ਅਮਨ ਤੇ ਵਿਕਾਸ ਸ੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਦਾ ਮੁੱਖ ਏਜੰਡਾ-ਬਾਦਲ

ਅਮਨ ਤੇ ਵਿਕਾਸ ਸ੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਦਾ ਮੁੱਖ ਏਜੰਡਾ-ਬਾਦਲ
ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫੈਸਲਾ ਵਿਚਾਰ ਅਧੀਨ

navਸਰਦੂਲਗੜ, 16 ਅਕਤੂਬਰ (ਪ.ਪ.) : ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਮੁੱਖ ਏਜੰਡਾ ਅਮਨ ਅਤੇ ਵਿਕਾਸ ਹੋਣ ਦਾ ਐਲਾਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਅਦ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਅਪਣੇ ਪਿਛਲੇ ਨੌਂ ਸਾਲ ਦੇ ਕਾਰਜ ਕਾਲ ਦੌਰਾਨ ਸੂਬੇ ਵਿੱਚ ਫਿਰਕੂ ਸਦਭਾਵਨਾ ਤੇ ਆਪਸੀ ਭਾਈਚਾਰੇ ਨੂੰ ਯਕਨੀ ਬਨਾਉਣ ਤੋਂ ਇਲਾਵਾ ਸੂਬੇ ਦੇ ਚੌਤਰਫ਼ੇ ਵਿਕਾਸ ਨੂੰ ਅਮਲ ਵਿੱਚ ਲਿਆਉਣ ਦਾ ਹਰ ਯਤਨ ਕੀਤਾ ਹੈ ਜਿਸ ਕਰਕੇ ਅੱਜ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣਨ ਤੋਂ ਇਲਾਵਾ ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ।
ਸ. ਬਾਦਲ ਨੇ ਕਿਹਾ ਕਿ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਸ੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਾ ਮੁੱਖ ਏਜੰਡਾ ਰਿਹਾ ਹੈ ਅਤੇ ਅੱਗੇ ਵੀ ਇਹ ਪ੍ਰਮੁੱਖ ਏਜੰਡਾ ਜਾਰੀ ਰਹੇਗਾ ਕਿਉਂਕਿ ਇਸ ਤੋਂ ਬਿਨਾ ਸੂਬੇ ਦੇ ਲੋਕਾਂ ਦੀ ਭਲਾਈ ਸੰੰਭਵ ਨਹੀਂ ਹੈ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ ਅਤੇ ਦਲਿਤਾਂ ਸਣੇ ਸਭਨਾਂ ਵਰਗਾਂ ਦੀ ਭਲਾਈ ਲਈ ਅਨੇਕਾਂ ਇਤਿਹਾਸਕ ਪਹਿਲ ਕਦਮੀਆਂ ਕੀਤੀਆਂ ਹਨ। ਸੂਬੇ ਦੇ ਗਰੀਬ ਲੋਕਾਂ ਨੂੰ ਆਟਾ-ਦਾਲ ਅਤੇ ਅਨੁਸੂਚਿਤ ਜਾਤਾਂ ਅਤੇ ਪਛੜੀਆਂ ਸ੍ਰੇਣੀਆਂ ਨੂੰ ਬਿਜਲੀ ਦੇ 200 ਯੂਨਿਟ ਮੁਫਤ ਦੇਣ ਦਾ ਜ਼ਿਕਰ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਇਹ ਦੋਵੇਂ ਆਪਣੇ ਆਪ ਵਿੱਚ ਵਿਲੱਖਣ ਸਕੀਮਾਂ ਹਨ ਅਤੇ ਦੇਸ਼ ਭਰ ਵਿੱਚ ਸਿਰਫ਼ ਪੰਜਾਬ ਵਿੱਚ ਹੀ ਲਾਗੂ ਹਨ। ਲੋਕਾਂ ਨੂੰ ਇਲਾਜ ਵਾਸਤੇ ਵਧੀਆ ਅਤੇ ਸਸਤੀਆਂ ਡਾਕਟਰੀ ਸਹੂਲਤਾਂ ਮੁਹਈਆ ਕਰਵਾਉਣ ਲਈ ਕੀਤੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋਏ ਸ. ਬਾਦਲ ਨੇ ਕਿਹਾ ਹੈ ਕਿ ਪੰਜਾਬ ਨੂੰ ਕੈਂਸਰ ਤੋਂ ਨਿਜਾਤ ਦਿਵਾਉਣ ਲਈ ਸੂਬਾ ਸਰਕਾਰ ਨੇ ਇਕ ਵਿਆਪਕ ਜੰਗ ਵਿੱਢੀ ਹੋਈ ਹੈ ਅਤੇ ਕੈਂਸਰ ਦੇ ਇਲਾਜ ਨਾਲ ਸਬੰਧਿਤ 118 ਦਿਵਾਈਆਂ ਵਾਜਬ ਕੀਮਤਾਂ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹਰ ਕੈਂਸਰ ਪੀੜਤ ਨੂੰ ਡੇਢ ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਵਿੱਚੋਂ ਦਿੱਤੀ ਜਾਂਦੀ ਹੈ।ਇਸ ਬਿਮਾਰੀ ਨੂੰ ਵੱਡੀ ਪੱਧਰ ਤੇ ਨੱਥ ਪਾਉਣ ਲਈ ਪ੍ਰਮੁੱਖ ਹਸਪਤਾਲਾਂ ਵਿੱਚ ਐਡਵਾਂਸ ਕੈਂਸਰ ਟਰੀਟਮੈਂਟ ਸੁਵਿਧਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਬਠਿੰਡਾ ਸਣੇ ਸੂਬੇ ਦੇ ਵੱਖ ਵੱਖ ਖੇਤਰਾਂ ਵਿੱਚ ਕੈਂਸਰ ਹਸਪਤਾਲ ਖੋਲੇ ਗਏ ਹਨ। ਉਨਾਂ ਕਿਹਾ ਕਿ ਕੈਂਸਰ ਤੋਂ ਇਲਾਵਾ ਹੈਪੇਟਾਈਟਸ-ਸੀ ਦਾ ਇਲਾਜ ਵੀ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾ ਰਿਹਾ ਹੈ। ਇਸ ਕਰਕੇ ਹੀ ਭਾਰਤ ਸਰਕਾਰ ਨੇ ਸਿਹਤ ਬੁਨਿਆਦੀ ਢਾਂਚੇ ਵਿੱਚ ਪੰਜਾਬ ਨੂੰ ਸਰਵੋਤਮ ਦਰਜਾ ਦਿੱਤਾ ਹੈ।
ਲੋਕਾਂ ਨੂੰ ਸਿਆਸੀ ਫੈਸਲਾ ਲੈਂਦੇ ਹੋਏ ਆਪਣੇ ਹਿੱਤਾਂ ਨੂੰ ਧਿਆਨ ਵਿੱਚ ਰੱਖਣ ਦੀ ਅਪੀਲ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਅਨੁਸੂਚਿਤ ਜਾਤਾਂ ਅਤੇ ਪਛੜੀਆਂ ਸ੍ਰੇਣੀਆਂ ਲਈ 200 ਯੂਨਿਟ ਬਿਜਲੀ ਦੀ ਮੁਫਤ ਦੇਣ ਤੋਂ ਇਲਾਵਾ ਕਿਸਾਨਾਂ ਦੇ ਟਿਊਬਵੈਲਾਂ ਲਈ ਤਕਰੀਬਨ 5000 ਕਰੋੜ ਦੀ ਸਲਾਨਾ ਸਬਸਿਡੀ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਹੁਣ ਕਿਸਾਨਾਂ ਲਈ ਬਿਨਾ ਵਿਆਜ ਤੋਂ 50,000 ਰੁਪਏ ਦੀ ਕਰਜ਼ੇ ਦੀ ਵਿਵਸਥਾ ਕਰਨ ਤੋਂ ਇਲਾਵਾ ਕਿਸਾਨਾਂ, ਨੀਲੇ ਕਾਰਡ ਧਾਰਕਾਂ, ਵਪਾਰੀਆਂ ਅਤੇ ਉਸਾਰੀ ਕਿਰਤੀਆਂ ਦੇ ਵਾਸਤੇ 50, 000 ਰੁਪਏ ਤੱਕ ਦੇ ਇਲਾਜ ਦਾ ਮੁਫ਼ਤ ਪ੍ਰਬੰਧ ਵੀ ਕੀਤਾ ਹੈ। ਪਰਿਵਾਰ ਦੇ ਮੁਖੀ ਦੀ ਹਾਦਸੇ ਵਿੱਚ ਮੌਤ ਹੋ ਜਾਣ ਜਾਂ ਪੂਰੀ ਤਰਾਂ ਨਿਕਾਰਾ ਹੋ ਜਾਣ ਲਈ ਵੀ ਪੰਜ ਲੱਖ ਦੇ ਬੀਮੇ ਦੀ ਵਿਵਸਥਾ ਕੀਤੀ ਹੈ। ਸਮਾਜਿਕ ਸੁਰੱਖਿਆ ਦੇ ਹੇਠ ਦਿੱਤੀਆਂ ਜਾਂਦੀਆਂ ਪੈਨਸ਼ਨਾਂ ਦੀ ਰਾਸ਼ੀ 250 ਰੁਪਏ ਪ੍ਰਤੀ ਮਹੀਨੀ ਤੋਂ ਵਧਾ ਕੇ 500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ।
ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਐਸ.ਵਾਈ ਐਲ. ਨਹਿਰ ਦੇ ਮਾਮਲੇ ‘ਤੇ ਅੱਜ ਤੱਕ ਨਿਭਾਈ ਭੂਮਿਕਾ ਦਾ ਜ਼ਿਕਰ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਵੱਖਰੇ-ਵੱਖਰੇ ਸਮੇਂ ‘ਤੇ ਪਾਣੀਆਂ ਦੇ ਸਮਝੌਤੇ ਕਰਕੇ ਪੰਜਾਬ ਤੋਂ ਉਸਦਾ ਪਾਣੀ ਖੋਹਣ ਦੇ ਮਨਸੂਬੇ ਘੜੇ ਸਨ। ਉਨਾਂ ਕਿਹਾ ਕਿ ਹਰਿਆਣਾ, ਰਾਜਸਥਾਨ ਅਤੇ ਹੋਰ ਕਿਸੇ ਸੂਬੇ ਦਾ ਪੰਜਾਬ ਦੇ ਪਾਣੀ ਤੇ ਕੋਈ ਵੀ ਹੱਕ ਨਹੀਂ ਹੈ ਪਰ ਕਾਂਗਰਸ ਨੇ ਗੈਰ ਕਾਨੂੰਨੀ ਢੰਗ ਨਾਲ ਪੰਜਾਬ ਦਾ ਪਾਣੀ ਇਨਾਂ ਨੂੰ ਦਿੱਤਾ। ਉਨਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਵੀ ਇਸੇ ਰਾਹ ਤੁਰ ਪਈ ਹੈ। ਉਨਾਂ ਕਿਹਾ ਕਿ ਜੇ ਇਹ ਮਨਸੁਬਾ ਕਾਮਯਾਬ ਹੋ ਗਿਆ ਤਾਂ ਸੂਬੇ ਦਾ ਅੱਧਾ ਪਾਣੀ ਦੂਸਰੇ ਸੂਬਿਆਂ ਨੂੰ ਚਲਾ ਜਾਵੇਗਾ ਪਰ ਅਕਾਲੀ ਦਲ ਇਨਾਂ ਕੋਸ਼ਸ਼ਾਂ ਨੂੰ ਕਦੀ ਵੀ ਸਫਲ ਨਹੀਂ ਹੋਣ ਦੇਵੇਗੀ। ਉਨਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਮਿਲ ਕੇ ਸੂਬੇ ਦੇ ਹਿੱਤਾਂ ਨੂੰ ਢਾਹ ਲਾਉਣ ਦਾ ਹਰ ਯਤਨ ਕਰ ਰਹੀਆਂ ਹਨ।
ਕੋਟ ਧਰਮੂ ਵਿਖੇ ਪੱਤਰਕਾਰਾਂ ਵੱਲੋਂ ਕੱਚੇ ਸਰਕਾਰੀ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਇਹ ਮਾਮਲਾ ਸਰਕਾਰ ਦੇ ਵਿਚਾਰ ਅਧੀਨ ਹੈ ਅਤੇ ਇਸ ਦਾ ਅਧਿਐਨ ਕਰਨ ਲਈ ਉਪ ਮੁੱਖ ਮੰਤਰੀ ਦੀ ਅਗਵਾਈ ਵਿੱਚ ਇੱਕ ਉਚ ਪੱਧਰੀ ਕਮੇਟੀ ਬਣਾਈ ਗਈ ਹੈ ਜੋ ਸਾਰੇ ਵਿਭਾਗਾਂ ਤੋਂ ਜਾਣਕਾਰੀ ਹਾਸਲ ਕਰਕੇ ਇਸ ਮਾਮਲੇ ਨੂੰ ਵਿਚਾਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੀ ਸਰਕਾਰ ਆਉਣ ‘ਤੇ ਲੋਕਲ ਬਾਡੀਜ਼ ਦੇ ਕੱਚੇ ਮੁਲਾਜ਼ਮ ਪੱਕੇ ਕਰਨ ਬਾਰੇ ਪੁੱਛੇ ਜਾਣ ‘ਤੇ ਸ. ਬਾਦਲ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਰਾਜ ਵੇਲੇ ਤਾਂ ਮੁਲਾਜਮਾਂ ਦੀ ਕੋਈ ਭਰਤੀ ਨਹੀਂ ਕੀਤੀ ਸਗੋਂ ਇਸ ਨੇ ਕਿਸਾਨਾਂ ਦੇ ਟਿਊਬਵੈਲਾਂ ‘ਤੇ ਬਿੱਲ ਵੀ ਲਾ ਦਿੱਤੇ ਸਨ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੱਤਾ ਵਿੱਚ ਆਉਣ ਲਈ ਲੋਕਾਂ ਨੂੰ ਗੁੰਮਰਾਹ ਕਰਨ ਦਾ ਹਰ ਯਤਨ ਕਰ ਰਿਹਾ ਹੈ।
ਸੰਗਤ ਦਰਸ਼ਨ ਦੀ ਮਹੱਤਤਾ ਦਾ ਜਿਕਰ ਕਰਦੇ ਹੋਏ ਸ. ਬਾਦਲ ਨੇ ਕਿਹਾ ਸੰਗਤ ਦਰਸ਼ਨ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਇੱਕ ਵਧੀਆ ਤਰੀਕਾ ਹੈ। ਉਨਾਂ ਕਿਹਾ ਕਿ ਡਾਕਟਰਾਂ ਨੇ ਉਨਾਂ ਨੂੰ ਜ਼ਿਆਦਾ ਕੰਮ ਨਾ ਕਰਨ ਦੀ ਸਲਾਹ ਦਿੱਤੀ ਹੈ ਪਰ ਉਹ ਆਪਣੇ ਆਖਰੀ ਸਾਹਾਂ ਤੱਕ ਲੋਕਾਂ ਦੇ ਵਿੱਚ ਰਹਿ ਕੇ ਉਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਯਤਨ ਕਰਦੇ ਰਹਿਣਗੇ। ਉਨਾਂ ਕਿਹਾ ਕਿ ਉਹ ਅੱਜ ਜੋ ਵੀ ਹਨ ਉਹ ਸੂਬੇ ਦੇ ਲੋਕਾਂ ਦੇ ਪਿਆਰ ਦੇ ਕਾਰਨ ਹੀ ਹਨ ਅਤੇ ਇਸ ਕਰਕੇ ਉਨਾਂ ਤੋਂ ਦੂਰ ਰਹਿਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਮੁੱਖ ਮੰਤਰੀ ਨੇ ਅੱਜ ਝੁਨੀਰ, ਕੋਟ ਧਰਮੂ, ਨੰਗਲ ਕਲਾਂ, ਮੂਸਾ ਅਤੇ ਬਹਿਣੀਵਾਲ ਵਿੱਚ ਸੰਗਤ ਦਰਸ਼ਨ ਕਰਕੇ ਚਾਰ ਦਰਜਨ ਦੇ ਕਰੀਬ ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ 5 ਕਰੋੜ 60 ਲੱਖ ਰੁਪਏ ਦੀ ਗ੍ਰਾਂਟ ਤਕਸੀਮ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਹਲਕਾ ਵਿਧਾਇਕ ਬੁਢਲਾਡਾ ਸ਼੍ਰੀ ਚਤਿੰਨ ਸਿੰਘ ਸਮਾਓ, ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੁਮਾਰ ਅਮਿਤ, ਮਾਨਸਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਐਸ.ਪੀ. ਸ਼੍ਰੀ ਮੁਖਵਿੰਦਰ ਸਿੰਘ ਭੁੱਲਰ, ਚੇਅਰਮੈਨ ਪਨਸੀਡ ਪੰਜਾਬ ਸ਼੍ਰੀ ਸੁਖਵਿੰਦਰ ਸਿੰਘ ਔਲਖ, ਚੇਅਰਮੈਨ ਜ਼ਿਲਾ ਪ੍ਰੀਸ਼ਦ ਸ਼੍ਰੀ ਸੁਖਦੇਵ ਸਿੰਘ ਚੈਨੇਵਾਲਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਹਰਿੰਦਰ ਸਿੰਘ ਸਰਾ, ਸਾਬਕਾ ਵਿਧਾਇਕ ਸ਼੍ਰੀ ਹਰਬੰਸ ਸਿੰਘ ਦਾਤੇਵਾਸ, ਹਲਕਾ ਇੰਚਾਰਜ ਸਰਦੂਲਗੜ ਸ਼੍ਰੀ ਦਿਲਰਾਜ ਸਿੰਘ ਭੂੰਦੜ, ਜ਼ਿਲਾ ਪ੍ਰਧਾਨ ਯੂਥ ਅਕਾਲੀ ਦਲ (ਦਿਹਾਤੀ) ਸ਼੍ਰੀ ਅਵਤਾਰ ਸਿੰਘ ਰਾੜਾ, ਚੇਅਰਮੈਨ ਮਾਰਕਿਟ ਕਮੇਟੀ ਸਰਦੂਲਗੜ ਸ਼੍ਰੀ ਜਗਦੀਪ ਸਿੰਘ ਢਿੱਲੋਂ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਸ਼੍ਰੀ ਰੱਛਪਾਲ ਸਿੰਘ, ਜ਼ਿਲਾ ਕੋਆਰਡੀਨੇਟਰ ਬਰਨਾਲਾ ਸ਼੍ਰੀ ਗੁਰਪ੍ਰੀਤ ਸਿੰਘ ਬਣਾਵਾਲੀ, ਜ਼ਿਲਾ ਪ੍ਰਧਾਨ ਇਸਤਰੀ ਵਿੰਗ ਮੈਡਮ ਸਿਮਰਜੀਤ ਕੌਰ ਸਿੰਮੀ, ਸ਼੍ਰੀਮਤੀ ਚਿਤਵੰਤ ਕੌਰ, ਸ਼੍ਰੀਮਤੀ ਸੂਰਜ ਕੌਰ ਖ਼ਿਆਲਾ, ਸ਼੍ਰੀ ਰੇਸ਼ਮ ਸਿੰਘ ਬਣਾਵਾਲੀ ਅਤੇ ਸ਼੍ਰੀ ਹੰਸਾ ਸਿੰਘ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: