ਵਿਦੇਸ਼ਾਂ ਵਿੱਚ ਸਿੱਖੀ ਨੂੰ ਪ੍ਰਫੁੱਲਤ ਕਰਨ ਤੇ ਸਿੱਖ ਮਸਲਿਆਂ ਦੇ ਹੱਲ ਲਈ 31 ਮੈਂਬਰੀ ਸਲਾਹਕਾਰ ਕਮੇਟੀ ਬਣਾਈ ਜਾਵੇਗੀ : ਪ੍ਰੋ. ਕਿਰਪਾਲ ਸਿੰਘ ਬਡੂੰਗਰ

ss1

ਵਿਦੇਸ਼ਾਂ ਵਿੱਚ ਸਿੱਖੀ ਨੂੰ ਪ੍ਰਫੁੱਲਤ ਕਰਨ ਤੇ ਸਿੱਖ ਮਸਲਿਆਂ ਦੇ ਹੱਲ ਲਈ 31 ਮੈਂਬਰੀ ਸਲਾਹਕਾਰ ਕਮੇਟੀ ਬਣਾਈ ਜਾਵੇਗੀ : ਪ੍ਰੋ. ਕਿਰਪਾਲ ਸਿੰਘ ਬਡੂੰਗਰ
ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਹਰ ਸਾਲ ਮਨਾਇਆ ਜਾਵੇਗਾ
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਲਏ ਗਏ ਅਹਿਮ ਫੈਸਲੇ

dpc_6246-copyਸ੍ਰੀ ਅਨੰਦਪੁਰ ਸਾਹਿਬ 23 ਨਵੰਬਰ (ਸੁਖਦੇਵ ਸਿੰਘ ਨਿੱਕੂਵਾਲ): ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਸ. ਬਲਦੇਵ ਸਿੰਘ ਮਾਹਿਲਪੁਰੀ ਯਾਦਗਾਰੀ ਹਾਲ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ।ਇਕੱਤਰਤਾ ਦੀ ਸ਼ੁਰੂਆਤ ਤੋਂ ਪਹਿਲਾ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਗੁਰਮਤਿ ਫਲਸਫੇ ਅਨੁਸਾਰ ਕਾਰਜ ਨੇਪਰੇ ਚੜ੍ਹਣ ਦੀ ਅਰਦਾਸ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਦੀ ਇਕੱਤਰਤਾ ਵਿੱਚ ਸਮੁੱਚੀ ਅੰਤ੍ਰਿੰਗ ਕਮੇਟੀ ਮੈਂਬਰਾਂ ਵੱਲੋਂ 13 ਮਤਿਆਂ ਨੂੰ ਸਰਬ-ਸੰਮਤੀ ਨਾਲ ਪ੍ਰਵਾਨ ਕੀਤਾ ਗਿਆ ਹੈ।ਮਤਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾ ਵਿਦੇਸ਼ਾਂ ਵਿੱਚ ਸਿੱਖੀ ਨੂੂੰ ਪ੍ਰਫੁੱਲਿਤ ਕਰਨ ਤੇ ਉਨ੍ਹਾਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ 31 ਮੈਂਬਰੀ ਸਲਾਹਕਾਰ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਵਿਦੇਸ਼ਾਂ ਵਿਚੋਂ ਸਿੱਖ ਸਖਸ਼ੀਅਤਾਂ ਨੂੰ ਸ਼ਾਮਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੂਰੇ ਭਾਰਤ ਵਰਸ਼ ਅੰਦਰ ਸਿੱਖੀ ਨੂੰ ਪ੍ਰਫੁੱਲਿਤ ਕਰਨ ਅਤੇ ਦੂਜੇ ਸੂਬਿਆਂ ਵਿੱਚ ਸਿੱਖ ਮਸਲਿਆਂ ਨੂੰ ਨਜਿੱਠਣ ਲਈ ਦੇਸ਼ ਭਰ ਦੇ ਹਰੇਕ ਰਾਜ ਵਿਚੋਂ ਇਕ-ਇਕ ਨੁਮਾਇੰਦਾ ਸ਼ਾਮਲ ਕਰਕੇ 31 ਮੈਂਬਰੀ ਸਲਾਹਕਾਰ ਕੌਂਸਲ ਵੀ ਗਠਿਤ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਵਿਚ ਕੁੱਲ 27 ਸੂਬੇ ਨੇ ਜਿਨ੍ਹਾਂ ਸੂਬਿਆਂ ਵਿਚ ਸਿੱਖਾਂ ਦੀ ਬਹੁਗਿਣਤੀ ਹੈ ਉਨ੍ਹਾਂ ਵਿਚੋਂ 2 ਨੁਮਾਇੰਦੇ ਵੀ ਲਏ ਜਾ ਸਕਦੇ ਨੇ ਤੇ ਘੱਟ ਗਿਣਤੀ ਸੂਬਿਆਂ ਵਿਚੋਂ 1 ਨੁਮਾਇੰਦਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਕੂਲਾਂ ਤੇ ਕਾਲਜਾਂ ਵਿੱਚ ਪੜ੍ਹਦੇ ਅੰਮ੍ਰਿਤਧਾਰੀ ਬੱਚਿਆਂ ਦੀਆਂ ਟਿਊਸ਼ਨ ਫੀਸਾਂ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਾਹਿਬ-ਏ-ਕਮਾਲ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਆਰੰਭ ਹੋਈ ਜਾਗਰਿਤੀ ਯਾਤਰਾ ਦਾ ਪੰਜਾਬ ਅੰਦਰ ਭਰਵਾਂ ਸਵਾਗਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਪਰਦਾਵਾਂ ਨੂੰ ਨਾਲ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਅਗਲੇਰੇ ਪ੍ਰੋਗਰਾਮ ਉਲੀਕੇ ਜਾਣਗੇ।ਉਨ੍ਹਾਂ ਕਿਹਾ ਕਿ ਕੈਨੇਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਸਬੰਧੀ ਸਬ-ਕਮੇਟੀ ਬਣਾਈ ਗਈ ਹੈ ਜਿਸ ਵਿੱਚ ਸ. ਬਲਦੇਵ ਸਿੰਘ ਕਿਆਮਪੁਰ ਸੀਨੀਅਰ ਮੀਤ ਪ੍ਰਧਾਨ, ਸ. ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਸ. ਹਰਚਰਨ ਸਿੰਘ ਮੁੱਖ ਸਕੱਤਰ ਤੇ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ ਨੂੰ ਸ਼ਾਮਲ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਹਰਿਆਣਾ ਦੇ ਜ਼ਿਲ੍ਹਾ ਭਿਵਾਨੀ ਵਿੱਚ ਕਲਰਕ ਦੀ ਭਰਤੀ ਦਾ ਪੇਪਰ ਦੇਣ ਗਏ ਯਮੁਨਾਨਗਰ ਦੇ ਪਿੰਡ ਫਰਕਪੁਰ ਦੇ ਰਹਿਣ ਵਾਲੇ ਸ. ਗੁਰਪ੍ਰੀਤ ਸਿੰਘ ਨੂੰ ਕੜਾ ਤੇ ਕਿਰਪਾਨ ਉਤਾਰਨ ਵਾਸਤੇ ਮਜ਼ਬੂਰ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਵੀ 1 ਮਈ 2016 ਨੂੰ ਅੰਬਾਲਾ ਵਿੱਚ ਪਟਵਾਰੀ ਦਾ ਪੇਪਰ ਦੇਣ ਗਏ ਦੋ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਾਉਣ ਕਰਕੇ ਪ੍ਰੀਖਿਆ ਕੇਂਦਰ ਜਾਣ ਤੋਂ ਰੋਕਿਆ ਗਿਆ ਸੀ ਜੋ ਅਤਿ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਘਟਨਾ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕਿਹਾ ਜਾਵੇਗਾ। ਉਨ੍ਹਾਂ ਕਿਹਾ ਕਿ ਸਭ ਧਰਮ ਸਤਿਕਾਰਯੋਗ ਹਨ ਇਸ ਲਈ ਕਿਸੇ ਵੀ ਧਰਮ ਨਾਲ ਸਬੰਧਿਤ ਵਿਅਕਤੀ ਦੇ ਧਾਰਮਿਕ ਚਿੰਨ੍ਹਾਂ ਜਾਂ ਮਰਯਾਦਾ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੰਮ੍ਰਿਤਪਾਨ ਕਰਾਉਣ ਸਮੇਂ ਆਪਣੇ ਖਾਲਸੇ ਨੂੰ ਪੰਜ ਕਕਾਰਾਂ ਦਾ ਧਾਰਨੀ ਹੋਣ ਲਈ ਪ੍ਰੇਰਿਆ ਸੀ ਇਸ ਲਈ ਇਕ ਸਿੱਖ ਆਪਣੇ ਕਕਾਰਾਂ ਨੂੰ ਕਦੇ ਵੀ ਵੱਖ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਸ਼ੋ੍ਰਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਹਰ ਸਾਲ 27 ਨਵੰਬਰ ਨੂੰ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।
ਪ੍ਰੋ. ਬਡੂੰਗਰ ਨੇ ਹੋਰ ਦੱਸਿਆ ਕਿ ਅੰਤ੍ਰਿੰਗ ਕਮੇਟੀ ਮੈਂਬਰਾਂ ਨੇ ਇਹ ਵੀ ਮਤਾ ਪਾਸ ਕੀਤਾ ਕਿ ਜਿਸ ਦਿਨ ਭਾਈ ਜੈਤਾ ਜੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਲੈ ਕੇ ਆਏ ਸਨ ਉਸ ਦਿਨ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਹਰ ਸਾਲ ਸ੍ਰੀ ਅਨੰਦਪੁਰ ਸਾਹਿਬ ਜੀ ਦੀ ਪਾਵਨ ਧਰਤੀ ਤੇ ਸੁਸ਼ੋਭਿਤ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸਵਰਗੀ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਹਰਿਆਣਾ ਰਾਜ ਵਿਖੇ ਲੋਹਗੜ੍ਹ ਜੋ ਸਿੱਖ ਰਾਜ ਦੀ ਰਾਜਧਾਨੀ ਸੀ ਅਤੇ ਜਿਥੇ ਬੈਠ ਕੇ ਕੌਮ ਦੇ ਪਹਿਲੇ ਬਾਦਸ਼ਾਹ ਬਾਬਾ ਬੰਦਾ ਸਿੰਘ ਬਹਾਦਰ ਨੇ ਸਿੱਖ ਰਾਜ ਦਾ ਸਿੱਕਾ ਜਾਰੀ ਕੀਤਾ ਉਸ ਜਗ੍ਹਾਂ ਦੀ ਵਿਲੱਖਣ ਯਾਦਗਾਰ ਕਾਇਮ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦਾ ਮਾਰਗ ਦਰਸ਼ਨ ਕਰਨ ਲਈ ਬਣਾਏ ਗਏ ਸੂਚਨਾ ਕੇਂਦਰ ਨੂੰ ਹੋਰ ਚੁਸਤ ਦਰੁਸਤ ਕਰਨ ਲਈ ਕਾਬਲ ਵਿਅਕਤੀਆਂ ਦੀ ਯੋਗਤਾ ਅਨੁਸਾਰ ਚੋਣ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਬਾਹਰਲੇ ਦੇਸ਼ਾਂ ਤੋਂ ਆਉਂਦੀਆਂ ਸੰਗਤਾਂ ਲਈ ਅਜਿਹੇ ਵਿਅਕਤੀਆਂ ਦੀ ਭਾਲ ਕੀਤੀ ਜਾਵੇਗੀ ਜੋ ਬਹੁ-ਭਾਸ਼ਾਈ ਹੋਣ ਤੇ ਜਿਨ੍ਹਾਂ ਨੂੰ ਸਿੱਖ ਇਤਿਹਾਸ ਦਾ ਪੂਰਾ ਗਿਆਨ ਹੋਵੇ।ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਮਾਰਤਾਂ ਦੀ ਪੁਰਾਤਨਤਾ ਨੂੰ ਕਾਇਮ ਰੱਖਣ ਲਈ ਹਰ ਸੰਭਵ ਯਤਨ ਕਰੇਗੀ ਤੇ ਅਜੋਕੇ ਸਮੇਂ ਦੀ ਤਕਨਾਲੋਜੀ ਅਨੁਸਾਰ ਇਸ ਕਾਰਜ ਨੂੰ ਕਰਵਾਇਆ ਜਾਵੇਗਾ।ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਖਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਗੁਰੂ ਮਰਿਯਾਦਾ ਅਨੁਸਾਰ ਸਵਾਗਤ ਕੀਤਾ ਜਾਵੇਗਾ ਤੇ ਘਰ ਆਏ ਮਹਿਮਾਨ ਅੱਗੇ ਕਿਸੇ ਕਿਸਮ ਦੀ ਕੋਈ ਮੰਗ ਨਹੀਂ ਰੱਖੀ ਜਾਵੇਗੀ।
ਇਕੱਤਰਤਾ ਵਿੱਚ ਹੋਏ ਫੈਸਲਿਆਂ ਬਾਰੇ ਪ੍ਰੋ. ਬਡੂੰਗਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ. ਹਰਮਿੰਦਰ ਸਿੰਘ ਕੋਹਲੀ ਵੱਲੋਂ ਪੁੱਜੀ ਮੰਗ ਦੇ ਆਧਾਰ ਪੁਰ ਉਸ ਦੇ ਲੜਕੇ ਸ. ਗੁਰਅਸੀਸ ਸਿੰਘ ਜੋ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਬੀ.ਟੈਕ ਭਾਗ ਤੀਜਾ ਦੀ ਪੜਾਈ ਕਰ ਰਿਹਾ ਹੈ ਨੂੰ ਫੀਸ ਵਜੋਂ 20 ਹਜ਼ਾਰ ਰੁਪਏ ਸਹਾਇਤਾ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਬੀਬੀ ਬਲਜਿੰਦਰ ਕੌਰ ਵਾਸੀ ਪਿੰਡ ਕੰਵਰਪੁਰ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਨੂੰ ਪਰਿਵਾਰ ਦੀ ਹਾਲਤ ਮਾੜੀ ਹੋਣ ਕਾਰਨ 50 ਹਜ਼ਾਰ ਰੁਪਏ ਸਹਾਇਤਾ ਦੇਣ ਨੂੰ ਪ੍ਰਵਾਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਮਿਸ਼ਨ ਸ਼ਾਹਪੁਰ ਅੰਬਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦਾ ਪ੍ਰਕਾਸ਼ ਹੋਣ ਕਾਰਨ ਸੁਰੱਖਿਆ ਨੂੰ ਮੁੱਖ ਰੱਖਦਿਆਂ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਪਾਤਸ਼ਾਹੀ ਛੇਵੀਂ ਤੇ ਦਸਵੀਂ ਰਾਣਵਾਂ (ਫਤਹਿਗੜ੍ਹ ਸਾਹਿਬ) ਵਿਖੇ ਅਧੂਰੇ ਕਾਰਜ ਮੁਕੰਮਲ ਕਰਨ ਲਈ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਦੀ ਸੇਵਾ ਵਿੱਚ 6 ਮਹੀਨੇ ਦਾ ਵਾਧਾ ਕੀਤਾ ਗਿਆ ਹੈ।
ਅੱਜ ਦੀ ਇਕੱਤਰਤਾ ਵਿੱਚ ਸ੍ਰ: ਬਲਦੇਵ ਸਿੰਘ ਕਿਆਮਪੁਰ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ, ਸ. ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਅੰਤ੍ਰਿੰਗ ਕਮੇਟੀ ਮੈਂਬਰ ਸ੍ਰ: ਜੈਪਾਲ ਸਿੰਘ ਮੰਡੀਆਂ, ਸ੍ਰ: ਨਿਰਮਲ ਸਿੰਘ ਹਰਿਆਓ, ਸ੍ਰ: ਕੁਲਵੰਤ ਸਿੰਘ ਮੰਨਣ, ਸ੍ਰ: ਸਤਪਾਲ ਸਿੰਘ ਤਲਵੰਡੀ ਭਾਈ, ਸ੍ਰ: ਬਲਵਿੰਦਰ ਸਿੰਘ ਵੇਈਂਪੂਈ, ਸ੍ਰ: ਗੁਰਮੇਲ ਸਿੰਘ ਸੰਗਤਪੁਰਾ, ਬੀਬੀ ਜੋਗਿੰਦਰ ਕੌਰ ਬਠਿੰਡਾ, ਭਾਈ ਰਾਮ ਸਿੰਘ ਅੰਮ੍ਰਿਤਸਰ, ਸ੍ਰ: ਗੁਰਚਰਨ ਸਿੰਘ ਗਰੇਵਾਲ, ਸ੍ਰ: ਸੁਰਜੀਤ ਸਿੰਘ ਭਿੱਟੇਵੱਡ ਤੇ ਸ੍ਰ: ਸੁਰਜੀਤ ਸਿੰਘ ਕਾਲਾਬੂਲਾ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਹਰਭਜਨ ਸਿੰਘ ਮਨਾਵਾਂ, ਸ. ਰਣਜੀਤ ਸਿੰਘ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ੍ਰ: ਸਕੱਤਰ ਸਿੰਘ ਮੀਤ ਸਕੱਤਰ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਮਨਿੰਦਰ ਮੋਹਨ ਸਿੰਘ, ਸ੍ਰ: ਬਲਕਾਰ ਸਿੰਘ ਇੰਚਾਰਜ, ਸ੍ਰ: ਮੁਖਤਾਰ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰ: ਗੁਰਮੀਤ ਸਿੰਘ ਮੈਨੇਜਰ ਗੁਰਦੁਆਰਾ ਮਾਛੀਵਾੜਾ ਸਾਹਿਬ, ਸ੍ਰ: ਜਸਬੀਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਭੱਠਾ ਸਾਹਿਬ, ਸ੍ਰ: ਹਰਜਿੰਦਰ ਸਿੰਘ ਪੱਟੀ ਮੀਤ ਮੈਨੇਜਰ ਆਦਿ ਮੌਜੂਦ ਸਨ।

Share Button

Leave a Reply

Your email address will not be published. Required fields are marked *