ ਬਲਕਿ ਵਿਦੇਸ਼ਾਂ ਵਿਚੋਂ ਵੀ ਸ਼ਰਧਾਲੂ ਨਤਮਸਤਕ ਹੋਣ ਲਈ ਆਉਣਗੇ। ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਇਸ ਪ੍ਰਾਜੈਕਟ ਨੂੰ ਇਕ ਮਿਸ਼ਨ ਵਜੋਂ ਲੈਂਦਿਆਂ ਇਸ ‘ਤੇ ਲਗਾਤਾਰ ਨਜ਼ਰਸਾਨੀ ਕੀਤੀ ਹੈ। ਉਨਾਂ ਕਿਹਾ ਕਿ ਇਸ ਮੰਦਿਰ ਵਿਚ ਸਥਾਪਿਤ ਹੋਣ ਵਾਲੀ ਭਗਵਾਨ ਵਾਲਮੀਕਿ ਦੀ ਵਿਲੱਖਣ ਮੂਰਤੀ 25 ਨਵੰਬਰ ਨੂੰ ਰਾਮ ਤੀਰਥ ਪਹੁੰਚੇਗੀ। ਇਸ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਇਸ ਮੂਰਤੀ ਦੇ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਲਈ ਸੂਬੇ ਭਰ ਦੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਹੈ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੌਂਪੀਆਂ ਗਈਆਂ ਡਿਊਟੀਆਂ ਨੂੰ ਜ਼ਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਇਸ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਬਸੰਤ ਗਰਗ ਸਮਾਗਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜਨ ਲਈ ਵੱਖ-ਵੱਖ 17 ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਨਾਂ ਕਮੇਟੀਆਂ ਵਿਚ ਸੈਂਕੜੇ ਅਧਿਕਾਰੀ ਸ਼ਾਮਿਲ ਹਨ, ਜਿਨਾਂ ਨੂੰ ਵੱਖ-ਵੱਖ ਤਰਾਂ ਦੀਆਂ ਡਿਊਟੀਆਂ ਸੌਂਪੀਆਂ ਗਈਆਂ ਹਨ। ਇਸ ਮੌਕੇ ਐਸ. ਐਸ. ਪੀ ਅੰਮ੍ਰਿਤਸਰ (ਦਿਹਾਤੀ) ਸ. ਹਰਕਮਲ ਪ੍ਰੀਤ ਸਿੰਘ ਖੱਖ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ, ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸ੍ਰੀ ਸੰਦੀਪ ਰਿਸ਼ੀ, ਐਸ. ਡੀ. ਐਮ ਅਜਨਾਲਾ ਡਾ ਅਨੁਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :-ਰਾਮ ਤੀਰਥ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ। ਨਾਲ ਹਨ ਪ੍ਰਮੁੱਖ ਸਕੱਤਰ ਐਸ. ਕੇ ਸੰਧੂ, ਸ੍ਰੀ ਕੇ. ਜੇ ਐਸ ਚੀਮਾ, ਸ੍ਰੀ ਏ. ਕੇ ਤਿਵਾੜੀ , ਸ੍ਰੀ ਹੁਸਨ ਲਾਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਬਸੰਤ ਗਰਗ।

Share Button

Leave a Reply

Your email address will not be published. Required fields are marked *