ਅਗਲੇ ਸੈਸ਼ਨ ਤੋਂ ਸਰਕਾਰੀ ਅਧਿਆਪਕਾਂ ਦਾ ਹੋਵੇਗਾ ਆਨਲਾਈਨ ਤਬਾਦਲਾ, ਕੈਪਟਨ ਵੱਲੋਂ ਨੀਤੀ ਪ੍ਰਵਾਨ

ss1

ਅਗਲੇ ਸੈਸ਼ਨ ਤੋਂ ਸਰਕਾਰੀ ਅਧਿਆਪਕਾਂ ਦਾ ਹੋਵੇਗਾ ਆਨਲਾਈਨ ਤਬਾਦਲਾ, ਕੈਪਟਨ ਵੱਲੋਂ ਨੀਤੀ ਪ੍ਰਵਾਨ

ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਦਾ ਵਿਕਾਸ ਤੇ ਵਾਈ ਫਾਈ ਸੁਵਿਧਾ ਮੁਹੱਈਆ ਕਰਵਾਉਣ ਦੇ ਨਿਰਦੇਸ਼

ਵਿਦੇਸ਼ੀ ਭਾਸ਼ਾਵਾਂ ਨੂੰ ਦਸਵੀਂ ਤੋਂ ਚੋਣਵੇਂ ਵਿਸ਼ੇ ਵਜੋਂ ਸ਼ਾਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 10 ਮਈ, 2017 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਅਤੇ ਕਈ ਹੋਰ ਸੂਬਿਆਂ ਦੀ ਤਰਜ ‘ਤੇ ਅਗਲੇ ਅਕਾਦਮਿਕ ਸੈਸ਼ਨ ਤੋਂ ਸਰਕਾਰੀ ਅਧਿਆਪਕਾਂ ਦੇ ਵਾਸਤੇ ਔਨਲਾਈਨ ਤਬਾਦਲਾ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਇੱਕ ਸਰਾਕਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਹ ਫੈਸਲਾ ਸਿੱਖਿਆ ਵਿਭਾਗ ਦੀ ਜਾਇਜ਼ਾ ਮੀਟਿੰਗ ਦੌਰਾਨ ਲਿਆ ਤਾਂ ਜੋ ਸਕੂਲ ਅਧਿਆਪਕਾਂ ਦੇ ਤਬਾਦਲੇ ਦੇ ਲਈ ਸੁਵਿਧਾ ਪ੍ਰਦਾਨ ਕੀਤੀ ਜਾ ਸਕੇ ਅਤੇ ਤਬਾਦਲਿਆਂ ਦੀ ਪ੍ਰਕਿਰਿਆ ਨੂੰ ਜ਼ਿਆਦਾ ਪਾਰਦਰਸ਼ੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਸਕੂਲ ਸਿੱਖਿਆ ਦੇ ਵਧੀਕ ਮੁੱਖ ਸਕੱਤਰ ਨੂੰ ਨਵੀਂ ਤਬਾਦਲਾ ਨੀਤੀ ਦੇ ਵਿਧੀ ਵਿਧਾਨ ਬਾਰੇ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਨਾਲ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਜਿਸਦੇ ਹੇਠ ਸਕੂਲਾਂ ਨੂੰ ਪੰਜ ਜ਼ੋਨਾਂ ਵਿੱਚ ਵੰਡਿਆ ਜਾਵੇਗਾ। ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਅਧਿਆਪਕਾਂ ਖਾਸਕਰ ਪ੍ਰਾਇਮਰੀ ਅਧਿਆਪਕਾਂ ਦੀ ਤਾਇਨਾਤੀ ਉਨ੍ਹਾਂ ਦੇ ਪਿੰਡਾਂ ਦੇ ਨੇੜੇ ਕੀਤੀ ਜਾਵੇ ਤਾਂ ਜੋ ਉਹ ਸਮਰਪਣ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਸਕਣ।
ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਲਈ ਖੇਡ-ਮੈਦਾਨ, ਬਿਜਲੀ, ਫਰਨੀਚਰ, ਪਖਾਨੇ ਸਣੇ ਢੁਕਵਾਂ ਬੁਨਿਆਦੀ ਢਾਂਚਾ ਯਕੀਨੀ ਬਣਾਉਣ ਲਈ ਆਉਂਦੇ ਬਜਟ ਦੌਰਾਨ ਵਿਸ਼ੇਸ਼ ਵਿਵਸਥਾ ਕਰਨ ਲਈ ਪ੍ਰਮੁੱਖ ਸਕੱਤਰ ਵਿੱਤ ਨੂੰ ਆਖਿਆ ਹੈ। ਉਨ੍ਹਾਂ ਨੇ ਇਸ ਸਬੰਧੀ ਵਿੱਤ ਵਿਭਾਗ ਕੋਲ ਜ਼ਰੂਰੀ ਮੰਗ ਦੇ ਵਾਸਤੇ ਖਰਚੇ ਦਾ ਅਨੁਮਾਨ ਤਿਆਰ ਕਰਨ ਲਈ ਵੀ ਸਕੂਲ ਸਿੱਖਿਆ ਦੇ ਵਧੀਕ ਸਕੱਤਰ ਨੂੰ ਵੀ ਨਿਰਦੇਸ਼ ਜਾਰੀ ਕੀਤੇ।
ਸਕੂਲਾਂ ਵਿੱਚ ਵਾਈ-ਫਾਈ ਦੀ ਸੁਵਿਧਾ ਮੁਹੱਈਆ ਕਰਾਉਣ ਵਾਸਤੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਟੈਲੀਫੋਨ ਕੰਪਨੀਆਂ ਨਾਲ ਦਰਾਂ ਬਾਰੇ ਗਲਬਾਤ ਕਰਨ ਵਾਸਤੇ ਆਖਿਆ। ਇਹ ਸਹੂਲਤ ਮਹੱਈਆ ਕਰਵਾਉਣ ਵਾਸਤੇ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਸੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਫਾਇਦੇ ਲਈ ਕੰਪਿਊਟਰ ਲੈਬਾਂ ਵਿਚ ਵਾਈ-ਫਾਈ ਹੌਟਸਪੋਟਸ ਸਥਾਪਤ ਕਰਨ ਲਈ ਵਿਧੀ ਵਿਧਾਨ ਤਿਆਰ ਕਰਨ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦਸਵੀਂ ਤੋਂ ਸਕੂਲ ਦੇ ਪਾਠਕ੍ਰਮ ਵਿਚ ਵਿਦੇਸ਼ੀ ਭਾਸ਼ਾਵਾਂ ਨੂੰ ਚੋਣਵੇਂ ਵਿਸ਼ੇ ਵਜੋਂ ਸ਼ਾਮਲ ਕਰਨ ਲਈ ਵੀ ਨਿਰਦੇਸ਼ ਦਿੱਤੇ ਤਾਂ ਜੋ ਇੱਥੋਂ ਦੇ ਵਿਦਿਆਰਥੀ ਵਿਸ਼ਵ ਪੱਧਰ ‘ਤੇ ਮੁਕਾਬਲੇਬਾਜ਼ੀ ਦੇ ਯੋਗ ਹੋ ਸਕਣ। ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਨੂੰ ਚਾਈਨੀਜ਼, ਜਪਾਨੀ, ਫਰੈਂਚ ਅਤੇ ਜਰਮਨ ਵਰਗੀਆਂ ਭਾਸ਼ਾਵਾਂ ਚੋਣਵੇਂ ਵਿਸ਼ੇ ਵਜੋਂ ਸ਼ਾਮਲ ਕਰਨ ਲਈ ਆਖਿਆ ਹੈ ਤਾਂ ਜੋ ਇਹ ਵਿਦਿਆਰਥੀ ਨਾ ਕੇਵਲ ਦੇਸ਼ ਵਿਚ ਸਗੋਂ ਵਿਦੇਸ਼ਾਂ ਵਿਚ ਵੀ ਚੰਗਾ ਰੁਜ਼ਗਾਰ ਪ੍ਰਾਪਤ ਕਰ ਸਕਣ।
ਸਕੂਲਾਂ ਵਿੱਚ ਅੰਗਰੇਜ਼ੀ ਦੀ ਪੜ੍ਹਾਈ ਦੀ ਮਾੜੀ ਹਾਲਤ ‘ਤੇ ਚਿੰਤਾ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਤਿੰਨਾਂ ਸਰਕਾਰੀ ਯੂਨੀਵਰਸਿਟੀਆਂ ਦੇ ਅੰਗਰੇਜ਼ੀ ਵਿਭਾਗਾਂ ਨੂੰ ਕਿਹਾ ਕਿ ਉਹ ਵਧੀਆ ਟਰੇਨਰ ਤਿਆਰ ਕਰਨ ਜੋ ਅੱਗੇ ਸਾਡੇ ਪ੍ਰਾਇਮਰੀ ਤੋਂ ਲੈ ਕੇ ਸੀਨੀਅਰ ਸੈਕੰਡਰੀ ਤੱਕ ਦੇ ਅੰਗਰੇਜ਼ੀ ਅਧਿਆਪਕਾਂ ਨੂੰ ਅੱਗੇ ਤਿਆਰ ਕਰਨ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹਈਆ ਕਰਵਾ ਸਕਣ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਸੂਬੇ ਵਿੱਚ ਅੰਗਰੇਜ਼ੀ ਪੜ੍ਹਾਈ ਅਤੇ ਸਿੱਖਣ ਦੇ ਪੱਧਰ ਵਿੱਚ ਸੁਧਾਰ ਲਿਆਂਦਾ ਜਾ ਸਕੇਗਾ ਅਤੇ ਵਿਦਿਅਰਥੀਆਂ ਨੂੰ ਚੰਗੇ ਸੰਚਾਰ ਦੇ ਯੋਗ ਬਨਾਇਆ ਜਾ ਸਕੇਗਾ।
ਮੁੱਖ ਮੰਤਰੀ ਨੇ ਹਰਿਆਣਾ ਦੀ ਤਰਜ਼ ‘ਤੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਨਰਸਰੀ ਅਤੇ ਨਰਸਰੀ ਕਲਾਸਾਂ ਸ਼ੁਰੂ ਕਰਨ ਦਾ ਸੁਝਾਅ ਦਿੱਤਾ ਤਾ ਜੋ ਸਿੱਖਣ ਦੇ ਹੁਨਰ ਖਾਸਕਰ ਅੰਗਰੇਜ਼ੀ ਸਿੱਖਣ ਵਿੱਚ ਵਾਧਾ ਕੀਤਾ ਜਾ ਸਕੇ।
ਮਾੜੀ ਅਕਾਦਮਿਕ ਕਾਰਗੁਜ਼ਾਰੀ ਦੇ ਕਾਰਨ ਹਥਿਆਰਬੰਦ ਸੈਨਾਵਾਂ ਵਿਚ ਪੰਜਾਬੀ ਨੌਜਵਾਨਾਂ ਦੀ ਘਟ ਰਹੀ ਭਰਤੀ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਪਹਿਲ ਦੇ ਅਧਾਰ ‘ਤੇ ਸਿੱਖਿਆ ਦਾ ਪੱਧਰ ਉੱਚਾ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਐਫ.ਸੀ.ਐਸ ਸੋਫਟਵੇਅਰ ਸਲਯੂਸ਼ਨਜ਼ ਦੀ ਜਨਤਕ ਨਿੱਜੀ ਭਾਈਵਾਲੀ ਨਾਲ ਚਲਾਏ ਜਾ ਰਹੇ ਛੇ ਮਾਡਲ ਸਕੂਲਾਂ ਦੀ ਸਮੱਸਿਆ ਨੂੰ ਅਗਲਾ ਅਕਾਦਮਿਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੁਲਝਾਉਣ ਲਈ ਵੀ ਸਕੂਲ ਸਿੱਖਿਆ ਦੇ ਵਧੀਕ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ।
ਇਸ ਮੌਕੇ ਹਾਜ਼ਰ ਹੋਰਨਾਂ ਵਿਚ ਸਿੱਖਿਆ ਮੰਤਰੀ ਅਰੁਣਾ ਚੌਧਰੀ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਸਕੂਲ ਸਿੱਖਿਆ ਜੀ. ਵਿਜਰਾਲਿੰਗਮ, ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਸਭਰਵਾਲ ਸ਼ਾਮਲ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *