ਮਾਨਸੂਨ ਸੈਸ਼ਨ ਦਾ ਪਹਿਲਾ ਦਿਨ ਸ਼ਰਧਾਂਜਲੀਆਂ ਦੀ ਭੇਟ

ਮਾਨਸੂਨ ਸੈਸ਼ਨ ਦਾ ਪਹਿਲਾ ਦਿਨ ਸ਼ਰਧਾਂਜਲੀਆਂ ਦੀ ਭੇਟ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਵਿਛੜੇ ਆਗੂਆਂ ਨੂੰ ਸ਼ਰਧਾਂਜਲੀਆ ਭੇਟ ਕੀਤੀਆਂ ਗਈਆਂ। ਸ਼ੁੱਕਰਵਾਰ ਨੂੰ ਸ਼ੁਰੂ ਹੋਇਆ ਇਹ ਸੈਸ਼ਨ ਤਿੰਨ ਦਿਨ ਚੱਲੇਗਾ। ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ, ਲੋਕ ਸਭਾ ਦੇ ਸਾਬਕਾ ਸਪੀਕਰ ਸੋਮਨਾਥ ਚੈਟਰਜੀ ਸਣੇ ਹੋਰਨਾਂ ਵਿਛੜੀਆਂ ਉੱਘੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜੋ ਵਿਧਾਨ ਸਭਾ ਦੇ ਪਿਛਲੇ ਸਮਾਗਮ ਤੋਂ ਬਾਅਦ ਵਿਛੋੜਾ ਦੇ ਗਈਆਂ ਹਨ। ਵਿਧਾਨ ਸਭਾ ਦੇ ਮਾਨਸੂਨ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ, ਸਿਆਸਤਦਾਨਾਂ ਅਤੇ ਹੋਰ ਉੱਘੀਆਂ ਸ਼ਖਸ਼ੀਅਤਾਂ ਦੇ ਨਾਲ-ਨਾਲ ਆਪਣੀ ਜਾਨ ਨਿਸ਼ਵਰ ਕਰਨ ਵਾਲੇ ਫੌਜੀਆਂ ਨੂੰ ਵੀ 2 ਮਿੰਟ ਦਾ ਮੌਨ ਰੱਖ ਕੇ ਸਤਿਕਾਰ ਵਜੋਂ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਵਾਜਪਾਈ ਅਤੇ ਸ੍ਰੀ ਸੋਮਨਾਥ ਚੈਟਰਜੀ ਤੋਂ ਇਲਾਵਾ ਸਦਨ ਨੇ ਸਾਬਕਾ ਡਿਪਟੀ ਉਪ ਮੁੱਖ ਮੰਤਰੀ ਬਲਰਾਮਜੀ ਦਾਸ ਟੰਡਨ, ਸਾਬਕਾ ਮੰਤਰੀ ਸੁਰਿੰਦਰ ਸਿੰਗਲਾ, ਸਾਬਕਾ ਵਿਧਾਇਕ ਜੋਗਿੰਦਰ ਨਾਥ, ਕੁਲਦੀਪ ਸਿੰਘ ਵਡਾਲਾ ਅਤੇ ਉੱਘੇ ਪੱਤਰਕਾਰ ਕੁਲਦੀਮ ਨਈਅਰ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ।
ਆਜ਼ਾਦੀ ਘੁਲਾਟੀਆਂ ਓਮ ਪ੍ਰਕਾਸ਼ ਸ਼ਰਮਾ, ਹਜ਼ਾਰਾ ਸਿੰਘ, ਮਹਿਲ ਸਿੰਘ, ਦਰਸ਼ਨ ਸਿੰਘ, ਮਿਲਖਾ ਸਿੰਘ, ਚਮਨ ਲਾਲ, ਬਖਸ਼ੀਸ਼ ਸਿੰਘ, ਗੁਰਬਖਸ਼ ਸਿੰਘ ਅਤੇ ਬਚਿੱਤਰ ਸਿੰਘ ਨੂੰ ਵੀ ਭਰਪੂਰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਪਿਛਲੇ ਸਮਾਗਮ ਦੌਰਾਨ ਵਿਛੜੀਆਂ ਸਾਰੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਪ੍ਰਸਤਾਵ ਕੀਤਾ। 17 ਉੱਘੀਆਂ ਸ਼ਖਸੀਅਤਾਂ ਦਾ ਵਿਵਰਣ ਦਿੱਤੇ ਜਾਣ ਤੋਂ ਬਾਅਦ ਉਨ੍ਹਾ ਸਦਨ ਵੱਲੋਂ ਸ਼ੋਕ ਪ੍ਰਗਟਾਏ ਜਾਣ ਦਾ ਮਤਾ ਪਾਸ ਕਰ ਦਿੱਤਾ। ਇਹ ਮਤਾ ਜ਼ਬਾਨੀ ਵੋਟ ਰਾਹੀਂ ਪਾਸ ਕੀਤਾ ਗਿਆ।
ਸੁਨਾਮ ਦੇ ਵਿਧਾਇਕ ਅਮਨ ਅਰੋੜਾ ਦੀ ਬੇਨਤੀ ‘ਤੇ ਸੰਗਰੂਰ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਏ ਜੰਗੀਰ ਸਿੰਘ ਸੁਤੰਤਰ ਦਾ ਨਾਂਅ ਸ਼ਰਧਾਂਜਲੀ ਵਾਲੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ। ਦਿਹਾਤੀ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਦਖਲ ‘ਤੇ ਸਪੀਕਰ ਨੇ ਅਮਰੀਕਾ ਵਿੱਚ ਨਫ਼ਰਤੀ ਅਪਰਾਧ ਦੇ ਸ਼ਿਕਾਰ ਹੋਏ ਤਿਰਲੋਕ ਸਿੰਘ ਦਾ ਨਾਂਅ ਵੀ ਇਸ ਸੂਚੀ ਵਿੱਚ ਸ਼ਾਮਲ ਕਰ ਲਿਆ। ਸਪੀਕਰ ਨੇ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਵਾਸਤੇ ਆਪਣਾ ਬਲੀਦਾਨ ਦੇਣ ਵਾਲੇ ਫੌਜ ਅਤੇ ਨੀਮ ਫੌਜੀ ਬਲਾਂ ਦੇ ਸਾਰੇ ਫੌਜੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਬੇਨਤੀ ਨੂੰ ਵੀ ਪ੍ਰਵਾਨ ਕਰ ਲਿਆ।

Share Button

Leave a Reply

Your email address will not be published. Required fields are marked *

%d bloggers like this: