ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਫਦ ਵੱਲੋਂ ਪਾਕਿ ਹਾਈ ਕਮਿਸ਼ਨਰ ਨਾਲ ਮੁਲਾਕਾਤ

ss1

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਫਦ ਵੱਲੋਂ ਪਾਕਿ ਹਾਈ ਕਮਿਸ਼ਨਰ ਨਾਲ ਮੁਲਾਕਾਤ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਕ ਉਚ ਪੱਧਰੀ ਵਫਦ ਨੇ ਅੱਜ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਤੇ ਉੱਤਰ ਪੱਛਮੀ ਸਰਹੱਦੀ ਸੂਬੇ ਵਿਚ ਸਿੱਖਾਂ ਨੂੰ ਜਬਰੀ ਇਸਲਾਮ ਧਰਮ ਅਪਣਾਉਣ ਦੇ ਮਾਮਲਿਆਂ ਵਿਚ ਪਾਕਿਸਤਾਨ ਸਰਕਾਰ ਤੋਂ ਤੁਰੰਤ ਦਖਲ ਦੀ ਮੰਗ ਕਰਦਿਆਂ ਇਹਨਾਂ ਨੂੰ ਬੰਦ ਕਰਵਾਉਣ ਦੀ ਮੰਗ ਕੀਤੀ।
ਇਸ ਵਫਦ ਵਿਚ ਮੈਂਬਰ ਪਾਰਲੀਮੈਂਟ ਸ੍ਰੀ ਬਲਵਿੰਦਰ ਸਿੰਘ ਭੂੰਦੜ, ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ੍ਰ ਤਰਲੋਚਨ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜੀਤ ਸਿੰਘ ਜੀ. ਕੇ. ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਵੀ ਸ਼ਾਮਲ ਸਨ।
ਇਸ ਵਫਦ ਨੇ ਹਾਈ ਕਮਿਸ਼ਨਰ ਨੂੰ ਆਖਿਆ ਕਿ ਸਿੱਖਾਂ ਨੂੰ ਜਬਰੀ ਇਸਲਾਮ ਧਰਮ ਕਬੂਲਣ ਲਈ ਦਬਾਅ ਪਾਉਣ ਦੀ ਥਾਂ ਪਾਕਿਸਤਾਨ ਨੂੰ ਇਹਨਾਂ ਬਹਾਦਰ ਸਿੱਖ ਪਰਿਵਾਰਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਜਿਹਨਾਂ ਨੇ 1947 ਵਿਚ ਭਾਰਤ ਆਉਣ ਨਾਲੋਂ ਪਾਕਿਸਤਾਨ ਵਿਚ ਰਹਿਣ ਨੂੰ ਤਰਜੀਹ ਦਿੱਤੀ ਤੇ ਆਪਣੇ ਪਿੰਡਾਂ ਵਿਚ ਰਹਿਣ ਵਾਸਤੇ ਆਪਣੀਆਂ ਜਾਨਾਂ ਜੋਖ਼ਮ ਵਿਚ ਪਾਈਆਂ। ਵਫਦ ਨੇ ਇਹ ਵੀ ਮੰਗ ਕੀਤੀ ਕਿ ਇਸ ਮਾਮਲੇ ਵਿਚ ਕਸੂਰਵਾਰ ਲੋਕਾਂ ਖਿਲਾਫ ਬਿਨਾਂ ਦੇਰੀ ਦੇ ਕਾਰਵਾਈ ਕੀਤੀ ਜਾਵੇ ਅਤੇ ਇਹਨਾਂ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸਨੇ ਇਹ ਵੀ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਨੂੰ ਇਹਨਾਂ ਪਰਿਵਾਰਾਂ ਨਾਲ ਮਿਲਣ ਦੀ ਪ੍ਰਵਾਨਗੀ ਦਿੱਤੀ ਜਾਵੇ।
ਸ੍ਰੀ ਬਾਦਲ ਨੇ ਪਾਕਿਸਤਾਨ ਹਾਈ ਕਮਿਸ਼ਨਰ ਦੇ ਧਿਆਨ ਵਿਚ ਇਹ ਵੀ ਲਿਆਂਦਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੀ ਸਰਵਉਚ ਅਦਾਲਤ ਹੈ ਤੇ ਇਸ ਵੱਲੋਂ ਇਤਿਹਾਸਕ ਸਿੱਖ ਸਮਾਗਮਾਂ ਦੀਆਂ ਤੈਅ ਤਾਰੀਕਾਂ ਹੀ ਪਾਕਿਸਤਾਨ ਸਰਕਾਰ ਨੂੰ ਮੰਨਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਧਾਰਮਿਕ ਮਾਮਲਿਆਂ ਵਿਚ ਸਿੱਖਾਂ ਵਿਚ ਦੁਫੇੜ ਪੁਆਉਣ ਦੀ ਥਾਂ ਪਾਕਿਸਤਾਨ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਨਾਲ ਸਲਾਹ ਮਸ਼ਵਰਾ ਕਰਨਾ ਚਾਹੀਦਾ ਹੈ ਕਿਉਂਕਿ ਇਹ ਸਿੱਖਾਂ ਦੀ ਚੁਣੀ ਹੋਈ ਸਰਵ ਉਚ ਸੰਸਥਾ ਹੈ। ਉਹਨਾਂ ਅਫਸੋਸ ਪ੍ਰਗਟ ਕੀਤਾ ਕਿ ਕੁਝ ਅਣਚੁਣੇ ਪ੍ਰਤੀਨਿਧਾਂ ਦੇ ਛੋਟੇ ਜਿਹੇ ਟੋਲੇ ਨੂੰ ਪਾਕਿਸਤਾਨ ਸਰਕਾਰ ਤਰਜੀਹ ਦੇ ਰਹੀ ਹੈ ਤੇ ਉਹਨਾਂ ਅਪੀਲ ਕੀਤੀ ਕਿ ਸਿੱਖਾਂ ਨਾਲ ਸਬੰਧਤ ਮਾਮਲਿਆਂ ਦੇ ਹੱਲ ਲਈ ਸਿਰਫ ਸ਼੍ਰੋਮਣੀ ਕਮੇਟੀ ਨਾਲ ਹੀ ਸਲਾਹ ਮਸ਼ਵਰਾ ਕੀਤਾ ਜਾਵੇ।
ਪਾਕਿਸਤਾਨ ਹਾਈ ਕਮਿਸ਼ਨਰ ਨੇ ਮਿਲਣ ਆਏ ਵਫਦ ਨੂੰ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਦੇ ਇਕ ਅਫਸਰ ਦੀ ਸਿੱਖਾਂ ਨਾਲ ਤਲਖ ਕਲਾਮੀ ਹੋਈ ਸੀ। ਉਹਨਾਂ ਦੱਸਿਆ ਕਿ ਉਕਤ ਅਫਸਰ ਨੂੰ ਇਤਰਾਜ਼ਯੋਗ ਸ਼ਬਦਾਵਲੀ ਵਰਤਣ ‘ਤੇ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਮਾਮਲੇ ਦੀ ਪੜਤਾਲ ਵਾਸਤੇ ਇਕ ਉਚ ਪੱਧਰੀ ਜਾਂਚ ਕਮੇਟੀ ਗਠਿਤ ਕੀਤੀ ਗਈ ਹੈ ਜਿਸਨੂੰ ਜਲਦੀ ਤੋਂ ਜਲਦੀ ਰਿਪੋਰਟ ਸੌਂਪਣ ਨੂੰ ਕਿਹਾ ਗਿਆ ਹੈ। ਉਹਨਾਂ ਨੇ ਵਫਦ ਨੂੰ ਆਖਿਆ ਕਿ ਉਹ ਵੱਖ ਵੱਖ ਮੁਲਕਾਂ ਵਿਚ ਰਹਿੰਦੇ ਸਿੱਖਾਂ ਨੂੰ ਭਰੋਸਾ ਦੁਆ ਸਕਦੇ ਹਨ ਕਿ ਪਾਕਿਸਤਾਨ ਵਿਚ ਰਹਿੰਦੇ ਸਿੱਖ ਦੇਸ਼ ਦਾ ਹਿੱਸਾ ਹਨ ਤੇ ਉਹਨਾਂ ਨੂੰ ਇਸ ਮਾਮਲੇ ਵਿਚ ਕਦੇ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰੀ ਬਾਦਲ ਨੇ ਪਾਕਿਸਤਾਨ ਹਾਈ ਕਮਿਸ਼ਨਰ ਦਾ ਧੰਨਵਾਦ ਕੀਤਾ ਤੇ ਆਸ ਪ੍ਰਗਟ ਕੀਤ ਕਿ ਸਿੱਖ ਭਾਈਚਾਰੇ ਦੇ ਮੈਂਬਰ ਬਿਨਾਂ ਖੌਫ ਤੇ ਨਫਰਤ ਦੇ ਉਸ ਮੁਲਕ ਵਿਚ ਰਹਿ ਸਕਣਗੇ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿੱਖ ਤਿਓਹਾਰ ਮਨਾ ਸਕਣਗੇ।
ਇਸ ਦੌਰਾਨ ਸ੍ਰੀ ਬਾਦਲ ਨੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਕੋਲ ਵੀ ਇਹ ਮਾਮਲਾ ਉਠਾਇਆ ਜਿਹਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਭਰੋਸਾ ਦੁਆਇਆ ਕਿ ਉਹ ਪਾਕਿਸਤਾਨ ਸਰਕਾਰ ਕੋਲ ਢੁਕਵੇਂ ਪੱਧਰ ‘ਤੇ ਇਹ ਮਾਮਲਾ ਉਠਾਉਣਗੇ ਅਤੇ ਉਸ ਮੁਲਕ ਵਿਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਹਰ ਹੀਲੇ ਯਕੀਨੀ ਬਣਾਈ ਜਾਵੇਗੀ।

Share Button

Leave a Reply

Your email address will not be published. Required fields are marked *