ਸੁਖਬੀਰ ਸਿੰਘ ਬਾਦਲ ਵੱਲੋਂ ਬੱਬੇਹਾਲੀ ਦੇ ਪੁੱਤਰ ਉੱਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

ss1

ਸੁਖਬੀਰ ਸਿੰਘ ਬਾਦਲ ਵੱਲੋਂ ਬੱਬੇਹਾਲੀ ਦੇ ਪੁੱਤਰ ਉੱਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

ਕਿਹਾ ਕਿ ਨਵਜੋਤ ਸਿੱਧੂ ਵੱਲੋਂ ਬੱਬੇਹਾਲੀ ਪਿੰਡ ਵਿਚ ਦਿੱਤੇ ਭੜਕਾਊ ਭਾਸ਼ਣ ਨਾਲ ਇਸ ਹਮਲੇ ਦਾ ਮੁੱਢ ਬੱਝਿਆ

 

ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਬਕਾ ਗੁਰਦਾਸਪੁਰ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਦੇ ਬੇਟੇ ਅਮਰਜੋਤ ਉੱਤੇ ਗੁਰਦਾਸਪੁਰ ਵਿਖੇ ਕੀਤੇ ਗਏ ਕਾਤਲਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਕਾਂਗਰਸ ਹਕੂਮਤ ਅਧੀਨ ਸਿਆਸੀ ਬਦਲਾਖੋਰੀ ਅਤੇ ਸਿਆਸੀ ਅਤੇ ਧਾਰਮਿਕ ਆਗੂਆਂ ਦੇ ਕਤਲਾਂ ਦੀਆਂ ਘਟਨਾਵਾਂ ਆਪਣੀ ਸਿਖਰ ਛੂਹ ਚੁੱਕੀਆਂ ਹਨ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਆਗੂਆਂ ਅਤੇ ਉਹਨਾਂ ਦੇ ਪਰਿਵਾਰਾਂ ਉੱਤੇ ਲਗਾਤਾਰ ਹਮਲੇ  ਕੀਤੇ ਜਾ ਰਹੇ ਹਨ, ਜਿਸ ਤਹਿਤ ਸਾਬਕਾ ਵਿਧਾਇਕ ਦੇ ਬੇਟੇ ਅਮਰਜੋਤ ਅਤੇ ਦੋ ਹੋਰ ਵਿਅਕਤੀਆਂ ਨੂੰ ਬੱਬੇਹਾਲੀ ਪਿੰਡ ਵਿਚ ਨਿਸ਼ਾਨਾ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਕੁੱਝ ਸਮਾਂ ਪਹਿਲਾਂ ਐਸਜੀਪੀਸੀ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ ਦੇ ਬੇਟੇ ਪਰਮਿੰਦਰ ਉੱਤੇ ਵੀ ਕਾਂਗਰਸੀ ਵਰਕਰਾਂ ਨੇ ਇਸੇ ਤਰੀਕੇ ਨਾਲ ਹਮਲਾ ਕੀਤਾ ਸੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਅਕਾਲੀਆਂ ਉੱਤੇ ਹਮਲੇ ਕਰਨ ਵਾਸਤੇ ਉਕਸਾਉਣ ਲਈ ਕਾਂਗਰਸੀ ਆਗੂ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਜ਼ਿੰਮੇਵਾਰ ਹੈ।  ਉਹਨਾਂ ਕਿਹਾ ਕਿ ਗੁਰਦਾਸਪੁਰ ਪਾਰਲੀਮਾਨੀ ਜ਼ਿਮਨੀ ਚੋਣ ਵਾਸਤੇ ਪ੍ਰਚਾਰ ਦੌਰਾਨ ਨਵਜੋਤ ਸਿੱਧੂ ਨੇ ਬੱਬੇਹਾਲੀ ਪਿੰਡ ਵਿਚ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਦੇ ਘਰ ਦੇ ਸਾਹਮਣੇ ਖੜ੍ਹ ਕੇ ਬਹੁਤ ਹੀ ਭੜਕਾਊ ਭਾਸ਼ਣ ਦਿੱਤਾ ਸੀ, ਜਿਸ ਨੇ ਅਮਰਜੋਤ ਉੱਤੇ ਹਮਲੇ ਦਾ ਮੁੱਢ ਬੰਨ੍ਹਿਆ।

ਉਹਨਾਂ ਕਿਹਾ ਕਿ ਚੋਣ ਦੌਰਾਨ ਇੱਕ ਬੂਥ ਦੀ ਨਿਗਰਾਨੀ ਕਰ ਰਹੇ ਅਮਰਜੋਤ ਨੂੰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਗਈ ਸੀ ਅਤੇ ਹੁਣ ਉਸ ਉਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਨਵਜੋਤ ਸਿੱਧੂ ਨੇ ਹਾਲ ਹੀ ਵਿਚ ਮਜੀਠਾ ਵਿਚ ਵੀ ਇੱਕ ਭੜਕਾਊ ਭਾਸ਼ਣ ਦਿੱਤਾ ਸੀ। ਅਜਿਹੀ ਭੜਕਾਹਟ ਨੂੰ ਰੋਕਣ ਲਈ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਸਰਦਾਰ ਬਾਦਲ ਨੇ ਕਾਂਗਰਸ ਸਰਕਾਰ ਨੂੰ ਪੰਜਾਬ ਅੰਦਰ ਧਾਰਮਿਕ ਸੰਸਥਾਵਾਂ ਦੇ ਆਗੂਆਂ ਦੇ ਹੋ ਰਹੇ ਕਤਲਾਂ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕਣ ਲਈ ਆਖਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਫਿਰਕੂ ਤਣਾਅ ਪੈਦਾ ਕਰ ਸਕਦੀਆਂ ਹਨ। ਉਹਨਾਂ ਕਿਹਾ ਕਿ ਹਾਲ ਹੀ ਵਿਚ ਲੁਧਿਆਣਾ ਵਿਖੇ ਆਰਐਸਐਸ ਆਗੂ  ਰਵਿੰਦਰ ਗੋਸਾਂਈ ਅਤੇ ਅੰਮ੍ਰਿਤਸਰ ਵਿਖੇ  ਹਿੰਦੂ ਸੰਘਰਸ਼ ਸਮਿਤੀ ਦੇ ਆਗੂ ਵਿਪਨ ਸ਼ਰਮਾ ਦੀਆਂ ਹੋਈਆਂ ਹੱਤਿਆਵਾਂ ਨੇ ਲੋਕਾਂ ਦੇ ਮਨਾਂ ਅੰਦਰ ਖੌਫ ਪੈਦਾ ਕਰ ਦਿੱਤਾ ਹੈ ਅਤੇ ਉਹਨਾਂ ਨੂੰ ਮਹਿਸੂਸ ਹੋਣ ਲੱਗਿਆ ਹੈ ਕਿ ਜਾਣ ਬੁੱਝ ਕੇ ਫਿਰਕੂ ਭਾਵਨਾਵਾਂ ਭੜਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Share Button

Leave a Reply

Your email address will not be published. Required fields are marked *