ਸੂਬੇ ਲਈ ਕਾਂਗਰਸ ਅਤੇ ਆਪ ਦਾ ਪਰਛਾਵਾਂ ਵੀ ਬੁਰਾ-ਮੁੱਖ ਮੰਤਰੀ

ss1

ਸੂਬੇ ਲਈ ਕਾਂਗਰਸ ਅਤੇ ਆਪ ਦਾ ਪਰਛਾਵਾਂ ਵੀ ਬੁਰਾ-ਮੁੱਖ ਮੰਤਰੀ

ਦੋਵੇਂ ਪਾਰਟੀਆਂ ਨੂੰ ਪੰਜਾਬ ਵਿਰੋਧੀ ਗਰਦਾਨਿਆ
ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ‘ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡਾ’ ਕਹਿਣ ਦੀ ਪ੍ਰੋੜਤਾ

badal-chhappar-pic-1

ਲੁਧਿਆਣਾ/ਛਪਾਰ (ਪ੍ਰੀਤੀ ਸ਼ਰਮਾ) ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਰੋਧੀ ਗਰਦਾਨਦਿਆਂ ਕਿਹਾ ਹੈ ਕਿ ਇਨਾਂ ਦੋਵਾਂ ਪਾਰਟੀਆਂ ਦਾ ਪਰਛਾਵਾਂ ਵੀ ਸੂਬੇ ਲਈ ਚੰਗਾ ਨਹੀਂ ਹੈ। ਅੱਜ ਸਥਾਨਕ ਮੇਲਾ ਛਪਾਰ ਵਿਖੇ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਲਈ ਹਾਨੀਕਾਰਕ ਹਨ। ਇਨਾਂ ਪਾਰਟੀਆਂ ਦੇ ਨੇਤਾਵਾਂ ਨੂੰ ਸੂਬੇ ਦੇ ਲੋਕਾਂ ਨਾਲ ਕੋਈ ਹਮਦਰਦੀ ਨਹੀਂ ਅਤੇ ਇਹ ਪੰਜਾਬ ਦੇ ਹਿੱਤਾਂ ਦੀਆਂ ਵੈਰੀ ਪਾਰਟੀਆਂ ਹਨ। ਸ੍ਰ. ਬਾਦਲ ਨੇ ਲੋਕਾਂ ਨੂੰ ਆਗਾਹ ਕੀਤਾ ਕਿ ਉਹ ਇਨਾਂ ਦੋਵਾਂ ਪਾਰਟੀਆਂ ਦੀਆਂ ਕੋਝੀਆਂ ਚਾਲਾਂ ਤੋਂ ਸੁਚੇਤ ਰਹਿਣ। ਸ੍ਰ. ਬਾਦਲ ਨੇ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਸੂਬੇ ਦੇ ਭਵਿੱਖ ਪ੍ਰਤੀ ਫੈਸਲਾਕੁੰਨ ਹੋਣਗੀਆਂ ਕਿਉਂਕਿ ਇਨਾਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਮੁਕਾਬਲਾ ਪੰਜਾਬ ਵਿਰੋਧੀ ਕਾਂਗਰਸ ਅਤੇ ਆਪ ਨਾਲ ਹੋਵੇਗਾ। ਉਨਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕਾਂ ਨੇ ਅਕਾਲੀ ਭਾਜਪਾ ਗਠਜੋੜ ਨੂੰ ਮੁੜ ਤੋਂ ਸੱਤਾ ਸੌਂਪੀ ਤਾਂ ਸੂਬੇ ਦੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ। ਪਰ ਜੇਕਰ ਕਿਤੇ ਕਾਂਗਰਸ ਅਤੇ ਆਪ ਵਰਗੀਆਂ ਪਾਰਟੀਆਂ ਸੱਤਾ ਹਥਿਆਉਣ ਵਿੱਚ ਕਾਮਯਾਬ ਹੋ ਗਈਆਂ ਤਾਂ ਸੂਬੇ ਦੇ ਹਾਲਾਤ ਅਜਿਹੇ ਹੋ ਜਾਣਗੇ, ਜਿਸ ਦਾ ਕੋਈ ਅੰਦਾਜ਼ਾ ਵੀ ਨਹੀਂ ਲਗਾ ਸਕਦਾ ਹੈ। ਸ੍ਰ. ਬਾਦਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੋਟ ਦਾ ਇਸਤੇਮਾਲ ਕਰਨ ਮੌਕੇ ਪੰਜਾਬ ਦੇ ਦੁਸ਼ਮਣ ਅਤੇ ਰਖ਼ਵਾਲਿਆਂ ਨੂੰ ਮੂਹਰੇ ਰੱਖ ਕੇ ਫੈਸਲਾ ਕਰਨ। ਉਨਾਂ ਲੋਕਾਂ ਨੂੰ ਕਾਂਗਰਸ ਦੇ ਸ਼ਰਾਰਤੀ ਕਿਰਦਾਰ ਬਾਰੇ ਯਾਦ ਕਰਾਉਂਦਿਆਂ ਦੱਸਿਆ ਕਿ ਇਸ ਪਾਰਟੀ ਨੇ ਸੂਬੇ ਦੇ ਲੋਕਾਂ ਦੇ ਸਮਾਜਿਕ, ਰਾਜਸੀ, ਆਰਥਿਕ ਅਤੇ ਧਾਰਮਿਕ ਮਾਮਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕੀਤੀ ਹੈ। ਉਨਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀਆਂ ਹੁਣ ਤੱਕ ਦੀਆਂ ਕੇਂਦਰ ਸਰਕਾਰਾਂ ਨੇ ਜਾਣ ਬੁੱਝ ਕੇ ਸੂਬੇ ਨੂੰ ਪੰਜਾਬੀ ਬੋਲਦੇ ਇਲਾਕੇ ਅਤੇ ਰਾਜਧਾਨੀ ਚੰਡੀਗੜ ਨਹੀਂ ਦਿੱਤੇ ਜਦਕਿ ਸੂਬੇ ਦਾ ਪਾਣੀਆਂ ‘ਤੇ ਬਣਦਾ ਹੱਕ ਵੀ ਮਾਰਿਆ ਹੈ। ਉਨਾਂ ਕਿਹਾ ਕਿ ਕੋਈ ਵੀ ਸੁਚੇਤ ਪੰਜਾਬੀ ਕਾਂਗਰਸ ਪਾਰਟੀ ਨੂੰ ਉਸ ਵੱਲੋਂ ਕੀਤੇ ਸਾਕਾ ਨੀਲਾ ਤਾਰਾ ਅਤੇ 1984 ਸਿੱਖ ਨਸ਼ਲਕੁਸ਼ੀ ਕਰਨ ਦੇ ਕਿਰਦਾਰ ਨੂੰ ਭੁੱਲ ਨਹੀਂ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਪਾਣੀਆਂ ਦੇ ਹੱਕ ਖੋਹਣ ਲਈ ਕਾਂਗਰਸ ਪਾਰਟੀ ਨੇ ਕੋਝੀ ਸਾਜਿਸ਼ ਰਚਦਿਆਂ ਸਤਲੁੱਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਸ਼ੁਰੂ ਕਰਵਾਈ ਸੀ। ਉਨਾਂ ਕਿਹਾ ਕਿ ਇਸ ਨਹਿਰ ਦਾ ਨਿਰਮਾਣ ਸ਼ੁਰੂ ਕਰਾਉਣ ਪਿੱਛੇ ਇਕੋ ਮਕਸਦ ਸੀ ਕਿ ਪੰਜਾਬ ਨੂੰ ਉਸਦੇ ਕੁਦਰਤੀ ਸੋਮਿਆਂ ਤੋਂ ਵਾਂਝਾ ਕਰਨਾ। ਉਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਾਉਣ ਲਈ ਲੜੇ ਗਏ ਸੰਘਰਸ਼ ਵਿੱਚ ਪੰਜਾਬੀਆਂ ਦੇ ਲਾਮਿਸਾਲ ਯੋਗਦਾਨ, ਦੇਸ਼ ਨੂੰ ਖੁਰਾਕ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਦੇ ਬਾਵਜੂਦ ਸਮੇਂ-ਸਮੇਂ ਦੀਆਂ ਕਾਂਗਰਸ ਦੀ ਅਗਵਾਈ ਵਾਲੀਆਂ ਕੇਂਦਰ ਸਰਕਾਰਾਂ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਦਿਆਂ ਸ੍ਰ. ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਸਤਲੁੱਜ ਯਮੁਨਾ ਲਿੰਕ ਨਹਿਰ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਹਿੱਤਾਂ ਦੇ ਵਿਰੁਧ ਹਲਫ਼ਨਾਮਾ ਦੇ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ‘ਆਪ’ ਪੰਜਾਬ ਵਿਰੋਧੀ ਪਾਰਟੀ ਹੈ। ਉਨਾਂ ਕਿਹਾ ਕਿ ਕੇਜਰੀਵਾਲ ਖੁਦ ਹਰਿਆਣਾ ਨਾਲ ਸੰਬੰਧ ਰੱਖਦਾ ਹੈ ਤਾਂ ਉਹ ਸੰਭਾਵੀਂ ਹੈ ਕਿ ਆਪਣੇ ਸੂਬੇ ਦੇ ਹੱਕ ਵਿੱਚ ਹੀ ਆਵਾਜ਼ ਬੁਲੰਦ ਕਰੇਗਾ। ਉਨਾਂ ਕਿਹਾ ਕਿ ਆਪ ਨੇਤਾ ਲੜਾਈ ਦੀ ਰਾਜਨੀਤੀ ਵਿੱਚ ਵਿਸ਼ਵਾਸ਼ ਰੱਖਦੇ ਹਨ। ਜੇਕਰ ਇਨਾਂ ਨੂੰ ਸੱਤਾ ਵਿੱਚ ਆਉਣ ਦਾ ਮੌਕਾ ਮਿਲ ਗਿਆ ਤਾਂ ਕਿਸਾਨਾਂ ਦੀਆਂ ਜਿਣਸਾਂ ਮੰਡੀਆਂ ਵਿੱਚ ਰੁਲਿਆ ਕਰਨਗੀਆਂ ਅਤੇ ਇਨਾਂ ਦੀ ਸਰਕਾਰ ਕੇਂਦਰ ਸਰਕਾਰ ਨਾਲ ਲੜਾਈ ਵਿੱਚ ਹੀ ਉਲਝੀ ਰਹੇਗੀ। ਮੁੱਖ ਮੰਤਰੀ ਨੇ ਹੋਰ ਕਿਹਾ ਕਿ ਆਪ ਪਾਰਟੀ ਤਾਂਸ਼ ਦੇ ਪੱਤਿਆਂ ਵਰਗੀ ਹੈ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ-ਪਹਿਲਾਂ ਪੂਰੀ ਤਰਾਂ ਖ਼ਿਲਰ ਜਾਵੇਗੀ। ਉਨਾਂ ਕਿਹਾ ਕਿ ਆਪ ਨੇਤਾਵਾਂ ਦੇ ਨਾ ਤਾਂ ਕੋਈ ਕਿਰਦਾਰ ਹਨ ਅਤੇ ਨਾ ਹੀ ਕੋਈ ਵਿਚਾਰਧਾਰਾ। ਇਨਾਂ ਦਾ ਤਾਂ ਇੱਕਮਾਤਰ ਨਿਸ਼ਾਨਾ ਕਿਵੇਂ ਨਾ ਕਿਵੇਂ ਪੰਜਾਬ ਦੀ ਸੱਤਾ ‘ਤੇ ਕਬਜ਼ਾ ਕਰਨਾ ਹੈ। ਉਨਾਂ ਕਿਹਾ ਕਿ ਇਸ ਪਾਰਟੀ ਦੀ ਵਾਗਡੋਰ ਗੈਰ ਪੰਜਾਬੀ ਲੋਕਾਂ ਦੇ ਹੱਥਾਂ ਵਿੱਚ ਹੈ, ਜਿਹੜੇ ਦੇ ਪੰਜਾਬ ਦੇ ਨੇਤਾਵਾਂ ਨੂੰ ਵਰਤਣ ਉਪਰੰਤ ਪਾਰਟੀ ਵਿੱਚੋਂ ਕੱਢਣ ਦੀ ਨੀਤੀ ਵਿੱਚ ਵਿਸ਼ਵਾਸ਼ ਰੱਖਦੇ ਹਨ। ਸ੍ਰ. ਬਾਦਲ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਹੇਠੋਂ ਕੱਢਣ ਲਈ ਪਿਛਲੇ 10 ਸਾਲਾਂ ਵਿੱਚ 50 ਹਜ਼ਾਰ ਕਰੋੜ ਰੁਪਏ ਦੀ ਮੁਫ਼ਤ ਬਿਜਲੀ ਲਗਾਤਾਰ ਦਿੱਤੀ ਜਾ ਰਹੀ ਹੈ। ਪੰਜਾਬ ਇਕੱਲਾ ਉਹ ਸੂਬਾ ਹੈ ਜਿੱਥੇ ਕਿ ਗਰੀਬ ਲੋਕਾਂ ਨੂੰ ਮੁਫ਼ਤ ਆਟਾ ਦਾਲ ਯੋਜਨਾ ਤਹਿਤ ਰਾਸ਼ਨ ਦਿੱਤਾ ਜਾ ਰਿਹਾ ਹੈ। ਇਸੇ ਤਰਾਂ ਲੋਕਾਂ ਨੂੰ ਕੈਂਸਰ ਅਤੇ ਹੈਪੇਟਾਈਟਸ ਸੀ ਵਰਗੀਆਂ ਨਾ ਮੁਰਾਦ ਬਿਮਾਰੀਆਂ ਦੇ ਇਲਾਜ਼ ਲਈ ਮੁਫ਼ਤ ਇਲਾਜ਼ ਦੇਣ ਦੇ ਨਾਲ-ਨਾਲ ਹੋਰ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਕਿਸਾਨਾਂ ਨੂੰ 50 ਹਜ਼ਾਰ ਰੁਪਏ ਤੱਕ ਦਾ ਵਿਆਜ਼ ਮੁਕਤ ਕਰਜ਼ਾ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ 50 ਹਜ਼ਾਰ ਰੁਪਏ ਤੱਕ ਦੇ ਇਲਾਜ਼ ਕਰਾਉਣ ਦੀ ਸਹਾਇਤਾ ਦੇ ਨਾਲ-ਨਾਲ ਪਰਿਵਾਰਕ ਮੈਂਬਰ ਦੇ ਮੁੱਖੀ ਦੀ ਦੁਰਘਟਨਾ ਵਿੱਚ ਮੌਤ ਜਾਂ ਅਪੰਗਤਾ ਹੋਣ ਦੀ ਸੂਰਤ ਵਿੱਚ 5 ਲੱਖ ਰੁਪਏ ਤੱਕ ਦੀ ਬੀਮੇ ਦੀ ਸਹੂਲਤ ਵੀ ਸ਼ੁਰੂ ਕੀਤੀ ਹੈ। ਇਸ ਤੋਂ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡਾ ਵੀ ਕਿਹਾ ਜਾਂਦਾ ਹੈ ਤਾਂ ਇਸ ‘ਤੇ ਕੋਈ ਇਤਰਾਜ਼ ਨਹੀਂ ਹੈ ਕਿਉਂਕਿ ਇਹ ਮੋਹਾਲੀ ਦੀ ਧਰਤੀ ‘ਤੇ ਸਥਾਪਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਮੁੱਦੇ ‘ਤੇ ਪੰਜਾਬ ਸਰਕਾਰ ਦਾ ਸਟੈਂਡ ਬਰਕਰਾਰ ਹੈ ਅਤੇ ਇਸ ਵਿੱਚ ਕੋਈ ਵੀ ਬਦਲਾਅ ਨਹੀਂ ਆ ਸਕਦਾ ਹੈ। ਆਪ ਆਗੂਆਂ ਵੱਲੋਂ ਦਿੱਤੇ ਜਾ ਰਹੇ ਬੇਹੁਦਾ ਬਿਆਨਾਂ ‘ਤੇ ਬੋਲਦਿਆਂ ਸ੍ਰ. ਬਾਦਲ ਨੇ ਕਿਹਾ ਕਿ ਇਸ ਪਾਰਟੀ ਦੇ ਨੇਤਾ ਪੰਜਾਬ ਦੀਆਂ ਭੁਗੋਲਿਕ ਪ੍ਰਸਥਿਤੀਆਂ ਤੋਂ ਵਾਕਫ਼ ਨਹੀਂ ਹਨ। ਆਪ ਆਗੂਆਂ ਵੱਲੋਂ ਆਪਣੇ ਨੇਤਾਵਾਂ ਦੀ ਤੁਲਨਾ ਪੰਜ ਪਿਆਰੇ ਸਾਹਿਬਾਨ ਨਾਲ ਕਰਨ ਤੋਂ ਸਾਬਿਤ ਹੁੰਦਾ ਹੈ ਕਿ ਇਨਾਂ ਨੂੰ ਸਿੱਖ ਧਰਮ ਦੇ ਉੱਚ ਆਦਰਸ਼ਾਂ ਬਾਰੇ ਉੱਕਾ ਵੀ ਗਿਆਨ ਨਹੀਂ ਹੈ। ਉਨਾਂ ਕਿਹਾ ਕਿ ਇਸ ਪਾਰਟੀ ਵੱਲੋਂ ਕਦੇ ਆਪਣੇ ਚੋਣ ਮੈਨੀਫੈਸਟੋ ‘ਤੇ ਸ੍ਰੀ ਦਰਬਾਰ ਸਾਹਿਬ ਨਾਲ ਝਾੜੂ ਦੀ ਤਸਵੀਰ ਲਗਾਈ ਜਾਂਦੀ ਹੈ ਅਤੇ ਕਦੇ ਕੁਝ ਕੀਤਾ ਜਾਂਦਾ ਹੈ, ਜਿਸ ਨਾਲ ਸਿੱਖਾਂ ਅਤੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਵੱਡੀ ਸੱਟ ਵੱਜੀ ਹੈ।
ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸੀ ਵਿਧਾਨਕਾਰਾਂ ਵੱਲੋਂ ਕੀਤੇ ਗਏ ਸ਼ਰਮਨਾਕ ਵਰਤਾਰੇ ਬਾਰੇ ਬੋਲਦਿਆਂ ਸ੍ਰ. ਬਾਦਲ ਨੇ ਕਿਹਾ ਕਿ ਕਾਂਗਰਸੀਆਂ ਨੇ ਲੋਕਤੰਤਰੀ ਕਦਰਾਂ ਕੀਮਤਾਂ ਦਾ ਨਿਰਾਦਰ ਕੀਤਾ ਹੈ। ਕਾਂਗਰਸੀ ਵਿਧਾਨਕਾਰਾਂ ਵੱਲੋਂ ਸਦਨ ਵਿੱਚ ਵਰਤੀ ਗੈਰ ਸੰਸਦੀ ਸ਼ਬਦਾਵਲੀ ਦੀ ਉਹ ਪੁਰਜ਼ੋਰ ਨਿੰਦਾ ਕਰਦੇ ਹਨ। ਉਨਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਨਾਲ ਭਾਵੇਂਕਿ ਕਾਂਗਰਸੀਆਂ ਨੂੰ ਅਖ਼ਬਾਰਾਂ ਦੀਆਂ ਸੁਰਖੀਆਂ ਬਟੋਰਨ ਵਿੱਚ ਸੌਖ ਹੋਈ ਪਰ ਇਸ ਨਾਲ ਲੋਕਤੰਤਰੀ ਕਦਰਾਂ ਕੀਮਤਾਂ ਦਾ ਨਿਰਾਦਰ ਹੋਇਆ ਹੈ। ਸ੍ਰ. ਬਾਦਲ ਨੇ ਕਿਹਾ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐੱਨ. ਡੀ. ਏ. ਦੀ ਸਰਕਾਰ ਦੇ ਥੋੜੇ ਸਮੇਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਬਹੁਤ ਫਾਇਦਾ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਕਈ ਮਹੱਤਵਪੂਰਨ ਪ੍ਰੋਜੈਕਟ ਦਿੱਤੇ ਗਏ ਹਨ, ਜਿਨਾਂ ਵਿੱਚ ਏਮਜ਼, ਆਈ. ਆਈ. ਐੱਮ., ਪੋਸਟ ਗਰੈਜੂਏਟ ਹੌਰਟੀਕਲਚਰ ਰਿਸਰਚ ਐਂਡ ਐਜੂਕੇਸ਼ਨਲ ਇੰਸਟੀਚਿਊਟ ਅਤੇ ਹੋਰ ਪ੍ਰਮੁੱਖ ਅਦਾਰੇ ਸ਼ਾਮਿਲ ਹਨ। ਇਨਾਂ ਪ੍ਰੋਜੈਕਟਾਂ ਨਾਲ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।ਇਸ ਤੋਂ ਪਹਿਲਾਂ ਹਲਕਾ ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ, ਹਲਕਾ ਜਗਰਾਉਂ ਦੇ ਵਿਧਾਇਕ ਸ੍ਰੀ ਐੱਸ. ਆਰ. ਕਲੇਰ ਅਤੇ ਸਾਬਕਾ ਮੰਤਰੀ ਸ੍ਰ. ਬਿਕਰਮਜੀਤ ਸਿੰਘ ਖਾਲਸਾ ਨੇ ਵੀ ਸੰਬੋਧਨ ਕੀਤਾ ਅਤੇ ਸ੍ਰ. ਬਾਦਲ ਦੀ ਸਰਕਾਰ ਵੱਲੋਂ ਕੀਤੇ ਗਏ ਸੂਬੇ ਦੇ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤਿਆਰ ਕਰਕੇ ਲਾਗੂ ਕਰਨ ਦੀ ਸ਼ਲਾਘਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ, ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ, ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰ. ਸੰਤਾ ਸਿੰਘ ਉਮੈਦਪੁਰੀ, ਸਾਬਕਾ ਸੰਸਦ ਮੈਂਬਰ ਸ੍ਰ. ਅਮਰੀਕ ਸਿੰਘ ਆਲੀਵਾਲ, ਸਾਬਕਾ ਵਿਧਾਇਕ ਸ੍ਰ. ਜਗਜੀਵਨ ਸਿੰਘ ਖੀਰਨੀਆਂ, ਸ੍ਰ. ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸ੍ਰ. ਚਰਨ ਸਿੰਘ ਆਲਮਗੀਰ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੁਮਾਰ ਅਮਿਤ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਜ਼ਿਲਾ ਪੁਲਿਸ ਮੁਖੀ ਲੁਧਿਆਣਾ ਦਿਹਾਤੀ ਸ੍ਰ. ਉਪਿੰਦਰਜੀਤ ਸਿੰਘ ਘੁੰਮਣ ਅਤੇ ਹੋਰ ਹਾਜ਼ਰ ਸਨ।

Share Button

Leave a Reply

Your email address will not be published. Required fields are marked *