69ਵੇਂ ਗਣਤੰਤਰ ਦਿਵਸ ‘ਤੇ ਮੁੱਖ ਮੰਤਰੀ ਕੈਪਟਨ ਨੇ ਪਟਿਆਲਾ ਵਿਖੇ ਇਨ੍ਹਾਂ ਯੋਜਨਾਵਾਂ ਦਾ ਕੀਤਾ ਆਗਾਜ਼

69ਵੇਂ ਗਣਤੰਤਰ ਦਿਵਸ ‘ਤੇ ਮੁੱਖ ਮੰਤਰੀ ਕੈਪਟਨ ਨੇ ਪਟਿਆਲਾ ਵਿਖੇ ਇਨ੍ਹਾਂ ਯੋਜਨਾਵਾਂ ਦਾ ਕੀਤਾ ਆਗਾਜ਼

punjabਦੇਸ਼ ਦੇ 69ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਯਾਦਵਿੰਦਰਾ ਪਬਲਿਕ ਸਕੂਲ ਦੇ ਸਟੇਡੀਅਮ ਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਇਆ। ਮੁੱਖ ਮੰਤਰੀ ਨੇ ਇਸ ਮੌਕੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਆਗ਼ਾਜ ਕਰਦਿਆਂ ਪੰਜਾਬ ਦੇ ਲੋੜਵੰਦਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦੇ ਲਾਭ ਦੇਣ ਦੀ ਸ਼ੁਰੂਆਤ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਖੁਰਾਕ ਅਤੇ ਸਿਵਲ ਸਪਲਾਈਜ ਵਿਭਾਗ ਦੀ ਪੁਰਾਣੀ ਆਟਾ ਦਾਲ ਸਕੀਮ ਲਈ ਨੀਲੇ ਕਾਰਡਾਂ ਨੂੰ ਰੱਦ ਕਰਦਿਆਂ ਇਨ੍ਹਾਂ ਦੀ ਥਾਂ ‘ਤੇ ਸਮਾਰਟ ਕਾਰਡ ਜਾਰੀ ਕੀਤੇ।
ਮੁੱਖ ਮੰਤਰੀ ਨੇ ਪਿਛਲੇ 10 ਸਾਲਾਂ ਤੋਂ ਵਿਕਾਸ ਪੱਖੋਂ ਅੱਖੋਂ ਪਰੋਖੇ ਕੀਤੇ ਗਏ ਵਿਰਾਸਤੀ ਸ਼ਹਿਰ ਪਟਿਆਲਾ ਅਤੇ ਜ਼ਿਲ੍ਹੇ ਦੇ ਬਾਕੀ ਦਿਹਾਤੀ ਖੇਤਰ ਦੇ ਵਿਕਾਸ ਲਈ ਵੀ 50 ਕਰੋੜ ਰੁਪਏ ਦੇ ਹੋਰ ਪ੍ਰੋਜੈਕਟਾਂ ਦਾ ਐਲਾਨ ਵੀ ਕੀਤਾ। ਜਦੋਂਕਿ ਇਸ ਤੋਂ ਪਹਿਲਾਂ ਵੀ ਉਹ ਇਥੇ ਦੇ ਵਿਕਾਸ ਲਈ 100 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਪਹਿਲਾਂ ਹੀ ਕਰ ਚੁੱਕੇ ਹਨ। ਇਸ ਤੋਂ ਪਹਿਲਾਂ ਪੰਜਾਬ ਵਾਸੀਆਂ ਦੇ ਨਾਮ ਆਪਣੇ ਸੰਦੇਸ਼ ‘ਚ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਨਾ ਕਰਨ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਪੰਜਾਬ ਸਰਕਾਰ ਮਾੜੀ ਮਾਲੀ ਹਾਲਤ ਦੇ ਬਾਵਜੂਦ ਨਵੰਬਰ 2018 ਤੱਕ ਸਾਰੇ 17 ਲੱਖ ਕਿਸਾਨਾਂ ਨੂੰ ਸਰਕਾਰ ਦੀ ਕਰਜਾ ਮੁਆਫ਼ੀ ਸਕੀਮ ਦਾ ਲਾਭ ਦੇਵੇਗੀ।
ਜਦੋਂ ਕਿ ਹੁਣ ਤੱਕ 10 ਲੱਖ 25 ਹਜ਼ਾਰ ਕਿਸਾਨਾਂ ਨੂੰ ਦੋ ਲੱਖ ਰੁਪਏ ਤੱਕ ਦੇ ਕਰਜ ਮੁਆਫ਼ੀ ਦਾ ਲਾਭ ਦੇ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪਿਛਲੇ ਸਾਲ 16 ਮਾਰਚ ਨੂੰ ਉਨ੍ਹਾਂ ਨੇ ਸਰਕਾਰ ਸੰਭਾਲੀ ਤਾਂ ਉਸ ਵੇਲੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ 10 ਸਾਲਾਂ ਦੀ ਮਾੜੀ ਕਾਰਗੁਜ਼ਾਰੀ ਦੇ ਚਲਦਿਆਂ 2 ਲੱਖ 8 ਹਜ਼ਾਰ ਕਰੋੜ ਰੁਪਏ ਦਾ ਕਰਜਾ ਸੀ।
ਉਨ੍ਹਾਂ ਦੱਸਿਆ ਕਿ ਇਸਦੇ ਬਾਵਜੂਦ ਪੰਜਾਬ ਸਰਕਾਰ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਸਭ ਤੋਂ ਵੱਧ ਦੋ ਲੱਖ ਰੁਪਏ ਦੀ ਕਰਜਾ ਮੁਆਫ਼ੀ ਦਾ ਲਾਭ ਦੇ ਰਹੀ ਹੈ ਅਤੇ ਉਹ ਹੋਰ ਵੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਆਪਣੀ ਵਚਨਬੱਧਤਾ ‘ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦੇ ਹਰ ਹਾਲਤ ‘ਚ ਪੂਰੇ ਕਰੇਗੀ ਭਾਵੇਂਕਿ ਇਸਨੂੰ ਕੁਝ ਸਮਾਂ ਲੱਗ ਜਾਵੇ, ਕਿਉਂਕਿ ਉਨ੍ਹਾਂ ਕੋਲ ਅਜੇ ਚਾਰ ਸਾਲਾਂ ਤੋਂ ਵੱਧ ਦਾ ਸਮਾਂ ਹੈ।

-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਕੀਤਾ ਆਗ਼ਾਜ
-ਸਰਕਾਰ ਦੀਆਂ ਵੱਖ-ਵੱਖ 20 ਸਕੀਮਾਂ ਦਾ ਲਾਭ ਅੱਜ ਤੋਂ ਕਰੀਬ ਦੋ ਲੱਖ ਲੋਕਾਂ ਨੂੰ ਮਿਲਣਾ ਸ਼ੁਰੂ
-ਕਿਸਾਨਾਂ ਨੂੰ ਖ਼ੁਦਕੁਸ਼ੀਆਂ ਨਾ ਕਰਨ ਦੀ ਅਪੀਲ, ਸਰਕਾਰ ਨਵੰਬਰ ਤੱਕ ਪੂਰੀ ਤਰ੍ਹਾਂ ਲਾਗੂ ਕਰ ਦੇਵੇਗੀ ਕਰਜਾ ਮੁਆਫ਼ੀ ਸਕੀਮ
-ਲੋੜਵੰਦਾਂ ਨੂੰ ਰਾਸ਼ਨ ਵੰਡਣ ਲਈ ਸਮਾਰਟ ਕਾਰਡ ਸਕੀਮ ਵੀ ਜਾਰੀ
-ਐਸ.ਸੀ.ਬੀ.ਸੀਜ ਲਈ ਬੈਂਕਫਿਕੋ ਦੇ ਲੋਨ ਵਿਚੋਂ 50-50 ਹਜਾਰ ਦੀ ਮਿਲੇਗੀ ਮੁਆਫ਼ੀ
-ਪਟਿਆਲਾ ਜ਼ਿਲ੍ਹੇ ਦੇ ਦਿਹਾਤੀ ਖੇਤਰ ਦੇ ਵਿਕਾਸ ਲਈ 45 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ
-5 ਕਰੋੜ ਰੁਪਏ ਸ਼ਹਿਰੀ ਖੇਤਰ ਦੇ ਵਿਕਾਸ ਲਈ ਹੋਰ ਦਿੱਤੇ

ਇਸ ਮੌਕੇ ਮੁੱਖ ਮੰਤਰੀ ਨੇ ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ’ ਨੂੰ ਲਾਗੂ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਹਾਤਮਾਂ ਗਾਂਧੀ ਦੇ ਕਥਨ ਮੁਤਾਬਕ ‘ਹਰ ਅੱਖ ‘ਚੋਂ ਹਰ ਅੱਥਰੂ’ ਪੂੰਝਣ ਲਈ ਵਚਨਬੱਧ ਹੈ ਅਤੇ ਇਸ ਯੋਜਨਾ ਤਹਿਤ ਸਮਾਜ ਦੇ ਹਰ ਤਬਕੇ ਦੇ ਦੱਬੇ ਕੁਚਲੇ ਅਤੇ ਲੋੜਵੰਦ ਨਾਗਰਿਕਾਂ ਦੀ ਮਦਦ ਕਰਨ ਲਈ ਇਨ੍ਹਾਂ ਦੀ ਵੱਡੀ ਗਿਣਤੀ ‘ਚ ਪਛਾਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਸਰਕਾਰ ਦੀਆਂ ਵੱਖ-ਵੱਖ 20 ਸਕੀਮਾਂ ਦਾ ਲਾਭ ਅੱਜ ਤੋਂ ਕਰੀਬ ਦੋ ਲੱਖ ਲੋਕਾਂ ਨੂੰ ਮਿਲਣ ਲੱਗ ਪਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ 69ਵੇਂ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ 1950 ਦੇ ਉਸ ਇਤਿਹਾਸਕ ਦਿਨ ਨੂੰ ਯਾਦ ਕੀਤਾ ਜਦੋਂ ਦੇਸ਼ ਦੇ ਲੱਖਾਂ ਲੋਕਾਂ ਨੂੰ ਤਾਕਤਾਂ ਦੇਣ ਲਈ ਦੇਸ਼ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ।
ਉਨ੍ਹਾਂ ਨੇ ਦੇਸ਼ ਦੇ ਸੰਵਿਧਾਨ ਪ੍ਰਤੀ ਪੰਜਾਬੀਆਂ ਦੀ ਸ਼ਰਧਾ ਅਤੇ ਸਮਰਪਣ ਭਾਵਨਾਂ ‘ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਲੋਕਤੰਤਰ ਨੂੰ ਮਜਬੂਤ ਕਰਨ ਲਈ ਆਪਣਾ ਹਰ ਪੱਖੋਂ ਯੋਗਦਾਨ ਪਾਇਆ ਹੈ। ਪੰਜਾਬ ਦੇ ਹਰ ਵਰਗ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰ ਵਰਗ ਦੀਆਂ ਇਛਾਵਾਂ ‘ਤੇ ਖਰ੍ਹੀ ਉਤਰੇਗੀ। ਮੁੱਖ ਮੰਤਰੀ ਨੇ ਆਪਣੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਬਾਰੇ ਦੱਸਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਨੇ ਦਿਹਾਤੀ ਖੇਤਰਾਂ ਦੀਆਂ 16000 ਕਿਲੋਮੀਟਰ ਲੰਮੀਆਂ ਲਿੰਕ ਸੜਕਾਂ ਨੂੰ ਮੁਰੰਮਤ ਕਰਨ ਲਈ 2000 ਕਰੋੜ ਰੁਪਏ ਖਰਚ ਰਹੀ ਹੈ।

Share Button

Leave a Reply

Your email address will not be published. Required fields are marked *

%d bloggers like this: