ਸ਼੍ਰੋਮਣੀ ਕਮੇਟੀ ਵੱਲੋਂ ਕੁਲਦੀਪ ਨਈਅਰ ਤੋਂ ਸਨਮਾਨ ਵਾਪਸ ਲੈਣ ਦਾ ਫੈਸਲਾ

ss1

ਸ਼੍ਰੋਮਣੀ ਕਮੇਟੀ ਵੱਲੋਂ ਕੁਲਦੀਪ ਨਈਅਰ ਤੋਂ ਸਨਮਾਨ ਵਾਪਸ ਲੈਣ ਦਾ ਫੈਸਲਾ

05 ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਨੇ ਅੱਜ ਅਹਿਮ ਫੈਸਲੇ ਕਰਦਿਆਂ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਅਜਾਇਬ ਘਰ ਬਣਾਉਣ ਦਾ ਫੈਸਲਾ ਕੀਤਾ ਉਥੇ ਹੀ ਸ੍ਰੀ ਨਨਕਾਣਾ ਸਾਹਿਬ ਵਿਖੇ ਬੱਚਿਆਂ ਨੂੰ ਗੁਰਮਤਿ ਸੰਗੀਤ ਦੀ ਸਿਖਲਾਈ ਦੇਣ ਲਈ ਭਾਈ ਮਰਦਾਨਾ ਜੀ ਦੇ ਨਾਮ ‘ਤੇ ਗੁਰਬਾਣੀ ਸੰਗੀਤ ਅਕੈਡਮੀ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ। ਇਸ ਤੋਂ ਇਲਾਵਾ ਜੂਨ 1984 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਪ੍ਰਤੀ ਮੰਦਭਾਸ਼ਾ ਲਿਖਣ ਵਾਲੇ ਲੇਖਕ ਕੁਲਦੀਪ ਨਈਅਰ ਦਾ ਸਨਮਾਨ ਵਾਪਸ ਲੈਣ ਦਾ ਵੀ ਫੈਸਲਾ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਲਏ ਗਏ ਫੈਸਲਿਆਂ ਸਬੰਧੀ ਦੱਸਿਆ ਕਿ 2019 ਵਿਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਕੌਮਾਂਤਰੀ ਪੱਧਰ ‘ਤੇ ਮਨਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ ਅਤੇ ਇਸ ਵਾਰ 4 ਨਵੰਬਰ 2017 ਨੂੰ ਆ ਰਹੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਕਵੀ ਦਰਬਾਰ, ਕੀਰਤਨ ਦਰਬਾਰ ਅਤੇ ਢਾਡੀ ਦਰਬਾਰ ਕਰਵਾਇਆ ਜਾਵੇਗਾ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਰਾਏ ਬੁਲਾਰ ਜੀ ਦੇ ਨਾਮ ‘ਤੇ ਇੱਕ ਲਾਇਬ੍ਰੇਰੀ ਬਣਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਰਾਏ ਬੁਲਾਰ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਸਮੇਂ ਉਨ੍ਹਾਂ ਦੇ ਪਰਿਵਾਰ ਨੂੰ ਵੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਆਉਣ ਲਈ ਸੱਦਾ ਦਿੱਤਾ ਜਾਵੇਗਾ। ਪ੍ਰੋ: ਬਡੂੰਗਰ ਨੇ ਅੱਗੇ ਦੱਸਿਆ ਕਿ ਜੂਨ 1984 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਬਾਰੇ ਆਪਣੇ ਲੇਖ ਵਿਚ ਭੱਦੀ ਸ਼ਬਦਾਵਲੀ ਵਰਤ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਲੇਖਕ ਕੁਲਦੀਪ ਨਈਅਰ ਪਾਸੋਂ ਸਨਮਾਨ ਵਾਪਸ ਲੈਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਲਦੀਪ ਨਈਅਰ ਵੱਲੋਂ ਵਰਤੀ ਗਈ ਸ਼ਬਦਾਵਲੀ ਕਾਰਨ ਸਿੱਖ ਜਗਤ ਵਿਚ ਰੋਸ ਦੀ ਭਾਵਨਾ ਪਾਈ ਜਾ ਰਹੀ ਸੀ, ਜਿਸ ਦੇ ਮੱਦੇਨਜ਼ਰ ਉਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦਿੱਤਾ ਸ਼੍ਰੋਮਣੀ ਪੱਤਰਕਾਰ ਦਾ ਸਨਮਾਨ ਵਾਪਸ ਲੈਣ ਦਾ ਅੰਤ੍ਰਿੰਗ ਕਮੇਟੀ ਨੇ ਫੈਸਲਾ ਲਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ 1971 ਦੀ ਜੰਗ ਵਿਚ ਬਹਾਦਰੀ ਨਾਲ ਲੜਨ ਵਾਲੇ ਸਿੱਖ ਫੌਜੀ ਅਫਸਰ ਜਨਰਲ ਜਗਜੀਤ ਸਿੰਘ ਅਰੋੜਾ ਅਤੇ ਮਾਲਵੇ ਦਾ ਇਤਿਹਾਸ ਲਿਖਣ ਵਾਲੇ ਬਾਬਾ ਵਿਸਾਖਾ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈਆਂ ਜਾਣਗੀਆਂ। ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਕੌਮ ਦੀਆਂ ਦੋ ਮਹਾਨ ਸ਼ਖਸੀਅਤਾਂ ਬਾਬਾ ਬੀਰ ਸਿੰਘ ਨੌਰੰਗਾਬਾਦੀ ਅਤੇ ਬਾਬਾ ਮਹਾਰਾਜ ਸਿੰਘ ਦੀ ਯਾਦ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਮਨਾਈ ਜਾਵੇਗੀ ਅਤੇ ਇਸ ਸਬੰਧ ਵਿਚ 8 ਨਵੰਬਰ 2017 ਨੂੰ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।
ਪ੍ਰੋ: ਬਡੂੰਗਰ ਨੇ ਕਿਹਾ ਕਿ ਮਨੁੱਖਤਾ ਨੂੰ ਅਧਿਆਤਮਕ ਅਗਵਾਈ ਦੇਣ ਵਾਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਆਪਣੀ ਆਸਥਾ ਲੈ ਕੇ ਪੁੱਜਦੀਆਂ ਹਨ ਪਰ ਦੁੱਖ ਦੀ ਗੱਲ ਹੈ ਕਿ ਪ੍ਰਸ਼ਾਸਨ ਦੀ ਢਿੱਲ ਕਾਰਨ ਸ਼ਰਧਾਲੂਆਂ ਨਾਲ ਲੁੱਟ ਖੋਹ ਦੀਆਂ ਘਟਨਾਵਾਂ ਅਕਸਰ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਟਾਟਾ ਨਗਰ ਤੋਂ ਦਰਸ਼ਨ ਕਰਨ ਪਹੁੰਚੇ ਇੱਕ ਪਰਿਵਾਰ ਨਾਲ ਵੀ ਅਜਿਹੀ ਘਟਨਾ ਵਾਪਰੀ ਹੈ ਜਿਸ ਵਿਚ ਬੀਬੀ ਸਰਬਜੀਤ ਕੌਰ ਨੂੰ ਸੱਟਾਂ ਵੀ ਲੱਗੀਆਂ ਹਨ, ਉਸਦੀ ਸਹਾਇਤਾ ਲਈ ਇੱਕ ਲੱਖ ਰੁਪਏ ਦੀ ਸਹਾਇਤਾ ਪ੍ਰਵਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਡੀ.ਜੀ.ਪੀ. ਪੰਜਾਬ ਨੂੰ ਇੱਕ ਪੱਤਰ ਲਿਖਿਆ ਜਾਵੇਗਾ।
ਇਕੱਤਰਤਾ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਅਤੇ ਕੀਤੇ ਗਏ ਵਿਸ਼ਾਲ ਪ੍ਰਬੰਧਾਂ ਲਈ ਇੱਕ ਸ਼ਲਾਘਾ ਮਤਾ ਵੀ ਪਾਸ ਕੀਤਾ ਗਿਆ।

print
Share Button
Print Friendly, PDF & Email

Leave a Reply

Your email address will not be published. Required fields are marked *