ਸੁਖਬੀਰ ਵਲੋਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ‘ਇਕ ਸ਼ਾਮ ਸਰਕਾਰ ਦੇ ਨਾਮ’ ਪ੍ਰੋਗਰਾਮ ਤਹਿਤ ਪ੍ਰਚਾਰ ਦੇ ਹੁਕਮ

ss1

ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਚੋਣਾਂ ਦੇ ਮੱਦੇਨਜ਼ਰ ਕਮਰਕੱਸੇ ਕੱਸਣ ਲਈ ਪ੍ਰੇਰਿਆ

ਸੁਖਬੀਰ ਵਲੋਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ‘ਇਕ ਸ਼ਾਮ ਸਰਕਾਰ ਦੇ ਨਾਮ’ ਪ੍ਰੋਗਰਾਮ ਤਹਿਤ ਪ੍ਰਚਾਰ ਦੇ ਹੁਕਮ

2-33

ਚੰਡੀਗੜ੍ਹ, 1 ਜੂਨ (ਪ੍ਰਿੰਸ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਕਿਹਾ ਕਿ ਉਹ 10 ਜੂਨ ਤੋਂ ਸ਼ੁਰੂ ਹੋਣ ਵਾਲੇ ‘ਇਕ ਸ਼ਾਮ ਸਰਕਾਰ ਦੇ ਨਾਮ’ ਸਮਾਗਮਾਂ ਬਾਰੇ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਜਿਸ ਰਾਹੀਂ ਕਿ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਨੇ ਕੀ-ਕੀ ਲੋਕ ਪੱਖੀ ਭਲਾਈ ਸਕੀਮਾਂ ਚਲਾਈਆਂ ਅਤੇ ਸੂਬੇ ਦੀ ਤਰੱਕੀ ਵਿਚ ਕੀ ਯੋਗਦਾਨ ਪਾਇਆ ਹੈ।
ਇੱਥੇ ਮਾਲਵਾ ਜ਼ੋਨ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2017 ਦੀਆਂ ਪੰਜਾਬ ਵਿਧਾਨ ਚੋਣਾਂ ਦੇ ਮੱਦੇਨਜ਼ਰ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ ਅਤੇ ਪਾਰਟੀ ਨੂੰ ਹੇਠਲੇ ਪੱਧਰ ‘ਤੇ ਹੋਰ ਜ਼ਿਆਦਾ ਮਜ਼ਬੂਤ ਕਰਨ ਹਿੱਤ ਸਰਕਲ ਅਤੇ ਪਿੰਡ ਪੱਧਰ ‘ਤੇ ਤੁਰੰਤ ਯੂਨਿਟ ਸਥਾਪਿਤ ਕੀਤੇ ਜਾਣ।
ਔਰਤਾਂ ਦੇ ਸ਼ਸ਼ਕਤੀਕਰਣ ਮੁੱਦੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਿੰਡ ਪੱਧਰ ‘ਤੇ ਮਾਈ ਭਾਗੋ ਸੇਵਾ ਸੁਸਾਇਟੀਆਂ ਦਾ ਗਠਨ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਪਿੰਡਾਂ ਦੇ ਛੋਟੇ ਪੱਧਰ ਦੇ ਸਾਂਝੇ ਸਮਾਗਮਾਂ ਲਈ ਬਰਤਨ ਮੁਹੱਈਆ ਕਰਵਾਏ ਜਾ ਸਕਣ।
ਸ. ਬਾਦਲ ਨੇ ਕਿਹਾ ਕਿ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਯੋਗ ਜ਼ਰੂਰਤਮੰਦ ਲੋਕਾਂ ਦੇ ਮਗਨਰੇਗਾ ਕਾਰਡ ਬਣਾਉਣ ਵਿਚ ਅਫਸਰਸ਼ਾਹੀ ਤੇ ਆਮ ਲੋਕਾਂ ਦੀ ਮਦਦ ਕਰਨ ‘ਤੇ ਵੀ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਕਿਉਂ ਕਿ ਕੇਂਦਰ ਸਰਕਾਰ ਵੱਲੋਂ ਨਵੇਂ ਨਿਯਮਾਂ ਵਿਚ ਸੋਧ ਕੀਤੀ ਗਈ ਹੈ ਜਿਸ ਰਾਹੀਂ ਮਗਨਰੇਗਾ ਕਾਰਡ ਧਾਰਕ ਹੁਣ ਕਿਸਾਨਾਂ ਦੀ ਮਦਦ ਲਈ ਖੇਤਾਂ ਵਿਚ ਵੀ ਕੰਮ ਕਰ ਸਕਣਗੇ।
ਇਕ ਹੋਰ ਮਹੱਤਵਪੂਰਣ ਮੁੱਦੇ ਬਾਰੇ ਗੱਲ ਕਰਦਿਆਂ ਸ. ਬਾਦਲ ਨੇ ਪਾਰਟੀ ਆਗੂਆਂ ਨੂੰ ਨਿਰਦੇਸ਼ ਦਿੱਤੇ ਕਿ ਆਟਾ-ਦਾਲ ਸਕੀਮ (ਨੀਲੇ ਕਾਰਡ ਧਾਰਕ) ਅਤੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਅਸਲ ਲਾਭਪਾਤਰੀਆਂ ਤੱਕ ਇਨ੍ਹਾਂ ਸਕੀਮਾਂ ਦਾ ਲਾਭ ਪਹੁੰਚਾਉਣ ਵਿਚ ਪ੍ਰਸ਼ਾਸਨ ਦੀ ਸਹਾਇਤਾ ਕੀਤੀ ਜਾਵੇ ਤਾਂ ਜੋ ਇਨ੍ਹਾਂ ਸਕੀਮਾਂ ਦੇ ਹੱਕਦਾਰਾਂ ਨੂੰ ਫਾਇਦਾ ਮਿਲ ਸਕੇ।
ਉਨ੍ਹਾਂ ਕਿਹਾ ਕਿ ਪਾਰਟੀ ਦੇ ਸਭ ਆਗੂਆਂ ਤੇ ਵਰਕਰਾਂ ਨੂੰ ਇਕ ਜੁਟ ਹੋ ਕੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਪੰਜਾਬ ਵਿਰੋਧੀ ਝੂਠੇ ਪ੍ਰਚਾਰ ਦਾ ਡਟਵਾਂ ਜਵਾਬ ਦੇਣਾ ਚਾਹੀਦਾ ਹੈ। ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਖੁਦ ‘ਤੇ ਮਾਣ ਹੋਣਾ ਚਾਹੀਦਾ ਹੈ ਕਿ ਉਹ ਇਕ ਅਜਿਹੀ ਪਾਰਟੀ ਨਾਲ ਸਬੰਧ ਰੱਖਦੇ ਹਨ ਜਿਸ ਦਾ ਮਾਣਮੱਤਾ ਇਤਿਹਾਸ ਹੈ ਅਤੇ ਜਿਸ ਨੇ ਹਮੇਸ਼ਾਂ ਪੰਜਾਬੀਆਂ ਤੇ ਸਿੱਖਾਂ ਦੇ ਹਿੱਤਾਂ ਲਈ ਸੰਘਰਸ਼ ਕੀਤਾ ਤੇ ਜੋ ਅਸਲ ਮਾਅਨਿਆਂ ਵਿਚ ਪੰਜਾਬੀਆਂ ਤੇ ਸਿੱਖਾਂ ਦੀ ਵਿਸ਼ਵ ਪੱਧਰ ‘ਤੇ ਪ੍ਰਤੀਨਿਧ ਪਾਰਟੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਤੇ ਸ. ਸ਼ਰਨਜੀਤ ਸਿੰਘ ਢਿੱਲੋਂ, ਉੱਪ ਮੁੱਖ ਮੰਤਰੀ ਦੇ ਸਲਾਹਕਾਰ ਸ. ਮਨਜਿੰਦਰ ਸਿੰਘ ਸਿਰਸਾ, ਮੁੱਖ ਪਾਰਲੀਮਾਨੀ ਸਕੱਤਰ ਸ. ਮਨਤਾਰ ਸਿੰਘ ਬਰਾੜ, ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਉੱਪ ਮੁੱਖ ਮੰਤਰੀ ਦੇ ਓਐਸਡੀ ਸ. ਚਰਨਜੀਤ ਸਿੰਘ ਬਰਾੜ, ਸ. ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਬੰਸ ਸਿੰਘ ਬੰਟੀ ਰੋਮਾਨਾ ਵੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *