ਸਿੱਧੂ ਵੱਲੋਂ ਪੰਜਾਬੀ ਦੀ ਪ੍ਰਫੁੱਲਤਾ ਲਈ ਵਿਸ਼ੇਸ਼ ਪਹਿਲਕਦਮੀ, ਦੋਵੇਂ ਵਿਭਾਗਾਂ ਦਾ ਕੰਮ ਮਾਂ ਬੋਲੀ ਵਿੱਚ ਕਰਨ ਦੇ ਆਦੇਸ਼

ss1

ਸਿੱਧੂ ਵੱਲੋਂ ਪੰਜਾਬੀ ਦੀ ਪ੍ਰਫੁੱਲਤਾ ਲਈ ਵਿਸ਼ੇਸ਼ ਪਹਿਲਕਦਮੀ, ਦੋਵੇਂ ਵਿਭਾਗਾਂ ਦਾ ਕੰਮ ਮਾਂ ਬੋਲੀ ਵਿੱਚ ਕਰਨ ਦੇ ਆਦੇਸ਼

ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਵਿਸ਼ੇਸ਼ ਪਹਿਲਕਦਮੀ ਕਰਦਿਆਂ ਆਪਣੇ ਦੋਵੇਂ ਵਿਭਾਗਾਂ ਸਥਾਨਕ ਸਰਕਾਰਾਂ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਦਾ ਸਾਰਾ ਦਫਤਰੀ ਕੰਮ-ਕਾਰ ਪੰਜਾਬੀ ਭਾਸ਼ਾ ਵਿੱਚ ਕਰਨਾ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਹਨ।

ਸ.ਸਿੱਧੂ ਨੇ ਬੀਤੇ ਦਿਨੀਂ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਹਿਤੈਸ਼ੀ ਵੱਲੋਂ ਸੱਦੀ ਗਈ ‘ਪੰਚਾਇਤ’ ਦੌਰਾਨ ਇਸ ਸਬੰਧੀ ਐਲਾਨ ਕੀਤਾ ਸੀ ਅਤੇ ਅੱਜ ਉਨ੍ਹਾਂ ਦੋਵੇਂ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਪੱਤਰ ਲਿਖ ਕੇ ਸਾਰਾ ਕੰਮ-ਕਾਰ ਪੰਜਾਬੀ ਭਾਸ਼ਾ ਵਿੱਚ ਲਾਜ਼ਮੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ.ਸਿੱਧੂ ਨੇ ਦੋਵਾਂ ਵਿਭਾਗਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਨੂੰ ਉਤਸ਼ਾਹਤ ਤੇ ਪ੍ਰਫੁੱਲਤ ਕਰਨਾ ਉਨ੍ਹਾਂ ਦਾ ਮੁੱਢਲਾ ਫਰਜ਼ ਹੈ ਅਤੇ ਭਵਿੱਖ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਵਿਭਾਗ ਦਾ ਸਾਰਾ ਦਫਤਰੀ ਕੰਮ-ਕਾਰ ਪੰਜਾਬੀ ਮਾਂ ਬੋਲੀ ਵਿੱਚ ਕੀਤਾ ਜਾਵੇ। ਇਸੇ ਤਰ੍ਹਾਂ ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਦੋਵਾਂ ਵਿਭਾਗ ਨਾਲ ਸਬੰਧਤ ਹਰ ਸਾਈਨ ਬੋਰਡ ਉਪਰ ਪੰਜਾਬੀ ਭਾਸ਼ਾ ਵਿੱਚ ਲਿਖਣਾ ਯਕੀਨੀ ਬਣਾਇਆ ਜਾਵੇ।

ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਨੂੰ ਲਿਖੇ ਪੱਤਰ ਵਿੱਚ ਸ. ਸਿੱਧੂ ਨੇ ਕਿਹਾ ਕਿ ਜੇਕਰ ਉਕਤ ਆਦੇਸ਼ਾਂ ਦੀ ਪਾਲਣਾ ਨਹੀਂ ਹੁੰਦੀ ਤਾਂ ਸਬੰਧਤ ਅਧਿਕਾਰੀ/ਕਰਮਚਾਰੀ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇ।

ਕੈਬਨਿਟ ਮੰਤਰੀ ਸ.ਸਿੱਧੂ ਨੇ ਪੰਜਾਬੀ ਮਾਂ ਬੋਲੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਜਾਬੀ ਸਾਡੀ ਪਹਿਚਾਣ ਤੇ ਗੈਰਤ ਹੈ ਅਤੇ ਜੇਕਰ ਇਸ ਨੂੰ ਗੁਆ ਬੈਠਾਂਗੇ ਤਾਂ ਸਾਡੀ ਹੋਂਦ ਹੀ ਨਹੀਂ ਰਹੇਗੀ, ਇਸ ਲਈ ਮਾਂ ਬੋਲੀ ਦਾ ਰੁਤਬਾ ਬਹਾਲ ਕਰਨਾ ਅਤੇ ਇਸ ਨੂੰ ਬਣਦਾ ਮਾਣ ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ।

Share Button

Leave a Reply

Your email address will not be published. Required fields are marked *