ਮੁੱਖ ਮੰਤਰੀ ਵੱਲੋਂ ਮਹਾਨ ਸਿੱਖ ਗੁਰੂਆਂ ਵੱਲੋਂ ਦੱਸੇ ਮਾਰਗ ਅਨੁਸਾਰ ਸਮਾਜ ਵਿਚੋਂ ਸਮਾਜਿਕ ਬੁਰਾਈਆਂ ਖਤਮ ਕਰਨ ਦੀ ਲੋਕਾਂ ਨੂੰ ਅਪੀਲ

ਮੁੱਖ ਮੰਤਰੀ ਵੱਲੋਂ ਮਹਾਨ ਸਿੱਖ ਗੁਰੂਆਂ ਵੱਲੋਂ ਦੱਸੇ ਮਾਰਗ ਅਨੁਸਾਰ ਸਮਾਜ ਵਿਚੋਂ ਸਮਾਜਿਕ ਬੁਰਾਈਆਂ ਖਤਮ ਕਰਨ ਦੀ ਲੋਕਾਂ ਨੂੰ ਅਪੀਲ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਅਤੇ ਦਰਸ਼ਨ ਦੇਸ਼ ਨੂੰ ਇੱਕਜੁਟ ਕਰਨ ਲਈ ਚਾਨਣ ਮੁਨਾਰਾ
ਸਿੱਖ ਮੱਤ ਸਮਾਜਵਾਦ ਅਤੇ ਧਰਮ ਨਿਰਪਖਤਾ ਦਾ ਸੱਚਾ ਮਾਡਲ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਵਿਚ ਸ਼ਮੂਲੀਅਤ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਦਿਵਸ ਧੂਮ ਧਾਮ ਨਾਲ ਮਨਾਇਆ ਜਾਵੇਗਾ-ਸੁਖਬੀਰ ਸਿੰਘ ਬਾਦਲ

picture1ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ), 25 ਨਵੰਬਰ (ਦਵਿੰਦਰਪਾਲ ਸਿੰਘ/ ਅੰਕੁਸ਼): ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਸਿੱਖ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚਲਦੇ ਹੋਏ ਮੁਲਕ ਨੂੰ ਦਰਪੇਸ਼ ਸਮਾਜਿਕ ਅਤੇ ਧਾਰਮਿਕ ਅਲਾਮਤਾਂ ‘ਤੇ ਜਿੱਤ ਪ੍ਰਾਪਤ ਕਰਨ ਦਾ ਪ੍ਰਣ ਲੈਣ।
ਅੱਜ ਇੱਥੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਆਯੋਜਿਤ ਸੂਬਾ ਪੱਧਰੀ ਸਮਾਗਮ ਦੇ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਜੀਵਨ ਤੇ ਵਿਚਾਰਧਾਰਾ ਦੇਸ਼ ਨੂੰ ਇਕਜੁਟ ਕਰਨ ਲਈ ਚਾਨਣ ਮੁਨਾਰਾ ਸਾਬਤ ਹੋ ਸਕਦੀ ਹੈ। ਉਨਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਹੀ ਜਾਤ-ਪਾਤ ਤੇ ਸਮਾਜਿਕ ਨਾ-ਬਰਾਬਰੀ ਵਰਗੀਆਂ ਬੁਰਾਈਆਂ ਤੋਂ ਮੁਕਤੀ ਪਾਈ ਜਾ ਸਕਦੀ ਹੈ ਅਤੇ ਸਾਂਤੀ, ਫਿਰਕੂ ਸਦਭਾਵਨਾ, ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਮਜਬੂਤ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਨਿਰਪੱਖਤਾ ਦੀ ਸਦੀਆਂ ਪੁਰਾਣੀ ਰਵਾਇਤ ਨੂੰ ਕਾਇਮ ਰੱਖਣ ਲਈ ਮਹਾਨ ਯੋਗਦਾਨ ਪਾਇਆ ਅਤੇ ਇੱਥੋਂ ਤੱਕ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਦੀ ਖਾਤਰ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਵਿੱਚ ਸਿੱਖ ਧਰਮ ਸਮਾਜਵਾਦ ਤੇ ਧਰਮ ਨਿਰਪੱਖਤਾ ਦੇ ਸੱਚੇ ਮਾਡਲ ਦਾ ਪਾਸਾਰ ਕਰਦਾ ਹੈ। ਸ. ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਨੁੱਖਤਾ ਲਈ ਸਮਾਜਵਾਦ ਤੇ ਧਰਮ ਨਿਰਪੱਖਤਾ ਦੇ ਚਾਨਣ ਮੁਨਾਰੇ ਹਨ। ਉਨਾਂ ਕਿਹਾ ਕਿ ਧਰਮ ਨਿਰਪੱਖਤਾ ਦੇ ਸੰਕਲਪ ਵਜੋਂ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੀ ਨੀਂਹ ਮੁਸਲਮਾਨ ਫਕੀਰ ਸਾਈਂ ਮੀਆਂ ਮੀਰ ਨੇ ਰੱਖੀ ਸੀ ਅਤੇ ਇਸ ਦੇ ਚਾਰ ਦਰਵਾਜ਼ੇ ਮਾਨਵਤਾ ਦੀ ਬਰਾਬਰੀ ਨੂੰ ਦਰਸਾਉਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਖਾਸ ਤੌਰ ‘ਤੇ ਸਿੱਖਾਂ ਨੇ ਆਪਣੇ ਮਹਾਨ ਸਿੱਖ ਗੁਰੂਆਂ ਦੀ ਕੁਰਬਾਨੀ ਤੇ ਬਹਾਦਰੀ ਦੀ ਸ਼ਾਨਦਾਰ ਵਿਰਾਸਤ ‘ਤੇ ਸਦਾ ਹੀ ਪਹਿਰਾ ਦਿੱਤਾ ਹੈ ਜਿਨਾਂ ਨੇ ਹਮੇਸ਼ਾ ਹੀ ਜਬਰ-ਜ਼ੁਲਮ, ਦਮਨ ਅਤੇ ਅਨਿਆਂ ਖਿਲਾਫ ਡਟਣ ਦੀ ਸਿੱਖਿਆ ਦਿੱਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਦੁਨੀਆ ਭਰ ਵਿੱਚ ਧਾਰਮਿਕ ਉਤਸ਼ਾਹ, ਸ਼ਰਧਾ ਤੇ ਸਮਰਪਣ ਭਾਵਨਾ ਨਾਲ ਮਨਾਇਆ ਜਾਵੇਗਾ। ਉਨਾਂ ਕਿਹਾ ਕਿ ਇਹ ਸਮਾਰੋਹ ਗੁਰੂ ਜੀ ਦੇ ਜਨਮ ਉਤਸਵ ਮਨਾਉਣ ਲਈ ਸਾਲ ਭਰ ਚਲਣ ਵਾਲੇ ਲੜੀਵਾਰ ਸਮਾਰੋਹਾਂ ਦਾ ਇਕ ਹਿੱਸਾ ਹੈ। ਉਨਾਂ ਕਿਹਾ ਕਿ ਸਿੱਖ ਪੰਥ ਦੀ ਜਨਮ ਭੂਮੀ ਵਿਖੇ ਮਨਾਏ ਗਏ ਇਸ ਸਮਾਰੋਹ ਵਿਚ ਸ੍ਰੀ ਮੋਦੀ ਵੱਲੋਂ ਸ਼ਮੂਲੀਅਤ ਕਰਨ ਨਾਲ ਸਾਨੂੰ ਬਹੁਤ ਉਤਸ਼ਾਹ ਮਿਲਿਆ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਨੂੰ ਮਾਨਵਤਾ ਦਾ ਸੁਨੇਹਾ ਦਿੱਤਾ ਅਤੇ ਜ਼ਬਰੀ ਧਰਮ ਪਰਿਵਰਤਨ ਕਰਵਾਉਣ ਵਿਰੁੱਧ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਕੁਰਬਾਨੀ ਦੇਣ ਲਈ ਆਖਿਆ। ਉਨਾਂ ਕਿਹਾ ਕਿ ਜ਼ਬਰ ਵਿਰੁੱਧ ਸੰਘਰਸ਼ ਦੇ ਵਾਸਤੇ ਦਸਵੇਂ ਗੁਰੂ ਨੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਜਿਸ ਨਾਲ ਉਨਾਂ ਨੇ ਗਰੀਬਾਂ ਅਤੇ ਲਤਾੜੇ ਹੋਏ ਲੋਕਾਂ ਨੂੰ ਮੁਗਲਾਂ ਦੇ ਅਨਿਆਂ ਅਤੇ ਅਤਿਆਚਾਰ ਵਿਰੁੱਧ ਸੰਘਰਸ਼ ਕਰਨ ਲਈ ਸ਼ਕਤੀਵਾਨ ਕੀਤਾ। ਜਾਤ, ਰੰਗ ਅਤੇ ਨਸਲ ਦੇ ਅਧਾਰ ਉੱਤੇ ਵਿਤਕਰੇ ਨੂੰ ਖਤਮ ਕਰਨ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਿੱਤੇ ਗਏ ਮਹਾਨ ਸੰਦੇਸ਼ ਨੂੰ ਯਾਦ ਕਰਦਿਆਂ ਸ. ਬਾਦਲ ਨੇ ਕਿਹਾ ਕਿ ਗੁਰੂ ਜੀ ਨੇ ਇੱਕ ਬਾਟੇ ਵਿਚੋਂ ਅਮ੍ਰਿਤ ਛਕਾ ਕੇ ਇਕੋ ਮਾਨਵਤਾ ਦੀ ਸਿੱਖਿਆ ਦਿੱਤੀ। ਉਨਾਂ ਕਿਹਾ ਕਿ ਬੰਧੂਆ ਮਜ਼ਦੂਰੀ ਦੀ ਲਾਹਤ ਦੇ ਖਾਤਮੇ ਲਈ ਗੁਰੂ ਜੀ ਨੇ ਬਾਬਾ ਬੰਦਾ ਸਿੰਘ ਨੂੰ ਪੰਜਾਬ ਭੇਜਿਆ ਜਿਨਾਂ ਨੇ ਮੁਗਲਾਂ ਵਿਰੁੱਧ ਬਹਾਦਰੀ ਨਾਲ ਸੰਘਰਸ਼ ਕੀਤਾ ਅਤੇ ਉਨਾਂ ਨੂੰ ਹਰਾ ਕੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਗੁਰੂ ਜੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਨਿਭਾਇਆ।
ਇਸ ਮੌਕੇ ਆਪਣੇ ਸੰਬੋਧਨ ਵਿਚ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਗੁਰੂ ਸਾਹਿਬਾਨਾਂ ਨੇ ਅਹਿਮ ਯੋਗਦਾਨ ਪਾਇਆ ਹੈ ਅਤੇ ਗੁਰੂ ਸਾਹਿਬਾਨਾਂ ਨਾਲ ਸਬੰਧਤ ਯਾਦਗਾਰਾਂ ਅਤੇ ਹੋਰ ਸਮਾਰਕ ਬਣਾ ਕੇ ਅਕਾਲੀ-ਭਾਜਪਾ ਸਰਕਾਰ ਨੇ ਉਨਾਂ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ ਦਿੱਤੀ ਹੈ।
ਉਨਾਂ ਕਿਹਾ ਕਿ ਸ਼੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਸਿੱਖਾਂ ਲਈ ਉਚਾ ਸਥਾਨ ਰਖਦੀ ਹੈ ਕਿਉਂਕਿ ਇਥੇ ਹੀ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਚ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜੀ ਨੂੰ ਸਿੱਖ ਵਿਰਾਸਤ ਤੋਂ ਜਾਣੂੰ ਕਰਵਾਉਣ ਲਈ ਅਤੇ ਪੰਜਾਬ ਦੇ ਅਮੀਰ ਸਭਿਆਚਾਰ ਦੀ ਜਾਣਕਾਰੀ ਦੇਣ ਲਈ ਸੂਬੇ ਦੀਆਂ ਵੱਖ-ਵੱਖ ਥਾਵਾਂ ‘ਤੇ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਦੇ ਨਾਲ ਨਾਲ ਬਹੁਤ ਸਾਰੇ ਧਾਰਮਿਕ ਸਮਾਰਕ ਵੀ ਬਣਾਏ ਗਏ ਹਨ।
ਵਿਰਾਸਤ-ਏ-ਖਾਲਸਾ ਦੇ ਦੂਜੇ ਪੜਾਅ ਦੇ ਉਦਘਾਟਨ ਨੂੰ ਇਕ ਇਤਿਹਾਸਕ ਮੌਕਾ ਕਰਾਰ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਵਿਸ਼ਵ ਪੱਧਰੀ ਇਹ ਯਾਦਗਾਰ ਜਿਥੇ ਪੰਜਾਬ ਦੇ ਅਮੀਰ ਵਿਰਸੇ ਤੇ ਸਭਿਆਚਾਰ ਦਾ ਪ੍ਰਤੀਕ ਹੈ ਉਥੇ ਹੀ ਪੰਜਾਬੀਆਂ ਵਲੋਂ ਇਤਿਹਾਸ ਵਿਚ ਦਰਜ ਕੀਤੀਆਂ ਸ਼ਹੀਦੀਆਂ ਅਤੇ ਸ਼ਾਨਦਾਰ ਅਤੀਤ ਦੀ ਵੀ ਗਵਾਹੀ ਭਰਦਾ ਹੈ।
ਇਸ ਮੌਕੇ ਉਨਾਂ ਐਲਾਨ ਕੀਤਾ ਕਿ ਅਕਾਲੀ ਭਾਜਪਾ ਸਰਕਾਰ ਵਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਦਿਵਸ ਪੂਰੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਮਕਸਦ ਲਈ ਕੇਂਦਰ ਸਰਕਾਰ ਵਲੋਂ 100 ਕਰੋੜ ਰੁਪਏ ਮੰਜੂਰ ਕੀਤੇ ਜਾ ਚੁੱਕੇ ਹਨ।
ਇਸ ਮੌਕੇ ਉਨਾਂ ਸਮੂਹ ਲੋਕਾਈ ਨੂੰ ਗੁਰੂ ਸਾਹਿਬਾਨਾਂ ਵਲੋਂ ਦਰਸਾਏ ਰਸਤੇ ‘ਤੇ ਚਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਰਿਆਂ ਨੂੰ ਬੁਰਾਈ ਖਿਲਾਫ਼ ਆਵਾਜ ਬੁਲੰਦ ਕਰਕੇ ਮੁਨੱਖਤਾ ਨੂੰ ਪਿਆਰ ਕਰਨਾ ਚਾਹੀਦਾ ਹੈ, ਇਹ ਹੀ ਗੁਰੂ ਸਾਹਿਬਾਨਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਇਸ ਮੌਕੇ ਆਪਣੇ ਸੰਬੋਧਨ ਵਿਚ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਕੇ ਸੂਬਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨੇ ਇਸ ਪਵਿੱਤਰ ਧਰਤੀ ਉੱਤੇ ਦਸਵੇਂ ਗੁਰੂ ਜੀ ਦੇ ਜਨਮ ਦਿਵਸ ਸਬੰਧੀ ਸਮਾਗਮ ਵਿਚ ਹਿੱਸਾ ਲੈਣ ਵਾਸਤੇ ਆਪਣਾ ਸਮਾਂ ਕੱਢਣ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਦੌਰੇ ਤੋਂ ਬਾਅਦ ਸ੍ਰੀ ਮੋਦੀ ਤਕਰੀਬਨ 17 ਸਾਲ ਬਾਅਦ ਇੱਥੇ ਆਏ ਹਨ ਜਿਸ ਤੋਂ ਪਤਾ ਲਗਦਾ ਹੈ ਕਿ ਪ੍ਰਧਾਨ ਮੰਤਰੀ ਜੀ ਦਾ ਸੂਬੇ ਨਾਲ ਬਹੁਤ ਜ਼ਿਆਦਾ ਸਨੇਹ ਹੈ। ਸ੍ਰੀ ਸਾਂਪਲਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਮੀਰ ਇਤਿਹਾਸ ਅਤੇ ਵਿਰਾਸਤ ਨੂੰ ਸੰਭਾਲਣ ਲਈ ਸੂਬਾ ਸਰਕਾਰ ਵੱਲੋਂ ਅਨੇਕਾਂ ਯਾਦਗਾਰਾਂ ਦਾ ਨਿਰਮਾਣ ਕਰਕੇ ਕੀਤੀ ਗਈ ਕੋਸ਼ਿਸ਼ ਦੀ ਸਰਾਹਨਾ ਕੀਤੀ। ਉਨਾਂ ਨੇ ਪ੍ਰਧਾਨ ਮੰਤਰੀ ਵੱਲੋਂ ਅਨੇਕਾਂ ਲੀਹੋਂ ਹਟਵੀਆਂ ਪਹਿਲਕਦਮੀਆਂ ਕਰਕੇ ਦੇਸ਼ ਦਾ ਮਾਣ-ਸਨਮਾਣ ਬਹਾਲ ਕਰਨ ਲਈ ਪ੍ਰਸੰਸਾ ਕੀਤੀ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਅਤੇ ਹੋਰ ਬਹੁਤ ਸਾਰੀਆਂ ਉੱਘੀਆਂ ਸਖਸ਼ੀਅਤਾਂ ਨਾਲ ਤਖਤ ਸ੍ਰੀ ਕੇਸ਼ਗੜ ਵਿਖੇ ਮੱਥਾ ਟੇਕਿਆ ਜਿਥੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਉਨਾਂ ਨੂੰ ਸਿਰੋਪਾਓ ਅਤੇ ਕਿਰਪਾਨ ਭੇਟ ਕੀਤੀ।
ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਏ ਹੋਏ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ।
ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮੰਚ ਦੀ ਕਾਰਵਾਈ ਚਲਾਈ।
ਇਸ ਮੌਕੇ ਹਾਜ਼ਰ ਹੋਰਨਾਂ ਵਿਚ ਕੈਬਨਿਟ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਤੇ ਸ੍ਰੀ ਸੋਹਣ ਸਿੰਘ ਠੰਡਲ, ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕੇਮਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਜਨਰਲ ਸਕੱਤਰ ਸ੍ਰੀ ਅਮਰਜੀਤ ਸਿੰਘ ਚਾਵਲਾ, ਜਥੇਦਾਰ ਤਖਤ ਸ੍ਰੀ ਕੇਸ਼ਗੜ ਸਾਹਿਬ ਗਿਆਨੀ ਮੱਲ ਸਿੰਘ ਅਤੇ ਜਥੇਦਾਰ ਤਖਤ ਸ੍ਰੀ ਪਟਨਾ ਸਾਹਿਬ ਗਿਆਨੀ ਇਕਬਾਲ ਸਿੰਘ ਸ਼ਾਮਲ ਸਨ।

Share Button

Leave a Reply

Your email address will not be published. Required fields are marked *

%d bloggers like this: