ਹੰਗਾਮੇ ਦੀ ਭੇਂਟ ਚੜਿਆ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ

ss1

ਹੰਗਾਮੇ ਦੀ ਭੇਂਟ ਚੜਿਆ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ

 ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦਾ ਆਖਰੀ ਦਿਨ ਵੀ ਹੰਗਾਮੇ ਦੀ ਭੇਂਟ ਚੜ ਗਿਆ| ਅੱਜ ਵੱਖ ਵੱਖ ਮੁੱਦਿਆਂ ਉਪਰ ਅਕਾਲੀ ਦਲ ਅਤੇ ਭਾਜਪਾ ਗਠਜੋੜ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਸਦਨ ਵਿਚੋਂ ਵਾਕਆਊਟ ਕੀਤਾ ਗਿਆ| ਅੱਜ ਸਦਨ ਵਿਚ ਗੈਰ ਕਾਨੂੰਨੀ ਮਾਈਨਿੰਗ ਅਤੇ ਰਾਜਾ ਭਈਆ ਦੇ ਮੁੱਦੇ ਉਤੇ ਵੀ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ|
ਸੈਸ਼ਨ ਦੇ ਆਖਰੀ ਦਿਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਹਿੱਸਾ ਲੈਣ ਪੁੱਜੇ ਸਨ| ਸਦਨ ਵਿਚ ਸ੍ਰ. ਬਾਦਲ ਨੇ ਕਾਂਗਰਸ ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਇਜਲਾਸ ਵਿਚ ਸਿਰਫ 2 ਹੀ ਮੀਟਿੰਗਾਂ ਰੱਖੀਆਂ ਗਈਆਂ ਹਨ| ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅਜਿਹੇ ਵਾਅਦੇ ਨਹੀਂ ਕਰਨੇ ਚਾਹੀਦੇ ਸੀ, ਜਿਨ੍ਹਾਂ ਨੂੰ ਪੂਰਾ ਨਾ ਕੀਤਾ ਜਾ ਸਕੇ|
ਇਸ ਦੌਰਾਨ ਆਮ ਆਦਮੀ ਪਾਰਟੀ ਨੇ ਸੁਖਪਾਲ ਖਹਿਰਾ ਦੇ ਮਾਮਲੇ ਵਿੱਚ ਸੀ. ਬੀ. ਆਈ. ਜਾਂਚ ਕਰਾਉਣ ਦੀ ਮੰਗ ਕੀਤੀ| ਇਸ਼ ਤੋਂ ਬਾਅਦ ਸੁਖਪਾਲ ਖਹਿਰਾ, ਨਵਜੋਤ ਸਿੱਧੂ ਅਤੇ ਬ੍ਰਹਮ ਮੋਹਿੰਦਰਾ ਵਿਚਕਾਰ ਤਿੱਖੀ ਬਹਿਸ ਹੋਈ|
ਇਸੇ ਦੌਰਾਨ ਸੰਸਦੀ ਕਾਰਜ ਮੰਤਰੀ ਬ੍ਰਹਮ ਮੋਹਿੰਦਰਾ ਨੇ ਸੁਖਪਾਲ ਖਹਿਰਾ ਮਾਮਲੇ ਤੇ ਮਤਾ ਪੇਸ਼ ਕਰਕੇ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਬੈਂਸ ਨੇ ਆਡੀਓ ਕਲਿੱਪ ਜਾਰੀ ਕਰਕੇ ਨਿਆਂ ਦੀ ਤੌਹੀਨ ਕੀਤੀ ਹੈ ਅਤੇ ਇਸ ਸਬੰਧੀ ਮੁੱਖ ਜੱਜ ਨੂੰ ਖੁਦ ਧਿਆਨ ਦੇਣਾ ਚਾਹੀਦਾ ਹੈ, ਜਿਸ ਨੂੰ ਪਾਸ ਕਰ ਲਿਆ ਗਿਆ| ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਇਤਰਾਜ਼ ਜ਼ਾਹਰ ਕਰਦੇ ਹੋਏ ਸਦਨ ਵਿਚ ਨਾਅਰੇਬਾਜ਼ੀ ਕਰਦੇ ਹੋਏ ਵਾਕਆਊਟ ਕਰ ਦਿੱਤਾ| ਦੂਜੇ ਪਾਸੇ ਇਸ ਮਾਮਲੇ ਉਤੇ ਬੋਲਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਜੇਕਰ ਨਸ਼ਾ ਤਸਕਰੀ ਮਾਮਲੇ ਵਿੱਚ ਉਨ੍ਹਾਂ ਦੀ ਰੱਤੀ ਭਰ ਵੀ ਸ਼ਮੂਲੀਅਤ ਹੈ ਤਾਂ ਉਨ੍ਹਾਂ ਨੂੰ ਫਾਂਸੀ ਤੇ ਚੜ੍ਹਾ ਦਿੱਤਾ ਜਾਵੇ| ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਬਚਾਉਣ ਲਈ ਸਦਨ ਵਿੱਚ ਇਸ ਤਰ੍ਹਾਂ ਦੇ ਪ੍ਰਸਤਾਵ ਪਾਸ ਕਰਵਾ ਰਹੀ ਹੈ| ਇਸ ਮੌਕੇ ਸਦਨ ਵਿੱਚ ਕਾਫੀ ਰੌਲਾ ਰੱਪਾ ਪਿਆ| ਇਸ ਰੋਲੇ ਗੋਲੇ ਵਿੱਚ ਸਰਦ ਰੁੱਤ ਸ਼ੈਸ਼ਨ ਦਾ ਆਖਰੀ ਦਿਨ ਵੀ ਹੰਗਾਮਿਆਂ ਦੀ ਭੇਂਟ ਚੜ੍ਹ ਗਿਆ|

Share Button

Leave a Reply

Your email address will not be published. Required fields are marked *