ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਗ਼ੁਰਬਤ ਤੇ ਅਨਪੜ੍ਹਤਾ ਨੂੰ ਖ਼ਤਮ ਕਰਨ ਲਈ ਯਤਨ ਕੀਤੇ ਜਾਣਗੇ : ਮਨਪ੍ਰੀਤ ਬਾਦਲ

ss1

ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਗ਼ੁਰਬਤ ਤੇ ਅਨਪੜ੍ਹਤਾ ਨੂੰ ਖ਼ਤਮ ਕਰਨ ਲਈ ਯਤਨ ਕੀਤੇ ਜਾਣਗੇ : ਮਨਪ੍ਰੀਤ ਬਾਦਲ

ਸਾਰਾਗੜ੍ਹੀ ਦੇ ਮਾਣ ਮੱਤੇ ਇਤਿਹਾਸ ਨੂੰ ਸਕੂਲਾਂ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇਗਾ : ਸਿੱਧੂ

ਫ਼ਿਰੋਜ਼ਪੁਰ, 12 ਸਤੰਬਰ : ਪੰਜਾਬ ਸਰਕਾਰ ਵੱਲੋਂ ਸਾਰਾਗੜ੍ਹੀ ਦੀ ਲੜਾਈ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਤਿਹਾਸਿਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਇਤਿਹਾਸਿਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭਾਈ ਹਰਨਾਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਸੁਖਜਿੰਦਰ ਸਿੰਘ ਹਜੂਰੀ ਜਥਾ ਗੁਰਦੁਆਰਾ ਸਾਰਾਗੜ੍ਹੀ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਹਜ਼ਾਰਾ ਦੀ ਗਿਣਤੀ ਵਿੱਚ ਸੰਗਤਾਂ, ਸ਼ਹੀਦਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਫ਼ੌਜ ਦੇ ਅਧਿਕਾਰੀਆਂ ਤੇ ਜਵਾਨਾਂ ਨੇ ਸ਼ਿਰਕਤ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਮਾਣ ਹੈ ਕਿ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਰਾਗੜ੍ਹੀ ਦਿਵਸ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ ਤੇ ਇਸ ਦਿਨ ਪੂਰੇ ਰਾਜ ਵਿੱਚ ਛੁੱਟੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੇ ਬਲੀਦਾਨ ਦੀ ਮਿਸਾਲ ਪੂਰੀ ਦੁਨੀਆ ਵਿੱਚ ਨਹੀਂ ਮਿਲਦੀ ਜਦੋਂ 21 ਸਿੱਖ ਸੈਨਿਕਾਂ ਨੇ 10 ਹਜ਼ਾਰ ਪਠਾਣਾਂ ਦਾ ਬਹਾਦਰੀ ਨਾਲ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਤਾ। ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਮੰਗ ਤੇ ਮਨਪ੍ਰੀਤ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਬਣਨ ਵਾਲੇ ਸਮਾਰਕ, ਮਿਊਜ਼ੀਅਮ, ਆਦਿ ਤੇ ਜਿੰਨੀ ਵੀ ਰਾਸ਼ੀ ਦੀ ਲੋੜ ਹੋਵੇਗੀ, ਉਹ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ। ਸਾਰਾਗੜ੍ਹੀ ਦੇ ਇਤਿਹਾਸ ਸਬੰਧੀ ਰਾਜ ਦੇ ਵਿਦਿਆਰਥੀਆਂ ਤੇ ਦੇਸ਼ ਦੇ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਗ਼ੁਰਬਤ , ਅਨਪੜ੍ਹਤਾ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਬ੍ਰਿਟਿਸ਼ ਆਰਮੀ ਦੇ ਡੈਲੀਗੇਸ਼ਨ, ਸ਼ਹੀਦਾਂ ਦੇ ਪਰਿਵਾਰਾਂ, ਸੈਨਾ ਦੇ ਸਾਬਕਾ ਅਧਿਕਾਰੀਆਂ, ਜਵਾਨਾਂ, ਸੈਨਾ ਦੇ ਅਧਿਕਾਰੀਆਂ ਤੇ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਸਖਸੀਅਤਾਂ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰਾਗੜ੍ਹੀ ਦੀ ਲੜਾਈ ਸਬੰਧੀ ਲਿਖੀ ਖੋਜ ਭਰਪੂਰ ਪੁਸਤਕ ਵੱਖ-ਵੱਖ ਸਖਸੀਅਤਾਂ ਨੂੰ ਭੇਂਟ ਕੀਤੀ।
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਹਾਜ਼ਰ ਲੋਕਾਂ ਨੂੰ ਯਕੀਨ ਦਵਾਇਆ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਸਲਾਹ ਮਸ਼ਵਰਾ ਕਰਕੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਮਿਊਜ਼ੀਅਮ, ਲਾਇਬ੍ਰੇਰੀ, ਆਦਿ ਬਣਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਸ ਸਬੰਧ ਵਿੱਚ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸਾਧੂ ਸਿੰਘ ਧਰਮਸੋਤ ਨੇ  ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਸਮੇਂ ਕੇਵਲ 21 ਬੰਦਿਆਂ ਨੇ 10 ਹਜ਼ਾਰ ਫ਼ੌਜੀਆਂ ਦਾ ਡੱਟ ਕੇ ਮੁਕਾਬਲਾ ਕੀਤਾ।  ਸਮਾਗਮ ਦੌਰਾਨ ਸਾਰਾਗੜ੍ਹੀ ਦੇ ਸ਼ਹੀਦਾਂ ਦੇ ਵਾਰਸਾਂ, ਬ੍ਰਿਟਿਸ਼ ਆਰਮੀ ਦੇ ਬ੍ਰਿਗੇਡੀਅਰ ਟਿਮੱਬੀ ਜੌਨ ਸੀਲ ਤੇ ਸਾਥੀਆਂ, ਇਤਿਹਾਸਕਾਰ ਗੁਰਿੰਦਰਪਾਲ ਸਿੰਘ ਜੋਸਨ, 4 ਸਿੱਖ ਰੈਜੀਮੈਂਟ ਦੇ ਸਾਬਕਾ ਅਧਿਕਾਰੀ ਬ੍ਰਿਗੇਡੀਅਰ ਕਮਲਜੀਤ ਸਿੰਘ, ਕਰਨਲ ਬੀ.ਐਸ.ਚਾਹਲ, ਕੈਪਟਨ ਅਮਰਜੀਤ ਸਿੰਘ ਜੇਜੀ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਸਾਰਾਗੜ੍ਹੀ ਮੈਮੋਰੀਅਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮੇਜਰ ਜਨਰਲ ਰਾਜੇਸ਼ ਕੁੰਦਰਾ ਜੀ.ਓ.ਸੀ, ਸੁਮੇਰ ਸਿੰਘ ਗੁਰਜਰ ਕਮਿਸ਼ਨਰ,  ਉੱਪ ਚੇਅਰਮੈਨ-ਕਮ-  ਡਿਪਟੀ ਕਮਿਸ਼ਨਰ ਰਾਮਵੀਰ ਵੱਲੋਂ ਮੁੱਖ ਮਹਿਮਾਨ ਮਨਪ੍ਰੀਤ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ  ਨੂੰ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਵਿਕਾਸ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਸ਼੍ਰੀਮਤੀ ਸਤਿਕਾਰ ਕੌਰ ਗਹਿਰੀ, ਕੁਲਬੀਰ ਸਿੰਘ ਜ਼ੀਰਾ, ਡਾ. ਹਰਜੋਤ ਕਮਲ, ਦਵਿੰਦਰ ਸਿੰਘ ਘੁਬਾਇਆ, ਨੱਥੂ ਰਾਮ, ਤਰਸੇਮ ਸਿੰਘ ਅਟਾਰੀ, ਐਮ.ਐਸ. ਛੀਨਾ ਆਈ.ਜੀ. ਬਠਿੰਡਾ ਜੌਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿਵਲ ਤੇ ਫ਼ੌਜ ਦੇ ਅਧਿਕਾਰੀ ਹੋਰ ਆਗੂ ਵੀ ਹਾਜ਼ਰ ਸਨ।
print
Share Button
Print Friendly, PDF & Email

Leave a Reply

Your email address will not be published. Required fields are marked *