ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਦੀ ਗਾਥਾ : ਗਿ. ਹਰਪ੍ਰੀਤ ਸਿੰਘ

ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਦੀ ਗਾਥਾ : ਗਿ. ਹਰਪ੍ਰੀਤ ਸਿੰਘ

ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ‘ਚ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਗੁਰਮਤਿ ਸਮਾਗਮ
– ਸਾਰਾਗੜ੍ਹੀ ਦੇ ਸ਼ਹੀਦ ਸਿੱਖ ਕੌਮ ਦੇ ਨਾਇਕ : ਭਾਈ ਚਾਵਲਾ

ਫਿਰੋਜ਼ਪੁਰ : ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਗੁਰੂਸਰ ਜ਼ਾਮਨੀ ਸਾਹਿਬ ਬਜੀਦਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।
ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ ਨੇ ਸੰਗਤ ਨੂੰ ਕੀਰਤਨ ਸਰਵਣ ਕਰਵਾਇਆ, ਉਥੇ ਗ੍ਰੰਥੀ ਸਿੰਘ ਮਾਨ ਸਿੰਘ ਤੇ ਗਿਆਨੀ ਜਸਵੰਤ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ।
ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਦਾ ਸਮੁੱਚਾ ਇਤਿਹਾਸ ਕੁਰਬਾਨੀਆਂ ਦੀ ਵਿਲੱਖਣ ਗਾਥਾ ਹੈ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ 21 ਸਿੱਖ ਫ਼ੌਜੀਆਂ ਵੱਲੋਂ ਹਜ਼ਾਰਾਂ ਦੀ ਗਿਣਤੀ ਵਿਚ ਦੁਸ਼ਮਣਾਂ ਦਾ ਦਲੇਰੀ ਨਾਲ ਮੁਕਾਬਲਾ ਕਰ ਕੇ ਆਪਣੇ ਇਤਿਹਾਸ ਨੂੰ ਇਕ ਵਾਰ ਫਿਰ ਦੁਹਰਾ ਕੇ ਦਰਸਾ ਦਿੱਤਾ ਕਿ ਸਿੱਖ ਮੈਦਾਨੇ ਜੰਗ ਵਿਚੋਂ ਕਦੀ ਵੀ ਪਿੱਛੇ ਨਹੀਂ ਹਟਦੇ। ਉਨ੍ਹਾਂ ਆਖਿਆ ਕਿ ਆਪਣੇ ਇਸ ਸ਼ਾਨਾਮੱਤੇ ਇਤਿਹਾਸ ਨੂੰ ਨੌਜਵਾਨ ਪੀੜ੍ਹੀ ਤਕ ਲੈ ਕੇ ਜਾਣਾ ਸਮੇਂ ਦੀ ਮੁੱਖ ਲੋੜ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀਆਂ ਦੀ ਯਾਦ ਵਿਚ ਕਰਵਾਏ ਗਏ ਸਮਾਗਮ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਬਾਰੇ ਜ਼ਰੂਰ ਪ੍ਰੇਰਨਾ ਮਿਲੇਗੀ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਸਾਰਾਗੜ੍ਹੀ ਦੇ ਮਹਾਨ ਸ਼ਹੀਦ ਸਿੱਖ ਕੌਮ ਦੇ ਮਹਾਨਾਇਕ ਹਨ ਜਿਨ੍ਹਾਂ ਦੀ ਵਿਲੱਖਣ ਗਾਥਾ ਨੂੰ ਨੌਜਵਾਨ ਪੀੜ੍ਹੀ ਤਕ ਲਿਜਾਣ ਲਈ ਸ਼੍ਰੋਮਣੀ ਕਮੇਟੀ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ ਦਰਬਾਰ ਸਾਹਿਬ, ਅੰਮਿ੍ਰਤਸਰ ਦੇ ਸਾਰਾਗੜ੍ਹੀ ਨਿਵਾਸ ਵਿਖੇ ਬਣਾਈ ਗਈ ਇਕ ਵਿਸ਼ੇਸ਼ ਗੈਲਰੀ ਦਾ ਉਦਾਘਟਨ 10 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਕੀਤਾ ਗਿਆ ਹੈ ਅਤੇ ਅਜਿਹੇ ਯਤਨ ਲਗਾਤਾਰ ਜਾਰੀ ਰਹਿਣਗੇ।
ਇਸ ਮੌਕੇ ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਨੂੰ ਕੁਰਬਾਨੀ ਦਾ ਜਜ਼ਬਾ ਆਪਣੀ ਵਿਰਾਸਤ ਵਿੱਚੋਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਕੌਮ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਆਪਣੇ ਮਹਾਨ ਸ਼ਹੀਦਾਂ ਦੇ ਇਤਿਹਾਸ ਨਾਲ ਜੋੜਿਆ ਜਾਵੇ, ਇਸ ਕਾਰਜ ਲਈ ਸਿੱਖ ਸੰਸਥਾਵਾਂ ਅਤੇ ਮਾਪਿਆਂ ਨੂੰ ਰਲ ਕੇ ਯਤਨ ਕਰਨੇ ਹੋਣਗੇ।

Share Button

Leave a Reply

Your email address will not be published. Required fields are marked *

%d bloggers like this: