ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਫੰਡਾਂ ਦੀ ਵਰਤੋਂ ’ਚ 800 ਕਰੋੜ ਦਾ ਗਬਨ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਸ਼ਹਿ ’ਤੇ ਹੋਇਆ –ਧਰਮਸੋਤ

ss1

ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਫੰਡਾਂ ਦੀ ਵਰਤੋਂ ’ਚ 800 ਕਰੋੜ ਦਾ ਗਬਨ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਸ਼ਹਿ ’ਤੇ ਹੋਇਆ –ਧਰਮਸੋਤ

ਜਲੰਧਰ 4 ਅਕਤੂਬਰ- ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਫੰਡਾਂ ਦੀ ਵਰਤੋਂ ’ਚ 800 ਕਰੋੜ ਦੀਆਂ ਵਿੱਤੀ ਬੇਨਿਯਮੀਆਂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਰਾਜ ਵਿੱਚ ਸਿਆਸੀ ਸ਼ਹਿ ਤੋਂ ਬਿਨ੍ਹਾਂ ਸੰਭਵ ਨਾ ਹੋਣ ਦੀ ਗੱਲ ਕਰਦਿਆਂ ਜੰਗਲਾਤ ਮੰਤਰੀ ਪੰਜਾਬ ਸ੍ਰ.ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਅਨੁਸੂਚਿਤ ਭਾਈਚਾਰੇ ਦੇ ਹੱਕਾਂ ’ਤੇ ਢਾਕਾ ਮਾਰਨ ਦੇ ਇਸ ਘਿਨੌਣੇ ਜ਼ੁਰਮ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਅੱਜ ਇਥੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਸ੍ਰ.ਧਰਮਸੋਤ ਨੇ ਇੱਕ ਬਿਆਨ ਵਿੱਚ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀਆਂ ਇਨਾਂ ਵਿੱਤੀ ਬੇਨਿਯਮੀਆਂ ਦਾ ਸੱਚ ਸਾਹਮਣੇ ਲਿਆਉਣ ਲਈ ਚੱਲ ਰਿਹਾ ਆਡਿਟ ਜਲਦ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜਿਥੇ ਇਨ੍ਹਾਂ ਵਿੱਤੀ ਬੇਨਿਯਮੀਆਂ ’ਚ ਸ਼ਾਮਿਲ ਵਿਅਕਤੀਆਂ ਖਿਲਾਫ਼ ਢੁੱਕਵੀਂ ਕਾਨੂੰਨੀ ਕਾਰਵਾਈ ਹੋਵੇਗੀ ਉਥੇ ਸਬੰਧਿਤ ਕਾਲਜਾਂ ,ਯੂਨੀਵਰਸਿਟੀਆਂ ਅਤੇ ਅਧਿਕਾਰੀਆਂ ਤੋਂ ਇਸ ਰਾਸ਼ੀ ਦੀ ਰਿਕਵਰੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤਾਂ ਨਾਲ ਸਬੰਧਿਤ ਵਿਦਿਆਰਥੀਆਂ ਦੇ ਹਿੱਤਾਂ ’ਤੇ ਡਾਕਾ ਮਾਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਪੰਜਾਬ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਬਖਸ਼ਿਆ ਨਹੀਂ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਜਲਦ ਹੀ ਪੰਜਾਬ ਅੰਦਰ ਜੰਗਲਾਤ ਵਿਭਾਗ ਦੀ ਹਜ਼ਾਰਾਂ ਏਕੜ ਜ਼ਮੀਨ ’ਤੇ ਹੋਏ ਕਬਜ਼ਿਆਂ ਨੂੰ ਛੁਡਾਉਣ ਵੱਡੀ ਮੁਹਿੰਮ ਸੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਦੀ ਸ਼ਹਿ ’ਤੇ ਪਹੁੰਚ ਵਾਲੇ ਵਿਅਕਤੀਆਂ ਵਲੋਂ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਕਬਜ਼ੇ ਕੀਤੇ ਗਏ ਸਨ। ਉਨ੍ਹਾਂ ਨਾਲ ਹੀ ਕਿਹਾ ਕਿ ਜੰਗਲਾਤ ਵਿਭਾਗ ਦੀ ਇੱਕ-ਇੱਕ ਇੰਚ ਜ਼ਮੀਨ ਨੂੰ ਨਜ਼ਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਕੇ ਇਥੇ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ। ਸ੍ਰੀ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਨੁਸੂਚਿਤ ਜਾਤਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਪੂਰੀ ਸੁਹਿਰਦਤਾ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤਾਂ ਭਲਾਈ ਵਿਭਾਗ ਨੂੰ ਮਜਬੂਤ ਕਰਨ ਲਈ ਵਿਭਾਗ ਦੀਆਂ ਖਾਲੀ ਪੋਸਟਾਂ ਭਰਨ ਲਈ ਪ੍ਰਕਿਰਿਆ ਸੁਰੂ ਕਰਨ ਖਾਤਿਰ ਪਹਿਲਾਂ ਹੀ ਨਿਰਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪੋਸਟਾਂ ਦੇ ਨਾਲ-ਨਾਲ ਵਾਹਨ ,ਫਰਨੀਚਰ,ਤਕਨੀਕੀ ਉਪਕਰਨ ਤੇ ਹੋਰ ਬੁਨਿਆਦੀ ਢਾਂਚਾ ਵੀ ਵਿਭਾਗ ਨੂੰ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸੀ ਆਗੂ ਸ੍ਰੀ ਅਸ਼ੋਕ ਗੁਪਤਾ ਤੇ ਹੋਰ ਹਾਜ਼ਰ ਸਨ।

print
Share Button
Print Friendly, PDF & Email