ਵੱਡੇ ਘੱਲੂਘਾਰੇ ਦੇ 35 ਹਜ਼ਾਰ ਸ਼ਹੀਦਾਂ ਦੀ ਯਾਦ ‘ਚ ਪਿੰਡ ਕੁਤਬਾ (ਬਰਨਾਲਾ) ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਹੇਠ ਕੀਤੀ ਗਈ ਵਿਸ਼ਾਲ ਕਾਰਨਫਰੰਸ ਸਮੇਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਬੋਲਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸਿੱਖ ਪੰਥ ਦੀ ਅਗਵਾਈ ਕਰਦਿਆਂ ਪੰਥ ਦੇ ਹਿੱਤਾਂ ਲਈ ਪਹਿਰਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ, ਪਾਰਟੀ ਨੇ ਹਮੇਸ਼ਾ ਹੀ ਸਿੱਖ ਕੌਮ ‘ਤੇ ਹੁੰਦੇ ਜ਼ਬਰ ਅਤੇ ਜ਼ੁਲਮ ਖਿਲਾਫ ਅਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਅਕਾਲੀ ਭਾਜਪਾ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ, ਥਰਮਲ ਪਲਾਟ, ਬੁਢਾਪਾ ਪੈਨਸ਼ਨਾਂ, ਸ਼ਗਨ ਸਕੀਮਾਂ ਅਤੇ ਹੋਰ ਲੋਕ ਭਲਾਈ ਪ੍ਰੋਜੈਕਟਾਂ ਨੂੰ ਬੰਦ ਕਰਕੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਇਸ ਵਤੀਰੇ ਤੋਂ ਤਾਂ ਇੰਝ ਲਗਦਾ ਹੈ ਜਿਵੇਂ ਉਹ ਪੰਜਾਬ ਦੇ ਲੋਕਾਂ ਕੋਲੋਂ ਕੋਈ ਬਦਲਾ ਲੈ ਰਹੇ ਹੋਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕੁਤਬਾ ਵਿਖੇ 1762 ਈ: ਦੇ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਵੱਡੀ ਯਾਦਗਾਰ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਬਰਨਾਲਾ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਪ੍ਰਧਾਨ ਜ਼ਿਲ੍ਹਾ ਸੰਗਰੂਰ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਹਲਕਾ ਬਰਨਾਲਾ ਦੇ ਇੰਚਾਰਜ਼ ਸੁਰਿੰਦਰਪਾਲ ਸਿੰਘ ਸੀਬੀਆ, ਐਸ.ਜੀ.ਪੀ.ਸੀ. ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ, ਬਲਦੇਵ ਸਿੰਘ ਚੂੰਘਾਂ, ਮਾ: ਹਰਬੰਸ ਸਿੰਘ ਸ਼ੇਰਪੁਰ, ਬਾਬਾ ਹਾਕਮ ਸਿੰਘ ਗੰਡਾ ਸਿੰਘ ਵਾਲਾ, ਸਾਬਕਾ ਚੇਅਰਮੈਨ ਅਜੀਤ ਸਿੰਘ ਕੁਤਬਾ ਆਦਿ ਨੇ ਵੀ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਪ੍ਰਬੰਧਕਾਂ ਵਲੋਂ ਸ. ਸੁਖਬੀਰ ਸਿੰਘ ਬਾਦਲ ਸਮੇਤ ਵੱਖ ਵੱਖ ਆਗੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਰਮਿੰਦਰ ਸਿੰਘ ਰੰਮੀ ਢਿਲੋਂ, ਸਾਬਕਾ ਮੰਤਰੀ ਨੁਸਰਤ ਖਾਂ ਬੱਗੇ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਰਾਹੀ, ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਆਦਿ ਹਾਜ਼ਰ ਸਨ।