ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਖਿਲਾਫ਼ ਕਮਰਕੱਸੇ ਕਰਨ ਲਈ ਕਿਹਾ

ss1

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਖਿਲਾਫ਼ ਕਮਰਕੱਸੇ ਕਰਨ ਲਈ ਕਿਹਾ

ਸ਼ਹਿਰ, ਪਿੰਡ ਪੱਧਰ ਅਤੇ ਜਨਤਕ ਥਾਵਾਂ ’ਤੇ ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੀ ਹਦਾਇਤ
ਸਿਵਲ ਸਰਜਨ ਨੂੰ ਡੇਂਗੂ ਦੀ ਰੋਕਥਾਮ ਲਈ ਅਸਰਦਾਰ ਐਕਸ਼ਨ ਪਲਾਨ ਤਿਆਰ ਕਰਨ ਦੇ ਨਿਰਦੇਸ਼

ਬਠਿੰਡਾ, 24 ਮਈ (ਪਰਵਿੰਦਰਜੀਤ ਸਿੰਘ ) : ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਮਲੇਰੀਆ ਅਤੇ ਪਾਣੀ ਨਾਲ ਫੈਲਣ ਵਾਲੀਆਂ ਹੋਰਨਾਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਨੂੰ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਨ੍ਹਾਂ ਖਿਲਾਫ਼ ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਸਮੇਂ ਦੀ ਮੁੱਖ ਲੋੜ ਹੈ।
ਅੱਜ ਇੱਥੇ ਸਿਹਤ ਵਿਭਾਗ ਦੇ ਅਧਿਕਾਰੀਆਂ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਅਤੇ ਗੈਰ-ਸਰਕਾਰੀ ਮੈਂਬਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਗਰਗ ਨੇ ਕਿਹਾ ਕਿ ਆਉਣ ਵਾਲੇ ਬਰਸਾਤਾਂ ਦੇ ਸੀਜਨ ਦੌਰਾਨ ਪਾਣੀ ਨਾਲ ਫ਼ੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਤੋਂ ਭਰਪੂਰ ਸਹਿਯੋਗ ਅਤਿ ਜ਼ਰੂਰੀ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਇਸ ਮੁਹਿੰਮ ’ਚ ਉਨ੍ਹਾਂ ਵਲੋਂ ਬਣਦਾ ਯੋਗਦਾਨ ਪਾਉਣ ਦੀ ਹਦਾਇਤ ਕਰਦਿਆਂ ਸਿਹਤ ਵਿਭਾਗ ਨੂੰ ਵਿਸ਼ੇਸ਼ ਤੌਰ ’ਤੇ ਕਿਹਾ ਕਿ ਆਪਸੀ ਸਹਿਯੋਗ ਨਾਲ ਸ਼ਹਿਰ, ਪਿੰਡ, ਵਾਰਡ ਪੱਧਰ ਅਤੇ ਜਨਤਕ ਥਾਵਾਂ ’ਤੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰਮ ਜੂਨ ਮਹੀਨੇ ਦੇ ਪਹਿਲੇ ਹਫ਼ਤੇ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਆਮ ਲੋਕਾਂ ’ਚ ਇਹ ਭਾਵਨਾ ਪੈਦਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ ਕਿ ਆਪਸੀ ਸਹਿਯੋਗ ਅਤੇ ਹੰਭਲਿਆਂ ਨਾਲ ਵੈਕਟਰ ਬੌਰਨ ਬਿਮਾਰੀਆਂ ’ਤੇ ਕਾਬੂ ਪਾਇਆ ਜਾ ਸਕਦਾ ਹੈ।
ਇਸ ਮੌਕੇ ਆਉਣ ਵਾਲੇ ਮਹੀਨਿਆਂ ’ਚ ਡੇਂਗੂ ਦੇ ਮੱਦੇਨਜ਼ਰ ਤਿਆਰੀਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਕਿਹਾ ਕਿ ਉਹ ਇਸ ਸਬੰਧੀ ਮੁਕੰਮਲ ਐਕਸ਼ਨ ਪਲਾਨ ਅਤੇ ਸਮਾਂ ਸਾਰਣੀ ਬਣਾ ਕੇ ਡੇਂਗੂ ਖਿਲਾਫ਼ ਮੁਹਿੰਮ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਨਾਉਣ। ਉਨ੍ਹਾਂ ਦੱਸਿਆ ਕਿ ਸਾਲ 2014 ਦੌਰਾਨ ਜ਼ਿਲ੍ਹੇ ’ਚ ਸਿਰਫ਼ 11 ਡੇਂਗੂ ਦੇ ਕੇਸ ਸਾਹਮਣੇ ਸਨ ਜਦਕਿ 2015 ’ਚ ਇਹ ਅੰਕੜਾ ਬਹੁਤ ਵੱਡੇ ਪੱਧਰ ’ਤੇ ਵਧ ਗਿਆ ਸੀ ਜਿਸ ਤੋਂ ਗੋਨਿਆਣਾ ਮੰਡੀ ਕਾਫ਼ੀ ਪ੍ਰਭਾਵਿਤ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਡੇਂਗੂ ਖਿਲਾਫ਼ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਾਲ-ਨਾਲ ਲੋਕਾਂ ਨੂੰ ਡੇਂਗੂ ਨਾਲ ਜੁੜੇ ਪਹਿਲੂਆਂ ਬਾਰੇ ਸਿੱਖਿਅਤ ਕਰਨ ਤੇ ਵਿਸ਼ੇਸ਼ ਤਵੱਜੋ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਰੈਪਿਡ ਰਿਸਪੌਂਸ ਟੀਮਾਂ ਦੇ ਗਠਨ ਦੇ ਨਾਲ-ਨਾਲ ਸਿਵਲ ਹਸਪਤਾਲ ’ਚ ਨੋਡਲ ਅਫ਼ਸਰ ਦੀ ਨਿਯੁਕਤੀ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ੨੪੭ ਹੈਲਪਲਾਈਨ ਵੀ ਸਥਾਪਿਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ’ਚ 25 ਟੀਮਾਂ ਵਲੋਂ ਘਰ-ਘਰ ਜਾਕੇ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਡਾ. ਗਰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਲੇਰੀਆ ਬੁਖ਼ਾਰ ਦੀ ਰੋਕਥਾਮ ਲਈ ਆਪਣੇ ਘਰਾਂ, ਦਫ਼ਤਰਾਂ, ਸਕੂਲਾਂ-ਕਾਲਜਾਂ ਅਤੇ ਹੋਰਨਾਂ ਥਾਵਾਂ ’ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖ਼ਾਰ ਨਾਲ ਸਬੰਧਤ ਟੈਸਟ ਅਤੇ ਇਲਾਜ਼ ਸਾਰੇ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਹੁੰਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਡਾ. ਤੇਜਵੰਤ ਸਿੰਘ ਰੰਧਾਵਾ ਤੋਂ ਇਲਾਵਾ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

print

Share Button
Print Friendly, PDF & Email