Thu. Feb 20th, 2020

27 ਜਨਵਰੀ (14 ਮਾਘ) ਨੂੰ ਜਨਮ ਦਿਹਾੜੇ ‘ਤੇ ਵਿਸ਼ੇਸ: ਲਾਸਾਨੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼ਹੀਦ

27 ਜਨਵਰੀ (14 ਮਾਘ) ਨੂੰ ਜਨਮ ਦਿਹਾੜੇ ‘ਤੇ ਵਿਸ਼ੇਸ: ਲਾਸਾਨੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼ਹੀਦ

ਦਮਦਮੀ ਟਕਸਾਲ ਦੇ ਪ੍ਰਥਮ ਮੁਖੀ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਪਿੰਡ ਪਹੂਵਿੰਡ ਜ਼ਿਲ੍ਹਾ ਅੰਮ੍ਰਿਤਸਰ ਵਿਚ 1682 ਈ: ਨੂੰ ਹੋਇਆ। ਬਾਬਾ ਜੀ ਦੇ ਪਿਤਾ ਦਾ ਨਾਮ ਭਗਤਾ ਜੀ ਸੀ ਅਤੇ ਮਾਤਾ ਦਾ ਨਾਮ ਜਿਉਣੀ ਸੀ। ਆਪ ਜੀ ਨੂੰ ਛੋਟੀ ਉਮਰ ਵਿਚ ਹੀ ਗੁਰਬਾਣੀ ਪੜ੍ਹਨ, ਕੀਰਤਨ ਕਰਨ, ਅਤੇ ਸਵੇਰੇ ਸ਼ਾਮ ਸਤਿਸੰਗ ਕਰਨ ਦਾ ਬੜਾ ਸ਼ੌਕ ਸੀ। ਜਦੋਂ ਵੀ ਸਮਾਂ ਮਿਲਦਾ ਆਪ ਜੀ ਘੋੜ ਸਵਾਰੀ, ਸ਼ਸਤਰ ਵਿਦਿਆ, ਨੇਜ਼ਾ ਬਾਜੀ ਦਾ ਅਭਿਆਸ ਕਰਿਆ ਕਰਦੇ ਸਨ। ਆਪ ਜੀ ਦਾ ਸੁਭਾਅ ਬੜਾ ਮਿੱਠਾ ਅਤੇ ਉੱਚਾ ਸੁੱਚਾ ਆਚਰਣ ਸੀ। ਇਲਾਕੇ ਦੇ ਲੋਕ ਆਪ ਜੀ ਦੀਆਂ ਧਾਰਮਿਕ ਰੁਚੀਆਂ ਨੂੰ ਮੁਖ ਰੱਖ ਕੇ ਆਪ ਜੀ ਦਾ ਬਹੁਤ ਸਤਿਕਾਰ ਕਰਦੇ ਸਨ । ਮੁਕਤਸਰ ਦੀ ਜੰਗ ਉਪਰੰਤ 1704 ‘ਚ ਸ੍ਰੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਪਹੁੰਚੇ। ਉੱਥੇ ਮਹਾਰਾਜ ਸਾਹਿਬ ਜੀ ਨੇ ਸਿੰਘਾਂ ਨਾਲ ਕੀਤੇ ਵਾਅਦੇ ਮੁਤਾਬਿਕ ਸਿੰਘਾਂ ਨੂੰ ਗੁਰਬਾਣੀ ਦੇ ਅਰਥ ਪੜ੍ਹਾਉਣ ਲਈ ਧੀਰ ਮੱਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇਣੇ ਨਾਂਹ ਹੋਣ ਕਾਰਣ ਗੁਰਬਾਣੀ ਲਿਖਵਾਉਣੀ ਆਰੰਭ ਕੀਤੀ। ਗੁਰੂ ਸਾਹਿਬ ਜੀ ਨਿਤਾਪ੍ਰਤੀ ਤੰਬੂ ਵਿਚ ਬੈਠ ਕੇ ਗੁਰਬਾਣੀ ਉਚਾਰਦੇ, ਭਾਈ ਮਨੀ ਸਿੰਘ ਜੀ ਗੁਰਬਾਣੀ ਲਿਖਦੇ, ਬਾਬਾ ਦੀਪ ਸਿੰਘ ਜੀ ਸ਼ਹੀਦ ਲਿਖਣ ਦਾ ਸਾਮਾਨ ਕਲਮਾਂ, ਸਿਆਹੀ ਅਤੇ ਕਾਗ਼ਜ਼ ਦਾ ਪ੍ਰਬੰਧ ਕਰਿਆ ਕਰਦੇ, ਸ਼ਾਮ ਨੂੰ ਗੁਰੂ ਸਾਹਿਬ ਉਚਾਰੀ ਹੋਈ ਬਾਣੀ ਦੇ ਅਰਥ ਸਾਰੇ ਸਿੰਘਾਂ ਨੂੰ ਸੁਣਾਉਂਦੇ। ਇਸ ਪ੍ਰਕਾਰ ਨੂੰ ਮਹੀਨੇ ਨੂੰ ਦਿਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਤਿਆਰ ਹੋਈ, ਇਹ ਬੀੜ ਦਮਦਮੇ ਸਾਹਿਬ ਤਿਆਰ ਹੋਣ ਕਰਕੇ ‘ਦਮਦਮੀ ਬੀੜ ਨਾਲ ਪ੍ਰਸਿੱਧ ਹੈ। ਇਸ ਮਹਾਨ ਕਾਰਜ ਨੂੰ ਨੇਪਰੇ ਚਾੜ੍ਹ ਕੇ ਦਸਮੇਸ਼ ਪਿਤਾ ਜੀ ਜਦੋਂ ਸ੍ਰੀ ਹਜ਼ੂਰ ਸਾਹਿਬ ਗਏ ਤਾਂ ਬਾਬਾ ਦੀਪ ਸਿੰਘ ਜੀ ਸ਼ਹੀਦ ਉਸ ਸਮੇਂ ਗੁਰੂ ਸਾਹਿਬ ਜੀ ਦੇ ਨਾਲ ਹੀ ਗਏ। ਜਿਸ ਸਮੇਂ ਗੁਰੂ ਸਾਹਿਬ ਜੀ ਨੇ ਸ੍ਰੀ ਹਜੂਰਿ ਸਾਹਿਬ ਨੰਦੇੜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਤਾ ਗੱਦੀ ਤੇ ਸੁਸ਼ੋਭਿਤ ਕੀਤਾ, ਉਸ ਸਮੇਂ ਭਾਈ ਮਨੀ ਸਿੰਘ ਜੀ ਨੇ ਤਾਬਿਆ ਚੌਰ ਸਾਹਿਬ ਜੀ ਦੀ ਸੇਵਾ ਕੀਤੀ ਅਤੇ ਬਾਬਾ ਦੀਪ ਸਿੰਘ ਜੀ, ਪਿਆਰੇ ਧਰਮ ਸਿੰਘ ਜੀ, ਭਾਈ ਹਰਿ ਸਿੰਘ ਜੀ, ਭਾਈ ਸੰਤੋਖ ਸਿੰਘ ਜੀ, ਭਾਈ ਗੁਰਬਖ਼ਸ਼ ਸਿੰਘ ਸ਼ਹੀਦ ਜੀ ਨੂੰ ਦਸਮੇਸ਼ ਪਿਤਾ ਜੀ ਨੇ ਪੰਜਾਂ ਪਿਆਰਿਆਂ ਦੇ ਰੂਪ ਵਿਚ ਆਪਣੇ ਪਾਸ ਖੜ੍ਹੇ ਕਰਕੇ ਗੁਰਤਾ ਗੱਦੀ ਦਾ ਅਰਦਾਸਾ ਸੋਧਿਆ।

ਦੋਹਿਰਾ । ਅਬਚਲ ਨਗਰ ਸਤਿਗੁਰ ਗਏ, ਤੁਰਕਨਿ ਕੋ ਕਰ ਨਾਸ ।
ਅਨਦ ਧਾਰ ਤਹਿ ਠਾਂ ਰਹੈ, ਅਚਰਜ ਜਾਹਿ ਬਿਲਾਸ । ੫੭ ।
ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਭੁ, ਗੁਰਤਾ ਦੇ ਦਸਮੇਸ਼ ।
ਪੰਚ ਸਿੰਘ ਤਾਬਿਆ ਖੜੇ ਨਾਮੁ ਸੁਣੋ ਸੁਭ ਵੇਸ । ੫੮ ।
ਮਨੀ ਸਿੰਘ ਤਾਬਿਆ ਸਜੇ, ਚੌਰਦਾਰ ਕੇ ਭਾਇ ।
ਧਰਮ ਸਿੰਘ ਹਰਿ ਸਿੰਘ, ਗੁਰਬਖ਼ਸ਼ ਸਿੰਘ ਸੁਨਾਇ । ੫੯ ।
ਸੰਤੋਖ ਸਿੰਘ ਜੀ ਦੀਪ ਸਿੰਘ, ਪਾਂਚੋ ਸਿੰਘ ਸੁਜਾਨ ।
ਜਿਵ ਗੁਰ ਸ੍ਰੀ ਚਮਕੌਰ ਮੇ, ਗੁਰੂ ਖਾਲਸਾ ਠਾਨ । ੬੦ ।
(ਸ੍ਰੀ ਗੁਰਮੁਖ ਪ੍ਰਕਾਸ਼, ਅਧਿਆਇ ਬਾਰਵਾਂ, ਪੰਨਾ ੧੮੬) ਕ੍ਰਿਤ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ£

ਇਸ ਪ੍ਰਕਾਰ ਬਾਬਾ ਜੀ ਉਸ ਵੇਲੇ ਪੰਜਾਂ ਪਿਆਰਿਆਂ ਵਿਚ ਵੀ ਸ਼ਾਮਿਲ ਸਨ। ਬਾਅਦ ਵਿਚ ਬਾਬਾ ਦੀਪ ਸਿੰਘ ਜੀ ਨੇ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਆਗਿਆ ਪਾ ਕੇ ਦਮਦਮਾ ਸਾਹਿਬ ਵਿਖੇ ਗੁਰਬਾਣੀ ਦਾ ਸ਼ੁੱਧ ਪਾਠ, ਗੁਰਬਾਣੀ ਦੀ ਵਿਆਖਿਆ, ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਕੰਮ ਆਰੰਭ ਕਰ ਦਿੱਤਾ। ਸਵੇਰੇ ਸ਼ਾਮ ਗੁਰੂ ਕਾ ਲੰਗਰ ਅਤੁੱਟ ਵਰਤਦਾ, ਰਾਤ ਨੂੰ ਢਾਡੀ ਵਾਰਾਂ ਗਾਉਂਦੇ। ਸੰਗਤਾਂ ਗੁਰਬਾਣੀ ਦੀਆਂ ਪੋਥੀਆਂ ਲਿਖ ਕੇ ਵੱਖ-ਵੱਖ ਸਥਾਨਾਂ ਤੇ ਭੇਜਦੇ। ਬਾਬਾ ਜੀ ਨੇ ਥੋੜੇ ਵਿਚ ਬੀਰ ਰਸ ਦਾ ਉਤਸ਼ਾਹ ਭਰਿਆ ਜਾਂਦਾ। ਜਦੋਂ ਵੀ ਸਮਾਂ ਮਿਲਦਾ ਬਾਬਾ ਜੀ ਜਿਹੇ ਹੀ ਸਮੇਂ ਵਿਚ ਗੁਰਮਤਿ ਦਾ ਬੜਾ ਭਾਰੀ ਪ੍ਰਚਾਰ ਕੀਤਾ। ਗੁਰਦੁਆਰਾ ਸਾਹਿਬ ਵਿਖੇ ਇਕ ਖੂਹ ਲਗਵਾਇਆ, ਗੁਰਦੁਆਰਾ ਸਾਹਿਬ ਨੂੰ ਵੱਡਾ ਅਤੇ ਪੱਕਾ ਕਰਵਾਇਆ। ਭਾਰੀ ਸੇਵਾ ਕੀਤੀ। ਬਾਬਾ ਜੀ ਨੇ ਬੰਦਾ ਸਿੰਘ ਬਹਾਦਰ (ਅੰਮ੍ਰਿਤਾ ਛਕਣ ਤੋਂ ਬਾਅਦ ਦਾ ਨਾਮ ਭਾਈ ਗੁਰਬਖ਼ਸ਼ ਸਿੰਘ ਹੋਇਆ) ਦੀ ਹਰ ਯੁੱਧ ਅਤੇ ਹਰ ਮੁਹਿੰਮ ਵਿਚ ਸਹਾਇਤਾ ਕੀਤੀ। ਜਦ ਬੰਦਾ ਸਿੰਘ ਬਹਾਦਰ ਅਨੰਦਪੁਰ ਸਾਹਿਬ ਆਇਆ ਤਾਂ ਬਾਬਾ ਜੀ ਵੀ ਉਸ ਨਾਲ ਤਿੰਨ ਮਹੀਨੇ ਰਹੇ। ਦੋਨੋ ਵਕਤ ਦੀਵਾਨ ਸਜਾਉਂਦੇ ਰਹੇ। ਇਨ੍ਹਾਂ ਤਿੰਨ ਮਹੀਨਿਆਂ ਵਿਚ ਬਾਬਾ ਜੀ ਦੀ ਰਸਨਾਂ ਤੋਂ ਕਥਾ ਸੁਣ ਕੇ ਬੰਦਾ ਸਿੰਘ ਬਹਾਦਰ ਬਾਬਾ ਜੀ ਤੋਂ ਬਹੁਤ ਪ੍ਰਭਾਵਿਤ ਹੋਏ।

ਜਦ ਬੰਦਈ ਖਾਲਸਾ ਅਤੇ ਤਤ ਖਾਲਸੇ ਦਾ ਝਗੜਾ ਹੋਇਆ ਤਾਂ ਬਾਬਾ ਦੀਪ ਸਿੰਘ ਜੀ ਅਤੇ ਭਾਈ ਮਨੀ ਸਿੰਘ ਜੀ ਨੇ ਹੀ ਗੁਰੂ ਅਗੇ ਅਰਦਾਸ ਕਰ ਅਮ੍ਰਿਤ ਸਰੋਵਰ ‘ਚ ਪਰਚੀਆਂ ਪਾ ਕੇ ਝਗੜਾ ਨਿਬੇੜਿਆ। ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਉਪਰੰਤ ਪੰਥ ਦੀ ਜ਼ਿੰਮੇਵਾਰੀ ਬਾਬਾ ਜੀ ਨੇ ਹੀ ਅਗੇ ਹੋ ਕ ਸੰਭਾਲੀ।
1716 ਬਾਬਾ ਬੰਦਾ ਸਿੰਘ ਬਹਾਦਰ ਤੋਂ ਵੱਖ ਹੋਣ ‘ਤੇ ਬਾਬਾ ਦੀਪ ਸਿੰਘ ਜੀ ਨੇ ਦਮਦਮਾ ਸਾਹਿਬ ਮੁੜ ਆਣ ਡੇਰਾ ਲਾਇਆ। ਪੰਥ ਦੀ ਸੇਵਾ ਬਹੁਤ ਸ਼ਰਧਾ ਤੇ ਪ੍ਰੇਮ ਸਹਿਤ ਨਿਭਾਈ। ਆਪ ਖ਼ੁਦ ਗੁਰਬਾਣੀ ਦੇ ਅਭਿਲਾਸ਼ੀ ਅਤੇ ਰਸੀਏ ਹੋਣ ਕਰਕੇ ਵਿਸ਼ੇਸ਼ ਦਿਲਚਸਪੀ ਨਾਲ ਇਹ ਕਾਰਜ ਕਰਦੇ ਅਤੇ ਸਥਾਨਕ ਸੰਗਤਾਂ ਨੂੰ ਸਿੱਖੀ ਤੋਂ ਜਾਣੂ ਕਰਵਾਉਂਦੇ ਸਨ। ਇਸ ਸਮੇਂ ਦੌਰਾਨ ਹੀ ਬਾਬਾ ਜੀ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀਆਂ ਚਾਰ ਬੀੜਾਂ ਦਾ ਆਪਣੇ ਹੱਥੀਂ ਉਤਾਰਾ ਕੀਤਾ ਅਤੇ ਤਖਤ ਸਾਹਿ ਬਾਨਾਂ ‘ਤੇ ਸੁਸ਼ੋਭਿਤ ਕਰਾਏ। ਆਪ ਜੀ ਅਰਬੀ ਫ਼ਾਰਸੀ ਦੇ ਵੀ ਵਿਦਵਾਨ ਸਨ ਸੋ ਆਪ ਜੀ ਨੇ ਅਰਬੀ ਭਾਸ਼ਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਉਤਾਰਾ ਕਰ ਕੇ ਅਰਬ ਦੇਸ਼ ‘ਚ ਭਿਜਵਾਇਆ।

ਜਦ ਨਵਾਬ ਕਪੂਰ ਸਿੰਘ ਨੂੰ ਨਵਾਬੀ ਮਿਲੀ ਤਾਂ ਉਸ ਵਕਤ ਨਵਾਬੀ ਭੇਟਾ ਨੂੰ ਜਿਨ੍ਹਾਂ ਪੰਜ ਪਿਆਰਿਆਂ ਦੇ ਚਰਨਾਂ ਨਾਲ ਛੁਹਾਇਆ ਗਿਆ ਉਨ੍ਹਾਂ ‘ਚ ਬਾਬਾ ਦੀਪ ਸਿੰਘ ਜੀ ਵੀ ਸ਼ਾਮਿਲ ਸਨ। ਦੀਵਾਨ ਦਰਬਾਰਾ ਸਿੰਘ ਜੀ ਦੇ ਸੱਚਖੰਡ ਪਿਆਨੇ ਤੋਂ ਬਾਅਦ ਸਮੇਂ ਦੀ ਲੋੜ ਮੁਤਾਬਿਕ ਤਰਨਾ ਦਲ ਅਤੇ ਬੁਢਾ ਦਲ ਦੇ ਰੂਪ ‘ਚ ਜਥੇ ਬਣਾਏ ਗਏ। ਤਰਨਾ ਦਲ ਪੰਚ ਹਿੱਸਿਆਂ ‘ਚ ਵੰਡਿਆ ਗਿਆ। ਮਸੇ ਰੰਗੜ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਕੀਤੀ ਗਈ ਤਾਂ ਬਾਬਾ ਜੀ ਦੇ ਜਥੇ ਦੇ ਜਥੇਦਾਰ ਬਾਬਾ ਬੁੱਢਾ ਸਿੰਘ ਦੇ ਜਥੇ ਦੇ ਸਿੰਘ ਭਾਈ ਸੁਖਾ ਸਿੰਘ ਭਾਈ ਮਹਿਤਾਬ ਸਿੰਘ ਨੇ ਹੀ ਮਸੇ ਦਾ ਸਿਰ ਵੱਢ ਕੇ ਬਾਬਾ ਜੀ ਅਗੇ ਲਿਆ ਪੇਸ਼ ਕੀਤਾ।
੧੮ ਵੀਂ ਸਦੀ ਦੌਰਾਨ ਵਿਦੇਸ਼ੀ ਹਮਲਾਵਰਾਂ ਨੇ ਭਾਰਤ ਨੂੰ ਖ਼ੂਬ ਲੁੱਟਿਆ ਤੇ ਇੱਥੋਂ ਦੀਆਂ ਬਹੂ-ਬੇਟੀਆਂ ਦੀ ਇੱਜ਼ਤ ਨੂੰ ਮਿੱਟੀ ਵਿਚ ਰੋਲਿਆ। ਇਸ ਸਮੇਂ ਮਿਸਲਾਂ ਦੇ ਜਥੇਦਾਰਾਂ ਨੇ ਮਿਲ ਕੇ ਇਨ੍ਹਾਂ ਅਫ਼ਗ਼ਾਨ ਧਾੜਵੀਆਂ ਦਾ ਮੁਕਾਬਲਾ ਕਰਨਾ ਸ਼ੁਰੂ ਕੀਤਾ ਜਿਸ ਨਾਲ ਭਾਰਤ ਦਾ ਲੁੱਟਿਆ ਬਹੁ-ਕੀਮਤੀ ਮਾਲ-ਅਸਬਾਬ ਵਾਪਸ ਦਿਵਾਇਆ ਜਾਂਦਾ ਰਿਹਾ। ਸਿੱਖੀ ਪਰੰਪਰਾ ਦਾ ਇੱਕ ਅਨਿੱਖੜਵਾਂ ਤੇ ਸਰਵੋਤਮ ਪੱਖ ਹੈ ਕਿ ਕਿਸੇ ਮਜ਼ਲੂਮ ਤੇ ਗਰੀਬ ਦੀ ਰੱਖਿਆ ਕਰਨਾ ਅਤੇ ਅਨਿਆਂ ਵਿਰੁੱਧ ਡਟ ਕੇ ਪਹਿਰਾ ਦੇਣਾ। ਉਸ ਸਮੇਂ ਸਿੱਖ ਪੰਥ ਨੇ ਸਿੱਖੀ ਦੀ ਇਸ ਮਹਾਨ ਪਰੰਪਰਾ ਉੱਪਰ ਬਾਖ਼ੂਬੀ ਅਮਲ ਕਰਦਿਆਂ ਪਹਿਰਾ ਦਿੱਤਾ ਅਤੇ ਮੁਗ਼ਲ ਤੇ ਅਫ਼ਗ਼ਾਨ ਧਾੜਵੀਆਂ ਨੂੰ ਪਛਾੜਿਆ। ਅਹਿਮਦ ਸ਼ਾਹ ਦੁਰਾਨੀ ਜੋ ਸਿੱਖਾਂ ਦੇ ਸਖ਼ਤ ਵਿਰੁੱਧ ਸੀ ਅਤੇ ਸਿੱਖਾਂ ਨੂੰ ਖ਼ਤਮ ਕਰਨ ਉੱਤੇ ਤੁਲਿਆ ਹੋਇਆ ਸੀ, ਆਪਣੇ 1757 ਈ: ਦੇ ਹਿੰਦੁਸਤਾਨ ਦੇ ਹਮਲੇ ਵੇਲੇ ਦਿੱਲੀ ਜਾਂਦਾ ਹੋਇਆ ਕੁੱਝ ਦੇਰ ਲਈ ਲਾਹੌਰ ਠਹਿਰਿਆ। ਉਸ ਨੇ ਅੰਮ੍ਰਿਤਸਰ ਸ਼ਹਿਰ ਨੂੰ ਲੁੱਟਿਆ ਅਤੇ ਸ਼ਹਿਰ ਦੀਆਂ ਇਮਾਰਤਾਂ ਨੂੰ ਢਾਹਿਆ। ਇਸ ਹਮਲੇ ਸਮੇਂ ਅੰਮ੍ਰਿਤਸਰ ਸ਼ਹਿਰ ਦੇ ਇੰਚਾਰਜ ਜਹਾਨ ਖਾਨ ਦੁਆਰਾ ਸ੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਕਰਨ, ਪਵਿੱਤਰ ਸਰੋਵਰ ਨੂੰ ਪੂਰ ਦੇਣ ਦੀ ਖ਼ਬਰ ਜਦੋਂ ਬਾਬਾ ਦੀਪ ਸਿੰਘ ਜੀ ਨੂੰ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਅਸਥਾਨ ‘ਤੇ ਪੁੱਜੀ ਤਾਂ ਆਪ ਦੇ ਦਿਲ ‘ਤੇ ਅਸਹਿ ਸੱਟ ਵੱਜੀ। ਆਪ ਜੀ ਨੇ ਸ੍ਰੀ ਦਰਬਾਰ ਸਾਹਿਬ ਜੀ ਦੀ ਪਵਿੱਤਰਤਾ ਭੰਗ ਕਰਨ ਵਾਲਿਆਂ ਨਾਲ ਟੱਕਰ ਲੈਣ ਦਾ ਫ਼ੈਸਲਾ ਕਰ ਲਿਆ। ਆਸ-ਪਾਸ ਦੇ ਨਗਰਾਂ ਤੇ ਟਿਕਾਣਿਆਂ ‘ਤੇ ਇਤਲਾਹ ਦਿੱਤੀ ਗਈ। ਵੱਖ-ਵੱਖ ਨਗਰਾਂ ਤੋਂ ਅਣਗਿਣਤ ਸਿੰਘ ਬਾਬਾ ਜੀ ਦੀ ਅਗਵਾਈ ਵਿਚ ਪਾਵਨ ਧਰਮ ਅਸਥਾਨ ਦੀ ਰੱਖਿਆ ਲਈ ਹਾਜ਼ਰ ਹੋਏ। ਇਸ ਤਰ੍ਹਾਂ ਦਲ ਖਾਲਸਾ ਦੀ ਗਿਣਤੀ ਅਣਗਿਣਤ ਹੋ ਗਈ। ਬਿਆਸ ਦਰਿਆ ਪਾਰ ਕਰਕੇ ਸਿੰਘਾਂ ਦਾ ਜਥਾ ਮਾਝੇ ਦੇ ਇਲਾਕੇ ਅੰਦਰ ਦਾਖਲ ਹੋਇਆ। ਤਰਨਤਾਰਨ ਸਾਹਿਬ ਦੇ ਪਾਵਨ ਅਸਥਾਨ ਵਿਖੇ ਪਹੁੰਚ ਕੇ ਸਿੰਘਾਂ ਦੇ ਸਾਰੇ ਸਮੂਹ ਨੇ ਅਰਦਾਸ ਕੀਤੀ। ਇਸ ਸ਼ਹਿਰ ਤੋਂ ਬਾਹਰ ਆ ਕੇ ਬਾਬਾ ਦੀਪ ਸਿੰਘ ਜੀ ਨੇ ਇੱਕ ਲਕੀਰ ਖਿੱਚੀ ਅਤੇ ਕਿਹਾ ਕਿ ਜੋ ਸ਼ਹੀਦੀ ਪਾਉਣ ਲਈ ਤਿਆਰ ਹੈ, ਉਹ ਇਸ ਲਕੀਰ ਨੂੰ ਪਾਰ ਕਰੇ, ਜਿਹੜਾ ਸ਼ਹੀਦ ਨਹੀਂ ਹੋਣਾ ਚਾਹੁੰਦਾ ਉਹ ਵਾਪਸ ਚਲਿਆ ਜਾਵੇ। ਸਾਰੇ ਸਿੰਘ ਜੈਕਾਰੇ ਗਜਾਉਂਦੇ ਹੋਏ ਲਕੀਰ ਪਾਰ ਕਰਕੇ ਅੰਮ੍ਰਿਤਸਰ ਵੱਲ ਵਧਣ ਲੱਗੇ। ਅਫ਼ਗ਼ਾਨ ਸਿੰਘਾਂ ਦਾ ਟਾਕਰਾ ਤਰਨ ਤਾਰਨ ਤੋਂ 10 ਕਿੱਲੋਮੀਟਰ ਦੀ ਦੂਰੀ ‘ਤੇ ਸਥਿਤ ਗੋਹਲ ਵੜ ਪਿੰਡ ਕੋਲ ਜਾ ਕੇ ਬਾਬਾ ਜੀ ਨੇ ਆਪਣੇ ਸਿੰਘਾਂ ਦੇ ਜਥੇ ਨਾਲ ਦੁਸ਼ਮਣ ਦੀ ਫ਼ੌਜ ਨੂੰ ਲੜਾਈ ਲਈ ਲਲਕਾਰਿਆ। ਇਸ ਜਗ੍ਹਾ ਗੁਰਦੁਆਰਾ ਲਲਕਾਰ ਸਾਹਿਬ ਬਣਿਆ ਹੋਇਆ ਹੈ। ਗੋਹਲ ਵੜ ਵਿਚ ਬਾਬਾ ਜੀ ਦਾ ਸਾਹਮਣਾ ਜਮਾਲ ਖ਼ਾਨ ਨਾਲ ਹੋਇਆ। ਜਹਾਨ ਖਾਨ ਨੂੰ ਵੀ ਸੂਹੀਏ ਰਾਹੀਂ ਪਤਾ ਲੱਗ ਗਿਆ ਕਿ ਸਿੱਖ ਉਨ੍ਹਾਂ ਉੱਪਰ ਹਮਲਾ ਕਰਨ ਲਈ ਆ ਰਹੇ ਹਨ। ਇਹ ਖ਼ਬਰ ਸੁਣ ਕੇ ਜਹਾਨ ਖਾਨ ਨੇ ਆਪਣੇ ਸਹਾਇਕ ਅਤਾਈ ਖਾਨ ਨੂੰ ਸਿੱਖਾਂ ਉੱਤੇ ਹਮਲਾ ਕਰਨ ਦੇ ਆਦੇਸ਼ ਦਿੱਤੇ। ਜਹਾਨ ਖਾਨ ਆਪ ਘੋੜ ਸਵਾਰ ਫ਼ੌਜ ਨਾਲ ਲੈ ਕੇ ਅੰਮ੍ਰਿਤਸਰ ਸ਼ਹਿਰ ਤੋਂ ਬਾਹਰ ਗੋਹਲ ਵੜ ਦੇ ਸਥਾਨ ‘ਤੇ ਪਹੁੰਚ ਗਿਆ, ਜਿੱਥੇ ਸਿੰਘਾਂ ਤੇ ਅਫ਼ਗ਼ਾਨਾਂ ਦੀ ਟੱਕਰ ਹੋਈ।

ਅਫ਼ਗ਼ਾਨ ਸਿੰਘਾਂ ਦਾ ਟਾਕਰਾ ਨਾ ਕਰ ਸਕੇ। ਸਿੰਘਾਂ ਦੇ ਅੱਗੇ ਲੱਗ ਕੇ ਮੈਦਾਨੋ ਭੱਜ ਨਿਕਲੇ। ਇਤਨੇ ਨੂੰ ਜਹਾਨ ਖਾਨ ਦਾ ਸਹਾਇਕ ਅਤਾਈ ਖਾਨ ਆਪਣੀ ਭਾਰੀ ਫ਼ੌਜ ਲੈ ਕੇ ਆ ਗਿਆ, ਜਿਸ ਨਾਲ ਮੈਦਾਨ-ਏ-ਜੰਗ ਦੀ ਰੂਪ-ਰੇਖਾ ਬਦਲ ਗਈ। ਇਸ ਘਮਸਾਣ ਦੀ ਜੰਗ ਅੰਦਰ ਸਿੱਖਾਂ ਦਾ ਜਾਨੀ ਨੁਕਸਾਨ ਹੋਣਾ ਸ਼ੁਰੂ ਹੋ ਗਿਆ। ਸਿੰਘ ਇਕ-ਇਕ ਕਰਕੇ ਸ਼ਹੀਦ ਹੋਣ ਲੱਗੇ। ਇਸ ਯੁੱਧ ਵਿਚ ਹੌਲੀ-ਹੌਲੀ ਸਿੰਘ ਅਫ਼ਗ਼ਾਨਾਂ ਨੂੰ ਧੱਕਦੇ-ਧੱਕਦੇ ਅੰਮ੍ਰਿਤਸਰ ਸ਼ਹਿਰ ਦੇ ਬਾਹਰਵਾਰ ਚਾਟੀ ਵਿੰਡ ਦਰਵਾਜੇ ਦੇ ਨੇੜੇ ਗੁਰਦੁਆਰਾ ਰਾਮਸਰ ਸਾਹਿਬ ਦੇ ਨੇੜੇ ਪੁੱਜ ਗਏ। ਬਾਬਾ ਦੀਪ ਸਿੰਘ ਜੀ 8 ਸੇਰ ਕੱਚੇ ਦਾ ਦੋ-ਧਾਰਾ ਖੰਡਾ ਖੜਕਾਉਂਦੇ ਵੈਰੀਆਂ ਨੂੰ ਸਦਾ ਦੀ ਨੀਂਦ ਸੁਆਉਂਦੇ ਹੋਏ ਅੱਗੇ ਵਧਦੇ ਜਾ ਰਹੇ ਸਨ। ਉਹ ਸਖ਼ਤ ਜ਼ਖ਼ਮੀ ਹੋ ਗਏ ਸਨ। ਅਫ਼ਗ਼ਾਨ ਦੁਸ਼ਮਣ ਦਾ ਕਮਾਂਡਰ ਜਹਾਨ ਖਾਨ ਅੱਗੇ ਵਧਿਆ ਤੇ ਬਾਬਾ ਜੀ ‘ਤੇ ਵਾਰ ਕਰਨ ਲੱਗਾ। ਅੱਗੋਂ ਬਾਬਾ ਜੀ ਨੇ ਵੀ ਵਾਰ ਕੀਤਾ। ਇਸ ਸਾਂਝੇ ਵਾਰ ਵਿਚ ਦੋਹਾਂ ਦੇ ਸੀਸ ਲੱਥ ਗਏ। ਬਾਬਾ ਜੀ ਦਾ ਸੀਸ ਧੜ ਤੋਂ ਅਲੱਗ ਹੋ ਜਾਣ ਸਦਕਾ ਧੜ ਜ਼ਮੀਨ ਤੇ ਡਿਗ ਪਿਆ। ਇਕ ਸਿੰਘ ਨੇ ਹੱਥ ਜੋੜ ਕੇ ਬਾਬਾ ਜੀ ਦੇ ਧੜ ਵੱਲ ਬੇਨਤੀ ਕੀਤੀ ਬਾਬਾ ਜੀ ਤੁਸਾਂ ਅਰਦਾਸ ਕੀਤੀ ਸੀ ਸੀਸ ਸੁਧਾਸਰ ਜਾ ਕੇ ਗੁਰੂ ਰਾਮਦਾਸ ਜੀ ਦੇ ਚਰਨਾਂ ‘ਚ ਭੇਟ ਕਰਨਾ ਹੈ। ਤੇ ਇਹ ਹੁਣ ਕੀ ਭਾਣਾ ਵਰਤਾਇਆ ਜੇ? ਸੁਧਾ ਸਰ ਦੋ ਕੋਹ ਦੂਰ ਹੈ। ‘ ਆਗੇ ਏਕ ਧਰਮ ਸਿੰਘ ਕਹਯੋ, ਬਚਨ ਤੁਮਾਰਾ ਦੀਪ ਸਿੰਘ ਰਹਯੋ ‘ ਫੇਰ ਕੀ ਸੀ ਬਚਨ ਕੇ ਬਲੀ ਸੂਰਬੀਰ ਯੋਧੇ ਬਾਬਾ ਜੀ ਦਾ ਧੜ ਹਰਕਤ ਵਿਚ ਆ ਗਿਆ ਤੇ ਉਹਨਾਂ ਆਪਣਾ ਪਾਵਨ ਸ਼ੀਸ਼ ਖੱਬੇ ਹੱਥ ਤੇ ਧਰ ਕੇ ਆਪਣਾ ਸਵਾ ਮਣ ਦਾ ਖੰਡਾ ਵੋਹੰਦੇ ਹੋਏ ਲੜਦੇ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਤਕ ਜਾ ਪਹੁੰਚੇ। ਇੱਥੋਂ ਤਕ ਅੱਪੜਦਿਆਂ ਬਾਬਾ ਜੀ ਨੇ ਕਈ ਪਠਾਣ ਤੇ ਅਫ਼ਗ਼ਾਨ ਮਾਰ ਮੁਕਾਏ ਸਨ।

ਇਸ ਤਰ੍ਹਾਂ ਇਸ ਘਮਸਾਣ ਦੀ ਜੰਗ ਅੰਦਰ ਅਫ਼ਗ਼ਾਨ ਜਰਨੈਲਾਂ ਦੇ ਮਾਰੇ ਜਾਣ ਨਾਲ ਅਫ਼ਗਾਨੀ ਫ਼ੌਜ ਦੇ ਹੌਸਲੇ ਟੁੱਟ ਗਏ ਤੇ ਬਾਬਾ ਦੀਪ ਸਿੰਘ ਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਅੰਦਰ ਪਹੁੰਚ ਕੇ ਸ਼ਹੀਦੀ ਪ੍ਰਾਪਤ ਕਰ ਗਏ। ਇਸ ਤਰ੍ਹਾਂ ਬਾਬਾ ਦੀਪ ਸਿੰਘ ਜੀ ਅਤੇ ਉਨ੍ਹਾਂ ਦੇ ਸਾਥੀ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦਾ ਜ਼ਾਲਮਾਂ ਤੋਂ ਬਦਲਾ ਲੈਂਦੇ ਹੋਏ ਅਤੇ ਧਰਮ ਤੇ ਕੌਮ ਦੀ ਸ਼ਾਨ ਬਦਲੇ ਆਪਣੀਆਂ ਜਾਨਾਂ ਕੁਰਬਾਨ ਕਰ ਗਏ। ਸ਼ਹੀਦੀ ਅਸਥਾਨ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਅਸਥਾਨ ਗੁਰਦੁਆਰਾ ਰਾਮਸਰ ਸਾਹਿਬ ਦੇ ਨੇੜੇ ਹੈ, ਜਿੱਥੇ ਅੱਜਕਲ੍ਹ ‘ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ’ ਸੁਸ਼ੋਭਿਤ ਹੈ। ਸ੍ਰੀ ਹਰਿਮੰਦਰ ਸਾਹਿਬ ਦੀਆਂ ਪ੍ਰਕਰਮਾ ਵਿਚ ਜਿੱਥੇ ਬਾਬਾ ਜੀ ਨੇ ਸੀਸ ਭੇਟ ਕੀਤਾ ਸੀ, ਉੱਥੇ ਵੀ ਪਾਵਨ ਗੁਰਦੁਆਰਾ ਸਾਹਿਬ ਸੁਭਾਇਮਾਨ ਹੈ। ਬਾਬਾ ਦੀਪ ਸਿੰਘ ਜੀ ਦਾ ਉਹ ਦੋ-ਧਾਰਾ ਖੰਡਾ ਸ੍ਰੀ ਅਕਾਲ ਤਖਤ ਸਾਹਿਬ ਦੇ ਸ਼ਸਤਰਾਂ ਵਿਚ ਸੰਭਾਲ ਕੇ ਰੱਖਿਆ ਗਿਆ, ਜਿਸ ਦੇ ਹਰ ਰੋਜ਼ ਸ਼ਾਮ ਨੂੰ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਂਦੇ ਹਨ।

ਪ੍ਰੋ: ਸਰਚਾਂਦ ਸਿੰਘ

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: