ਭਲਾਈ ਸਕੀਮਾਂ ‘ਚ ਇੱਕ ਪੈਸੇ ਦੀ ਦੁਰਵਰਤੋਂ ਬਰਦਾਸ਼ਤ ਨਹੀਂ -: ਸਾਧੂ ਸਿੰਘ ਧਰਮਸੋਤ

ਭਲਾਈ ਸਕੀਮਾਂ ‘ਚ ਇੱਕ ਪੈਸੇ ਦੀ ਦੁਰਵਰਤੋਂ ਬਰਦਾਸ਼ਤ ਨਹੀਂ -: ਸਾਧੂ ਸਿੰਘ ਧਰਮਸੋਤ

ਖ਼ਾਲੀ ਅਸਾਮੀਆਂ ਭਰਨ ਦੀ ਕਵਾਇਦ ਸ਼ੁਰੂ ਕਰਨ ਦੇ ਆਦੇਸ਼

ਪੰਜਾਬ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਐਸ.ਸੀ./ਬੀ.ਸੀ. ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵਿਭਿੰਨ ਸਕੀਮਾਂ ‘ਚ ਇੱਕ ਪੈਸੇ ਦੀ ਦੁਰਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਅੱਜ ਇੱਥੇ ਪੰਜਾਬ ਭਵਨ ਵਿਖੇ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਾ ਭਲਾਈ ਅਫ਼ਸਰਾਂ ਨਾਲ ਕੀਤੀ ਮੀਟਿੰਗ ਦੌਰਾਨ ਸ. ਧਰਮਸੋਤ ਨੇ ਕਿਹਾ ਕਿ ਸਰਕਾਰ ਵਲੋਂ ਐਸ.ਸੀ./ਬੀ.ਸੀ. ਅਤੇ ਘੱਟ ਗਿਣਤੀ ਵਰਗ ਦੇ ਸਰਬਪੱਖੀ ਵਿਕਾਸ ਲਈ ਵਿਭਿੰਨ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਨੂੰ ਸਬੰਧਤਾਂ ਤੱਕ ਪਹੁੰਚਾਉਣਾ ਤੇ ਸੁਹਿਰਦਤਾ ਨਾਲ ਲਾਗੂ ਕਰਾਉਣਾ ਭਲਾਈ ਵਿਭਾਗ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਲਾਈ ਸਕੀਮਾਂ ‘ਚ ਇੱਕ ਪੈਸੇ ਦੀ ਦੁਰਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


ਭਲਾਈ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਪ੍ਰੀ-ਮੈਟ੍ਰਿਕ ਤੇ ਪੋਸਟ ਮੈਟ੍ਰਿਕ ਸਕਾਲਸ਼ਿਪ ਸਕੀਮ ਨੂੰ ਪਾਰਦਰਸ਼ੀ ਤੇ ਸਮਾਂਬੱਧ ਬਣਾਉਣ ਲਈ ਅਰਜ਼ੀਆਂ ਆਨ ਲਾਈਨ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਰਜ਼ੀਆਂ ਪ੍ਰਾਪਤ ਹੋਣ ਮਗਰੋਂ ਸਮੂਹ ਸਿੱਖਿਆ ਸੰਸਥਾਵਾਂ ‘ਚ ਹੋਏ ਵਜੀਫ਼ਾ ਬਿਨੈਕਾਰਾਂ ਦੇ ਦਾਖਲਿਆਂ ਦੀ ਪੜਤਾਲ ਤਹਿਸੀਲ ਭਲਾਈ ਅਫ਼ਸਰ ਰਾਹੀਂ ਕਰਵਾਈ ਜਾਵੇਗੀ ਅਤੇ ਰਿਪੋਰਟ ਸਹੀ ਹੋਣ ‘ਤੇ ਹੀ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਵੱਖ-ਵੱਖ ਪ੍ਰਾਈਵੇਟ ਸਿੱਖਿਆ ਸੰਸਥਾਵਾਂ ‘ਚ ਪੜ੍ਹ ਰਹੇ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਨੂੰ ਫੀਸ ਲਈ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ।
ਮੁੱਖ ਦਫ਼ਤਰਾਂ ਅਤੇ ਜ਼ਿਲ੍ਹਾ ਦਫ਼ਤਰਾਂ ਵਿਖੇ ਪ੍ਰਵਾਨਤ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਕਵਾਇਦ ਤੁਰੰਤ ਸ਼ੁਰੂ ਕਰਨ ਦੇ ਆਦੇਸ਼ ਦਿੰਦਿਆਂ ਸ. ਧਰਮਸੋਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਿਭਾਗੀ ਕੰਮ-ਕਾਜ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਵਹੀਕਲ, ਸਟਾਫ਼, ਫਰਨੀਚਰ ਅਤੇ ਕੰਪਿਊਟਰ ਆਦਿ ਸਬੰਧੀ ਰਿਪੋਰਟ ਤਿਆਰ ਕੀਤੀ ਜਾਵੇ। ਉਨ੍ਹਾਂ ਵਿਭਾਗੀ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ ਦੇ ਪਾਬੰਦ ਹੋਣ ਅਤੇ ਸਮੂਹ ਕਾਰਜ ਸੁਹਿਰਦਤਾ ਨਾਲ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ।
ਇਸ ਮੌਕੇ ਸ੍ਰੀ ਆਰ. ਵੈਂਕਟਰਤਨਮ, ਪ੍ਰਮੁੱਖ ਸਕੱਤਰ, ਭਲਾਈ ਵਿਭਾਗ, ਸ. ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ, ਭਲਾਈ ਵਿਭਾਗ, ਸ. ਰਾਜ ਬਹਾਦਰ ਸਿੰਘ, ਡਾਇਰੈਕਟਰ (ਐਸ.ਸੀ.ਐਸ.ਟੀ.) ਕਮ-ਸੰਯੁਕਤ ਸਕੱਤਰ ਤੋਂ ਇਲਾਵਾ ਵਿਭਾਗ ਦੇ ਸਮੂਹ ਵਧੀਕ, ਜੁਆਇੰਟ ਅਤੇ ਡਿਪਟੀ ਡਾਇਰੈਟਰਜ਼ ਤੋਂ ਇਲਾਵਾ ਸਮੂਹ ਜ਼ਿਲ੍ਹਿਆਂ ਦੇ ਜ਼ਿਲ੍ਹਾ ਭਲਾਈ ਅਫ਼ਸਰ ਵੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: