ਸ਼੍ਰੀ ਗੁਰੂ ਗੋਬਿੰਦ ਸਿੰਘ ਮਾਰਗ ਤੋਂ ਸ਼ਰਾਬ ਦੇ ਠੇਕੇ ਹਟਾਉਣ ਲਈ ਇੰਟਰਨੈਸ਼ਨਲ ਪੰਥਕ ਦਲ ਨੇ ਚਲਾਈ ਮੁਹਿੰਮ

ss1

ਸ਼੍ਰੀ ਗੁਰੂ ਗੋਬਿੰਦ ਸਿੰਘ ਮਾਰਗ ਤੋਂ ਸ਼ਰਾਬ ਦੇ ਠੇਕੇ ਹਟਾਉਣ ਲਈ ਇੰਟਰਨੈਸ਼ਨਲ ਪੰਥਕ ਦਲ ਨੇ ਚਲਾਈ ਮੁਹਿੰਮ

8-4
ਬਠਿੰਡਾ-(ਪਰਵਿੰਦਰ ਜੀਤ ਸਿੰਘ)ਇੰਟਰਨੈਸ਼ਨਲ ਪੰਥਕ ਦਲ ਦੇ ਸਰਪ੍ਰਸਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖਾਲਸਾ ਖਾਲਸਾ ਦੀ ਅਗਵਾਈ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਲੈ ਕੇ ਦਮਦਮਾ ਸਾਹਿਬ ਤਲਵੰਡੀ ਸਾਬੋ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ‘ਤੇ ਪੈਂਦੇ ਸਾਰੇ ਸ਼ਰਾਬ ਦੇ ਠੇਕੇ ਹਟਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਅੱਜ ਇੰਟਰਨੈਸ਼ਨਲ ਪੰਥਕ ਦਲ ਦੇ ਅਹੁੱਦੇਦਾਰਾਂ ਵੱਲੋ ਹਾਜੀਰਤਨ ਸ਼੍ਰੀ ਗੁਰੂਦੁਆਰਾ ਸਾਹਿਬ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਸ ਸਬੰਧੀ ਜ਼ਿਲ੍ਹਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੋਂਪਿਆਂ ਗਿਆ। ਇਸ ਉਪਰੰਤ ਇੰਟਰਨੈਸ਼ਨਲ ਪੰਥਕ ਦਲ ਦੇ ਆਗੂਆਂ ਵੱਲੋ ਬਠਿੰਡਾ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਦਰਸ਼ਨ ਸਿੰਘ ਮੰਡ ਅਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇੰਟਰਨੈਸ਼ਨਲ ਪੰਥਕ ਦਲ ਵੱਲੋ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਤੋਂ ਲੈਕੇ ਦਮਦਮਾ ਸਾਹਿਬ ਤਲਵੰਡੀ ਸਾਬੋ ਤੱਕ ਜੋ ਵੀ ਸ਼ਰਾਬ ਦੇ ਠੇਕੇ ਹਨ ਉਸ ਨੂੰ ਹਟਾਉਣ ਸਬੰਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਹਰ ਜਿਲੇ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਿਆਂ ਜਾ ਰਿਹਾ ਹੈ ਜਿਸ ਵਿੱਚ ਮੰਗ ਕੀਤੀ ਹੈ ਕਿ ਉਕਤ ਮਾਰਗ ਤੋਂ ਸ਼ਰਾਬ ਦੇ ਠੇਕੇ ਤੁਰੰਤ ਰੂਪ ਵਿੱਚ ਹਟਾਏ ਜਾਣ।

ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਠੇਕੇ ਅਤੇ ਹੋਰ ਨਸ਼ਿਆਂ ਦੀਆਂ ਦੁਕਾਨਾਂ ਇਸ ਇਤਿਹਾਸਿਕ ਮਾਰਗ ਉੱਪਰ ਹੋਣਾ ਸਿੱਖ ਸਿਧਾਂਤਾਂ ਅਤੇ ਰਵਾਇਤਾਂ ਦਾ ਅਪਮਾਨ ਤਾਂ ਹੈ ਹੀ, ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਵੀ ਪ੍ਰਮੁੱਖ ਮਾਰਗਾਂ ਉੱਪਰੋਂ ਸ਼ਰਾਬ ਦੇ ਠੇਕੇ ਹਟਾਏ ਜਾਣ ਦੇ ਹੁਕਮਾਂ ਦੀ ਉਲੰਘਣਾ ਵੀ ਹਨ। ਇਸ ਮਾਮਲੇ ਵਿੱਚ ਇੰਟਰਨੈਸ਼ਨਲ ਪੰਥਕ ਦਲ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਜੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਇਹ ਠੇਕੇ ਨਾ ਚੁਕਵਾਏ ਤਾਂ ਇੰਟਰਨੈਸ਼ਨਲ ਪੰਥਕ ਦਲ ਆਪਣੇ ਵੱਲੋਂ ਇਹ ਨਸ਼ਿਆਂ ਦੀਆਂ ਦੁਕਾਨਾਂ ਹਟਾਉਣ ਲਈ ਆਪਣੇ ਵੱਲੋਂ ਮੁਹਿੰਮ ਸ਼ੁਰੂ ਕਰੇਗਾ। ਇਸ ਹਾਲਤ ਵਿੱਚ ਜੇਕਰ ਅਮਨ ਕਾਨੂੰਨ ਦੀ ਸਥਿਤੀ ਖਰਾਬ ਹੁੰਦੀ ਹੈ ਤਾਂ ਇਸ ਲਈ ਸਬੰਧਿਤ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਜਾਣਕਾਰੀ ਦਿੰਦਿਆਂ ਇੰਟਰਨੈਸ਼ਨਲ ਪੰਥਕ ਦਲ ਆਗੂਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਇਹ ਮੰਗ ਪੱਤਰ ਮੁੱਖ ਮੰਤਰੀ ਨੂੰ ਭੇਜਣ ਲਈ ਸਵੀਕਾਰ ਕਰਦਿਆਂ ਇਸ ਮਾਮਲੇ ਵਿੱਚ ਉੱਚਿਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ 20 ਅਗਸਤ ਨੂੰ ਇੰਟਰਨੈਸ਼ਨਲ ਪੰਥਕ ਦਲ ਵੱਲੋਂ ਜ਼ਿਲ੍ਹਾ ਰੋਪੜ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਸ੍ਰੀ ਗਰੂ ਗੋਬਿੰਦ ਸਿੰਘ ਮਾਰਗ ਉੱਪਰੋਂ ਸ਼ਰਾਬ ਦੇ ਠੇਕੇ ਹਟਾਉਣ ਸਬੰਧੀ ਮੰਗ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇ ਸਰਕਾਰ ਨੇ ਇਨਾਂ ਮੰਗ ਪੱਤਰਾਂ ਨੂੰ ਗੰਭੀਰਤਾ ਨਾਲ ਨਾ ਲੈਂਦਿਆਂ ਇਸ ਸਬੰਧੀ ਕੋਈ ਕਾਰਵਾਈ ਨਾ ਕੀਤੀ ਤਾਂ ਇੰਟਰਨੈਸ਼ਨਲ ਪੰਥਕ ਦਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਦਮਦਮਾ ਸਾਹਿਬ ਤਲਵੰਡੀ ਸਾਬੋ ਤੱਕ ਵਿਸ਼ੇਸ ਮਾਰਚ ਆਰੰਭਿਆ ਜਾਵੇਗਾ। ਇਸ ਦੌਰਾਨ ਸਮੁੱਚੇ ਮਾਰਗ ‘ਤੇ ਜੋ ਵੀ ਸ਼ਰਾਬ ਦੇ ਠੇਕੇ ਅਤੇ ਹੋਰ ਨਸ਼ਿਆਂ ਦੀਆਂ ਦੁਕਾਨਾਂ ਸਾਹਮਣੇ ਆਉਣਗੀਆਂ ਉਨ੍ਹਾਂ ਨੂੰ ਹਰ ਉੱਚਿਤ ਤਰੀਕਾ ਵਰਤ ਕੇ ਹਟਾਇਆ ਜਾਵਗਾ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਸੰਗਤਾਂ ਅਮਨ ਸ਼ਾਂਤੀ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਆਪਣੀ ਕਾਰਵਾਈ ਕਰਨਗੀਆਂ। ਫਿਰ ਵੀ ਇਸ ਮਾਮਲੇ ਵਿੱਚ ਜੇ ਅਮਨ ਕਾਨੂੰਨ ਦੀ ਸਥਿਤੀ ਖ਼ਤਰੇ ਵਿੱਚ ਪੈਂਦੀ ਹੈ ਤਾਂ ਇਸ ਲਈ ਸਰਕਾਰ ਅਤੇ ਪ੍ਰਸ਼ਾਸ਼ਨ ਜ਼ਿੰਮੇਵਾਰ ਹੋਵੇਗਾ। ਆਗੂਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਉੱਪਰ ਪੈਂਦੇ ਸਮੂਹ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੀਆਂ ਪੰਚਾਇਤਾਂ, ਨਗਰ ਕੌਂਸਲਾਂ ਅਤੇ ਹੋਰ ਸੰਸਥਾਵਾਂ ਨੂੰ ਸ਼ਰਧਾ ਭਾਵਨਾ ਵਾਲੇ ਇਸ ਮਾਰਗ ਨੂੰ ਨਸ਼ਾ ਮੁਕਤ ਮਾਰਗ ਬਣਾਉਣ ਲਈ ਆਰੰਭੀ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇਸ ਮੌਕੇ ਆਲ ਇੰਡੀਆ ਕੰਨਵੀਨਰ ਸੁਖਵਿੰਦਰ ਸਿੰਘ ਆਗਵਾਨ, ਬਾਬਾ ਸਤਨਾਮ ਸਿੰਘ ਵੱਲੀਆ, ਜੱਥੇਦਾਰ ਦਲੀਪ ਸਿੰਘ ਚਕਰ, ਗੁਰਦੇਵ ਸਿੰਘ ਜਲੰਧਰ, ਬਾਬਾ ਰਾਜਪਾਲ ਸਿੰਘ ਖਾਲਸਾ, ਹਰਚਰਨ ਸਿੰਘ ਆਦਿ ਵੱਡੀ ਗਿਣਤੀ ਵਿੱਚ ਆਗੂ ਹਾਜਰ ਸਨ।

Share Button

Leave a Reply

Your email address will not be published. Required fields are marked *