ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਦੀ ਬਰਸੀ

ss1

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਦੀ ਬਰਸੀ
ਹਜਾਰਾਂ ਸੰਗਤਾਂ ਨੇ ਕੀਤੀ ਸ਼ਿਰਕਤ
ਮੁੱਖ ਸਮਾਗਮਾਂ ਵਿੱਚ ਤਖਤ ਸਾਹਿਬਾਨਾਂ ਦੇ ਜਥੇਦਾਰ, ਧਾਰਮਿਕ ਸਖਸ਼ੀਅਤਾਂ ਨੇ ਭਰੀ ਹਾਜ਼ਰੀ, ਅੰਮ੍ਰਿਤ ਸੰਚਾਰ ਵੀ ਹੋਇਆ

9-9 (1) 9-9 (2) 9-9 (3)

ਤਲਵੰਡੀ ਸਾਬੋ, 9 ਮਈ (ਗੁਰਜੰਟ ਸਿੰਘ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ 12ਵੇਂ ਮੁਖੀ ਬਾਬਾ ਚੇਤ ਸਿੰਘ ਤੇ 13ਵੇਂ ਮੁਖੀ ਬਾਬਾ ਸੰਤਾ ਸਿੰਘ ਦੀ ਕ੍ਰਮਵਾਰ 48ਵੀਂ ਅਤੇ ਅੱਠਵੀਂ ਬਰਸੀ ਅੱਜ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗ ਸਰ ਛਾਉਣੀ ਨਿਹੰਗ ਸਿੰਘਾਂ ਦਮਦਮਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਬਰਸੀ ਸਮਾਗਮਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਤੇ ਸਿੱਖ ਸੰਗਤਾਂ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਮੇਤ ਹੋਰਨਾਂ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਤੇ ਧਾਰਮਿਕ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ।
ਬਰਸੀ ਸਮਾਗਮਾਂ ਨੂੰ ਦੇਖਦਿਆਂ ਅੱਜ ਸੈਂਕੜਿਆਂ ਦੀ ਗਿਣਤੀ ਵਿੱਚ ਸੰਗਤਾਂ ਬੁੱਢਾ ਦਲ ਹੈੱਡ ਕੁਆਟਰ ਪੁੱਜਣੀਆਂ ਸ਼ੁਰੂ ਹੋ ਗਈਆਂ ਜਦੋਂ ਕਿ ਹਜਾਰਾਂ ਦੀ ਗਿਣਤੀ ਵਿੱਚ ਨਿਹੰਗ ਸਿੰਘ ਬੀਤੇ ਪਰਸੋਂ ਤੋਂ ਹੀ ਪੁੱਜੇ ਹੋਏ ਸਨ। ਸੰਗਤਾਂ ਨੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕਰਕੇ ਗੁਰਦੁਆਰਾ ਬੇਰ ਸਾਹਿਬ ਮੱਥਾ ਟੇਕਿਆ। ਸਮਾਗਮਾਂ ਮੌਕੇ ਸਭ ਤੋਂ ਪਹਿਲਾਂ ਗੁਰਦੁਆਰਾ ਬੇਰ ਸਾਹਿਬ ਵਿਖੇ ਬੀਤੇ ਤਿੰਨ ਦਿਨਾਂ ਤੋਂ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਭਾਈ ਮੱਘਰ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਭਾਈ ਜਸਵੀਰ ਸਿੰਘ ਪਾਉਂਟਾ ਸਾਹਿਬ ਵਾਲਿਆਂ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਂਹੀ ਨਿਹਾਲ ਕੀਤਾ। ਪੰਥ ਦੇ ਸਿਰਮੌਰ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਨੇ ਬੁੱਢਾ ਦਲ ਦੇ ਸਮੁੱਚੇ ਇਤਿਹਾਸ ਤੋਂ ਜਾਣੂੰ ਕਰਵਾਉਂਦੀਆਂ ਵੀਰ ਰਸ ਵਾਰਾਂ ਨਾਲ ਸੰਗਤਾਂ ਨੂੰ ਰੂ-ਬ-ਰੂ ਕਰਵਾਇਆ। ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਭਾਈ ਇਕਬਾਲ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਮੱਲ ਸਿੰਘ ਨੇ ਇਸ ਮੌਕੇ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਜੀਵਨ ਸਫਲਾ ਕਰਨ ਦੀ ਲੋੜ ਤੇ ਜ਼ੋਰ ਦਿੰਦਿਆਂ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬੁੱਢਾ ਦਲ ਦੇ ਪਹਿਲੇ ਜਥੇਦਾਰ ਭਾਈ ਬਿਨੋਦ ਸਿੰਘ ਤੋਂ ਲੈ ਕੇ ਮੌਜੂਦਾ ਜਥੇਦਾਰ ਬਾਬਾ ਬਲਬੀਰ ਸਿੰਘ ਤੱਕ ਦਲ ਪੰਥ ਦੇ ਜਥੇਦਾਰਾਂ ਤੇ ਸਿੰਘਾਂ ਵੱਲੋਂ ਸਿੱਖ ਪੰਥ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਪਾਏ ਯੋਗਦਾਨ ਅਤੇ ਕੁਰਬਾਨੀਆਂ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ। ਉਨਾਂ ਮੌਜੂਦਾ ਸਮੇਂ ਬਾਬਾ ਬਲਬੀਰ ਸਿੰਘ ਵੱਲੋਂ ਨਿਹੰਗ ਸਿੰਘਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਨਾਲ ਨਾਲ ਉਨ੍ਹਾਂ ਦੀਆਂ ਪੀੜੀਆਂ ਨੂੰ ਵਿੱਦਿਆ ਦੇ ਖੇਤਰ ਨਾਲ ਜੋੜੀ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਪਟਨਾ ਸਾਹਿਬ ਦੇ ਜਥੇਦਾਰ ਭਾਈ ਇਕਬਾਲ ਸਿੰਘ ਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਮੱਲ ਸਿੰਘ ਨੂੰ ਸਨਮਾਨਿਤ ਕਰਨ ਉਪਰੰਤ ਧੰਨਵਾਦੀ ਸੰਬੋਧਨ ਵਿੱਚ ਬੁੱਢਾ ਦਲ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਦੇ ਆਗੂਆਂ ਦਾ ਬਰਸੀ ਸਮਾਗਮਾਂ ਵਿੱਚ ਪੁੱਜਣ ਤੇ ਧੰਨਵਾਦ ਕਰਦਿਆਂ ਵਿਸ਼ਵਾਸ ਦੁਆਇਆ ਕਿ ਇਤਿਹਾਸ ਵਾਂਗ ਬੁੱਢਾ ਦਲ ਹੁਣ ਵੀ ਸਿੱਖ ਪੰਥ ਦੀ ਚੜ੍ਹਦੀਕਲਾ ਅਤੇ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਪਣਾ ਯੋਗਦਾਨ ਵਧ ਚੜ੍ਹ ਕੇ ਪਾਉਂਦਾ ਰਹੇਗਾ। ਇਸ ਮੌਕੇ ਤਿੰਨੇ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਨੇ ਵੀ ਬਾਬਾ ਬਲਬੀਰ ਸਿੰਘ ਨੂੰ ਸਨਮਾਨਿਤ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਬਾਬਾ ਅਵਤਾਰ ਸਿੰਘ ਦਲ ਪੰਥ ਬਿਧੀ ਚੰਦ ਦਾ ਜਥਾ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵੱਲੋਂ ਬਾਬਾ ਨਾਗਰ ਸਿੰਘ, ਬਾਬਾ ਮਨਮੋਹਣ ਸਿੰਘ ਵਾਰਨ ਵਾਲੇ, ਬਾਬਾ ਵੱਸਣ ਸਿੰਘ ਮੜੀਆਂ ਵਾਲੇ, ਸਰਬੱਤ ਖਾਲਸਾ ਵੱਲੋਂ ਥਾਪੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਵੱਲੋਂ ਭਾਈ ਜਸਵਿੰਦਰ ਸਿੰਘ ਤਿਉਣਾ, ਗੁਰਦੁਆਰਾ ਬੁੰਗਾ ਮਸਤੂਆਣਾ ਦੇ ਬਾਬਾ ਛੋਟਾ ਸਿੰਘ, ਬਾਬਾ ਕਾਕਾ ਸਿੰਘ ਤੇ ਭਾਈ ਭੋਲਾ ਸਿੰਘ, ਬਾਬਾ ਬਹਾਦਰ ਸਿੰਘ ਜੀ ਡੀ ਐੱਸ ਪੀ ਬੁੱਢਾ ਦਲ, ਜਗਸੀਰ ਸਿੰਘ ਮਾਂਗੇਆਣਾ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਪ੍ਰੀਤਮ ਸਿੰਘ ਮੱਲੜੀ, ਬਾਬਾ ਬਲਦੇਵ ਸਿੰਘ ਬੱਲਾ, ਬਾਬਾ ਤ੍ਰਿਲੋਕ ਸਿੰਘ ਖਿਆਲੇ ਵਾਲੇ, ਬਾਬਾ ਤਰਸੇਮ ਸਿੰਘ, ਹਲਕਾ ਵਿਧਾਇਕ ਜੀਤਮਹਿੰਦਰ ਸਿੱਧੂ ਵੱਲੋਂ ਸੀਨੀਅਰ ਅਕਾਲੀ ਆਗੂ ਬਾਬੂ ਸਿੰਘ ਮਾਨ, ਕਾਂਗਰਸੀ ਆਗੂ ਰਾਜ ਨੰਬਰਦਾਰ, ਗੁਰਜੰਟ ਸਿੰਘ ਕੁੱਤੀਵਾਲ ਸਾਬਕਾ ਵਿਧਾਇਕ, ਗੁਰਤਿੰਦਰ ਸਿੰਘ ਰਿੰਪੀ ਸਾਬਕਾ ਪ੍ਰਧਾਨ ਨਗਰ ਪੰਚਾਇਤ, ਗੁਰਦੁਆਰਾ ਬੇਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਰਜੁਨ ਦੇਵ ਸਿੰਘ ਸ਼ਿਵਜੀ,ਬਾਬਾ ਜੱਸਾ ਸਿੰਘ ਪੀ. ਏ, ਭਾਈ ਸਰਵਣ ਸਿੰਘ ਮਝੈਲ ਆਦਿ ਹਾਜ਼ਰ ਸਨ। ਇਸ ਮੌਕੇ ਸਟੇਜ ਦੀ ਕਾਰਵਾਈ ਬੁੱਢਾ ਦਲ ਦੇ ਸਟੇਜ ਸਕੱਤਰ ਭਾਈ ਸੁਖਮੰਦਰ ਸਿੰਘ ਮੋਰ ਨੇ ਬਾਖੂਬੀ ਨਿਭਾਈ।

print
Share Button
Print Friendly, PDF & Email

Leave a Reply

Your email address will not be published. Required fields are marked *