Fri. Aug 23rd, 2019

ਸ਼੍ਰੋਮਣੀ ਕਮੇਟੀ ਨੇ ਪੀ.ਜੀ.ਆਈ. ਵਿਖੇ ਸ਼ੁਰੂ ਕੀਤੀ ਲੰਗਰ ਸੇਵਾ

ਸ਼੍ਰੋਮਣੀ ਕਮੇਟੀ ਨੇ ਪੀ.ਜੀ.ਆਈ. ਵਿਖੇ ਸ਼ੁਰੂ ਕੀਤੀ ਲੰਗਰ ਸੇਵਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਚੰਡੀਗੜ੍ਹ ਵਿਖੇ ਸਥਿਤ ਪੀ.ਜੀ.ਆਈ. ਹਸਪਤਾਲ ਦੇ ਮਰੀਜ਼ਾਂ ਅਤੇ ਉਨ੍ਹਾਂ ਨਾਲ ਆਏ ਮੈਂਬਰਾਂ ਲਈ ਲੰਗਰ ਦੀ ਵਿਵਸਥਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਹਸਪਤਾਲ ਵਿਖੇ ਇਹ ਲੰਗਰ ਦੀ ਸੇਵਾ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਪੰਚਕੂਲਾ ਤੋਂ ਕੀਤੀ ਜਾਵੇਗੀ। ਇਸ ਦੀ ਸ਼ੁਰੂਆਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਚਲਾਈ ਗਈ ਲੰਗਰ ਦੀ ਪ੍ਰਥਾ ਪੂਰੇ ਵਿਸ਼ਵ ਦੇ ਧਰਮਾਂ ਵਿੱਚੋਂ ਪ੍ਰਥਮ ਹੈ ਅਤੇ ਗੁਰੂ ਕਾ ਲੰਗਰ ਬਿਨਾਂ ਭੇਦ-ਭਾਵ ਦੇ ਹਰ ਵਰਗ ਲਈ ਸਰਬਸਾਂਝਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੀ.ਜੀ.ਆਈ. ਹਸਪਤਾਲ ਵਿਖੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਲੰਗਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਖੇ ਭਾਰਤ ਦੇ ਹੋਰਨਾਂ ਰਾਜਾਂ ਤੋਂ ਇਲਾਜ ਲਈ ਮਰੀਜ ਪੀ.ਜੀ.ਆਈ. ਚੰਡੀਗੜ੍ਹ ਵਿਖੇ ਪੁੱਜਦੇ ਹਨ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੋਕ-ਭਲਾਈ ਦੀਆਂ ਸੇਵਾਵਾਂ ਲਈ ਨਿਰੰਤਰ ਕਾਰਜ ਕੀਤੇ ਜਾਂਦੇ ਹਨ ਅਤੇ ਇਸੇ ਤਹਿਤ ਹੀ ਸਮੇਂ-ਸਮੇਂ ’ਤੇ ਕੁਦਰਤੀ ਆਫ਼ਤਾਂ ਆਦਿ ਮੌਕੇ ਲੰਗਰ ਅਤੇ ਹੋਰ ਰਾਹਤ ਕਾਰਜ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੀ.ਜੀ.ਆਈ. ਵਿਖੇ ਲੰਗਰ ਵਿਵਸਥਾ ਲਈ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਇਹ ਸੇਵਾ ਨਿਰੰਤਰ ਜਾਰੀ ਰਹੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰ. ਰਘੂਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ, ਸ੍ਰ. ਬਲਦੇਵ ਸਿੰਘ ਕਾਇਮਪੁਰੀ, ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਹਰਜਿੰਦਰ ਕੌਰ, ਮੈਂਬਰ ਸ਼੍ਰੋਮਣੀ ਕਮੇਟੀ, ਸ੍ਰ. ਅਵਤਾਰ ਸਿੰਘ ਸਕੱਤਰ, ਸ਼੍ਰੋਮਣੀ ਕਮੇਟੀ, ਸ੍ਰ. ਜਗੀਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਮੌਜੂਦ ਸਨ।

Leave a Reply

Your email address will not be published. Required fields are marked *

%d bloggers like this: