ਸੁਵਿਧਾ ਕਾਮਿਆਂ ਨੇ ਪੰਜਾਬ ਸਰਕਾਰ ਦਾ ਕੀਤਾ ਪਿੱਟ ਸਿਆਪਾ

ss1

ਸੁਵਿਧਾ ਕਾਮਿਆਂ ਨੇ ਪੰਜਾਬ ਸਰਕਾਰ ਦਾ ਕੀਤਾ ਪਿੱਟ ਸਿਆਪਾ
ਡਿਪਟੀ ਕਮਿਸ਼ਨਰ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਦਿੱਤਾ ਮੰਗ ਪੱਤਰ

photoਸਾਦਿਕ, 29 ਨਵੰਬਰ (ਗੁਲਜ਼ਾਰ ਮਦੀਨਾ)-ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ, ਪੰਜਾਬ ਦੇ ਫ਼ੈਸਲੇ ਅਨੁਸਾਰ ਪੰਜਾਬ ਦੇ ਹਰ ਜ਼ਿਲੇ ਵਿੱਚ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਨ ਲਈ ਰੋਸ ਰੈਲੀਆਂ ਕੱਢੀਆਂ ਗਈਆਂ ਅਤੇ ਪੰਜਾਬ ਦੇ ਲੋਕ ਮਾਰੂ ਅਤੇ ਮੁਲਾਜ਼ਮ ਮਾਰੂ ਰਵੱਈਏ ਨੂੰ ਜ਼ਾਹਿਰ ਕਰਦਿਆਂ ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਘੜਾ ਭੰਨਿਆ ਗਿਆ। ਜਥੇਬੰਦੀ ਦੀ ਇਕਾਈ ਫ਼ਰੀਦਕੋਟ ਵੱਲੋਂ ਵੀ ਬੱਸ ਸਟੈਂਡ ਤੋਂ ਸ਼ੁਰੂ ਕਰਕੇ ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਗੁਜ਼ਰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਜ਼ੋਰਦਾਰ ਤਰੀਕੇ ਨਾਲ ਸਰਕਾਰ ਦੇ ਮਾੜੇ ਰਵੱਈਏ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ ਗਿਆ। ਇਹ ਮਾਰਚ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਕੇ ਸਮਾਪਤ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲਾ ਪ੍ਰਧਾਨ ਦਾਰਾ ਸਿੰਘ ਅਤੇ ਪ੍ਰੈੱਸ ਸਕੱਤਰ ਰਵਿੰਦਰ ਰਵੀ (ਸੰਗਰਾਹੂਰ) ਨੇ ਦੱਸਿਆ ਕਿ ਸੁਵਿਧਾ ਕਾਮੇ ਪਿਛਲੇ 12 ਸਾਲਾਂ ਤੋਂ ਪੰਜਾਬ ਸਰਕਾਰ ਦੇ ਸਿਪਾਹੀ ਬਣਕੇ ਕੰਮ ਕਰ ਰਹੇ ਸਨ ਪਰ ਹੁਣ ਸਰਕਾਰ ਉਨਾਂ ਨੂੰ ਰੁਜ਼ਗਾਰ ਤੋਂ ਵਾਂਝੇ ਕਰ ਰਹੀ ਹੈ। ਉਨਾਂ ਦੱਸਿਆ ਕਿ ਜਿੱਥੇ ਸਰਕਾਰ ਨੌਜਵਾਨ ਪੀੜੀ ਨੂੰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਉੱਥੇ ਹੀ ਇਸ ਪੜੇ ਲਿਖੇ ਨੌਜਵਾਨਾਂ ਨੂੰ ਉਨਾਂ ਦੇ ਰੁਜ਼ਗਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਉਨਾਂ ਸਪੱਸ਼ਟ ਕੀਤਾ ਕਿ ਸਰਕਾਰ ਦੇ ਇਸ ਰਵੱਈਏ ਨੂੰ ਕਿਸੇ ਵੀ ਹਾਲਤ ਵਿੱਚ ਪ੍ਰਵਾਨ ਨਹੀਂ ਕੀਤਾ ਜਾਵੇਗਾ ਅਤੇ ਜਦੋਂ ਤੱਕ ਸਰਕਾਰ ਉਨਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਪ੍ਰਵਾਨ ਨਹੀਂ ਕਰ ਲੈਂਦੀ ਓਨਾਂ ਸਮਾਂ ਇਹ ਸੰਘਰਸ਼ ਜਾਰੀ ਰਹੇਗਾ ਅਤੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ ਜਿਸ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਚੁੱਕੀਆਂ ਹਨ। ਇੱਥੇ ਇਹ ਵੀ ਸਪੱਸ਼ਟ ਕੀਤਾ ਜਾਂਦਾ ਹੈ ਕਿ ਇਹ ਕਾਮੇ ਪਿਛਲੇ ਕਰੀਬ 85 ਦਿਨਾਂ ਤੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਹੁਣ ਤੱਕ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਜਿਸਦੇ ਸਿੱਟੇ ਵਜੋਂ ਇਹ ਕਾਮੇ ਪੂਰੇ ਰੋਹ ਵਿੱਚ ਹਨ ਅਤੇ ਆਰ-ਪਾਰ ਦੀ ਲੜਾਈ ਕਰਨ ਲਈ ਤਿਆਰ ਹੋ ਚੁੱਕੇ ਹਨ। ਸਮੂਹ ਕਾਮਿਆਂ ਵੱਲੋਂ ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਕਿ ਉਨਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪ੍ਰਵਾਨ ਕੀਤਾ ਜਾਵੇ। ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਅਤੇ ਅਕਾਲੀ ਦਲ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੰਗ ਵੀ ਦਿੱਤਾ ਗਿਆ ਅਤੇ ਉਨਾਂ ਨੇ ਜਥੇਬੰਦੀ ਨੂੰ ਭਰੋਸਾ ਦੁਆਇਆ ਕਿ ਉਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਵਾਉਣ ਲਈ ਉਹ ਸਿਫ਼ਾਰਿਸ਼ ਕਰਨਗੇ। ਇਸ ਮੌਕੇ ਸੂਬਾ ਆਗੂ ਅਭਿਸ਼ੇਕ, ਖ਼ਜ਼ਾਨਚੀ ਲਖਵਿੰਦਰ ਸਿੰਘ ਤੋਂ ਇਲਾਵਾ ਸਮੂਹ ਸੁਵਿਧਾ ਕਾਮੇ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *